ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ: ਹਾਈਕੋਰਟ ਵਲੋਂ ਕੇਂਦਰ ਦੀ ਤਰਜ਼ ‘ਤੇ DA ਦੇਣ ਦੇ ਹੁਕਮ
ਚੰਡੀਗੜ੍ਹ, 4 ਅਗਸਤ 2026-
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ (6th Punjab Pay Commission) ਦੀਆਂ ਸਿਫ਼ਾਰਸ਼ਾਂ ਅਨੁਸਾਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਦੀ ਤਰਜ਼ ‘ਤੇ ਹੀ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ।
ਹਾਈ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ PSPCL ਕੇਂਦਰੀ ਪੈਟਰਨ ‘ਤੇ ਬਣਦੀਆਂ DA/DR ਦੀਆਂ ਬਕਾਇਆ ਕਿਸ਼ਤਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦੇ। ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਬਕਾਏ (Arrears) ਨੂੰ 5 ਸਾਲਾਂ ਵਿੱਚ 42 ਤਰ੍ਹਾਂ ਦੀਆਂ ਕਿਸ਼ਤਾਂ ਵਿੱਚ ਵੰਡ ਕੇ ਦੇਣ ਵਾਲੀ ਯੋਜਨਾ (Liquidation Plan dated 18.02.2025) ਨੂੰ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ ਦਾ ਅਧਿਕਾਰ) ਦੀ ਉਲੰਘਣਾ ਮੰਨਦਿਆਂ ਖਾਰਜ ਕਰ ਦਿੱਤਾ ਗਿਆ।
ਅਦਾਲਤ ਨੇ ਪੈਨਸ਼ਨਰਾਂ ਨੂੰ ਉਮਰ (75 ਸਾਲ, 85 ਸਾਲ ਆਦਿ) ਦੇ ਆਧਾਰ ‘ਤੇ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡ ਕੇ ਬਕਾਇਆ ਦੇਣ ਦੀ ਨੀਤੀ ਨੂੰ ਗਲਤ ਕਰਾਰ ਦਿੱਤਾ ਅਤੇ ਕਿਹਾ ਕਿ ਮਹਿੰਗਾਈ ਦੀ ਮਾਰ ਸਾਰੇ ਸੇਵਾਮੁਕਤ ਕਰਮਚਾਰੀਆਂ ‘ਤੇ ਬਰਾਬਰ ਪੈਂਦੀ ਹੈ।
6ਵੇਂ ਪੰਜਾਬ ਤਨਖਾਹ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ (AICPI) ਦੇ ਆਧਾਰ ‘ਤੇ ਕੇਂਦਰ ਸਰਕਾਰ ਦੇ ਪੈਟਰਨ ‘ਤੇ ਹੀ DA/DR ਦੇਣ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਸੀ। ਪਰ ਬਾਅਦ ਵਿੱਚ ਵਿੱਤੀ ਤੰਗੀ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਇਨ੍ਹਾਂ ਕਿਸ਼ਤਾਂ ਦੇ ਭੁਗਤਾਨ ਨੂੰ ਲਟਕਾ ਦਿੱਤਾ ਸੀ ਅਤੇ ਬਕਾਏ ਚੁਕਾਉਣ ਲਈ ਲੰਬੇ ਸਮੇਂ ਦਾ ‘ਲਿਕਵਿਡੇਸ਼ਨ ਪਲਾਨ’ ਤਿਆਰ ਕੀਤਾ ਸੀ।
ਪੰਜਾਬ ਸਰਕਾਰ ਅਤੇ PSPCL ਦੀਆਂ ਅਪੀਲਾਂ (LPA-1437-2026 ਅਤੇ ਹੋਰ ਕੇਸ) ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਿੰਗਲ ਜੱਜ ਦੇ ਫੈਸਲੇ ਨੂੰ ਬਕਰਾਰ ਰੱਖਿਆ ਅਤੇ ਸਰਕਾਰ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਸੰਵਿਧਾਨਕ ਅਤੇ ਕਾਨੂੰਨੀ ਹੱਕ ਹੈ, ਜਿਸ ਨੂੰ ਵਿੱਤੀ ਘਾਟੇ ਦਾ ਬਹਾਨਾ ਬਣਾ ਕੇ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ।
















