ਵੱਡੀ ਖ਼ਬਰ: ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਕਰਮਚਾਰੀਆਂ ਨੇ ਕੀਤਾ ਹੜਤਾਲ ਦਾ ਐਲਾਨ
ਪ੍ਰਾਈਵੇਟਾਈਜ਼ੇਸ਼ਨ ਅਤੇ ਠੇਕੇਦਾਰੀ ਸਿਸਟਮ ਖ਼ਿਲਾਫ਼ PRTC ਮੁਲਾਜ਼ਮਾਂ ਦਾ ਅੰਦੋਲਨ: 16 ਨਵੰਬਰ ਤੋਂ 3 ਦਿਨਾ ਪੰਜਾਬ ਪੱਧਰੀ ਹੜਤਾਲ ਦਾ ਐਲਾਨ- ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੀ ਚੇਤਾਵਨੀ
ਬਰਨਾਲਾ, 10 ਨਵੰਬਰ 2026 – ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬੱਸ ਠੇਕਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੇ ਵਾਅਦਾਖ਼ਿਲਾਫ਼ੀ ਵਾਲੇ ਰਵੱਈਏ ਵਿਰੁੱਧ ਬਰਨਾਲਾ ਵਿਖੇ ਇਕ ਵਿਸ਼ਾਲ ਗੇਟ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਇਕੱਠੇ ਹੋਏ ਸੈਂਕੜੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੇ ਆਉਣ ਵਾਲੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਸੁਖਪਾਲ ਸਿੰਘ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਵਿਭਾਗ ਦੇ ਕੱਚੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਰਾਜ ਵਿੱਚ ਠੇਕੇਦਾਰੀ ਅਤੇ ਆਊਟਸੋਰਸਿੰਗ ਸਿਸਟਮ ਨੂੰ ਮੁਕੰਮਲ ਤੌਰ ‘ਤੇ ਬੰਦ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਪੌਣੇ ਪੰਜ ਸਾਲ ਦਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਗਈ ਹੈ ਅਤੇ ਨਾ ਹੀ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ 2026 ਦਾ ਨਵਾਂ ਐਕਟ ਲਿਆਉਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਗਏ ਸਨ, ਪਰ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।
ਅਧਿਕਾਰੀਆਂ ਦੇ ਮੇਜ਼ਾਂ ‘ਤੇ ਮੁਲਾਜ਼ਮਾਂ ਦੇ ਹੱਕਾਂ ਦੀਆਂ ਫ਼ਾਈਲਾਂ ਧੂੜ ਫਾਂਟ ਰਹੀਆਂ ਹਨ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਵੀ ਨਹੀਂ ਲਿਆਂਦਾ ਗਿਆ। ਸਰਕਾਰ ਦੀ ਇਸ ਨਾਕਾਮੀ ਅਤੇ ਬੇਰੁਖ਼ੀ ਕਾਰਨ ਇਸ ਵਾਰ ਟਰਾਂਸਪੋਰਟ ਮੁਲਾਜ਼ਮਾਂ ਦੀ ਦੀਵਾਲੀ ਵੀ ਬੇਹੱਦ ਫ਼ਿੱਕੀ ਰਹੀ ਹੈ, ਜਿਸ ਨਾਲ ਕਰਮਚਾਰੀਆਂ ਵਿੱਚ ਬਹੁਤ ਗਹਿਰਾ ਰੋਸ ਫੈਲਿਆ ਹੋਇਆ ਹੈ।
ਟਰਾਂਸਪੋਰਟ ਵਿਭਾਗ ਦੀ ਮੌਜੂਦਾ ਬਦਹਾਲੀ ‘ਤੇ ਬੋਲਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਭਾਗ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਨਹੀਂ ਕੀਤੀਆਂ ਜਾ ਰਹੀਆਂ। ਡਿਪੂਆਂ ਵਿੱਚ ਜੋ ਮਿਨੀ ਬੱਸਾਂ ਭੇਜੀਆਂ ਵੀ ਗਈਆਂ ਹਨ, ਉਹ ਬਿਨਾਂ ਨੰਬਰ ਪਲੇਟਾਂ ਦੇ ਖੜ੍ਹੀਆਂ-ਖੜ੍ਹੀਆਂ ਕਬਾੜ ਬਣ ਰਹੀਆਂ ਹਨ। ਸਰਕਾਰੀ ਟਰਾਂਸਪੋਰਟ ਨੂੰ ਬਚਾਉਣ ਦੀ ਥਾਂ ਸਰਕਾਰ ਇਸ ਨੂੰ ਤਬਾਹੀ ਦੇ ਕੰਢੇ ਧੱਕ ਰਹੀ ਹੈ।
ਮੀਡੀਆ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਯੂਨੀਅਨ ਨੇ ਆਪਣੇ ਅਗਲੇ ਤਿੱਖੇ ਅੰਦੋਲਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 14 ਅਤੇ 15 ਨਵੰਬਰ ਨੂੰ ‘ਠੇਕਾ ਮੋਰਚਾ ਪੰਜਾਬ’ ਦੇ ਬੈਨਰ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਵਿੱਚ ਜਾ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਖੁੱਲ੍ਹ ਕੇ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ 16 ਨਵੰਬਰ ਤੋਂ ਟਰਾਂਸਪੋਰਟ ਵਿਭਾਗ ਦੇ ਸਮੁੱਚੇ ਕੱਚੇ ਕਰਮਚਾਰੀਆਂ ਵੱਲੋਂ 3 ਦਿਨਾਂ ਦੀ ਪੰਜਾਬ ਪੱਧਰੀ ਪੂਰਨ ਹੜਤਾਲ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਜਲਦ ਤੋਂ ਜਲਦ ਆਪਣੇ ਚੋਣ ਵਾਅਦੇ ਪੂਰੇ ਕਰਦੇ ਹੋਏ ਠੇਕੇਦਾਰੀ ਸਿਸਟਮ ਨੂੰ ਤੁਰੰਤ ਬੰਦ ਕਰੇ ਅਤੇ ਕੱਚੇ ਕਰਮਚਾਰੀਆਂ ਨੂੰ ਵਿਭਾਗ ਵਿੱਚ ਪੱਕਾ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਸੰਘਰਸ਼ ਨੂੰ ਹੋਰ ਵੀ ਉਗਰ ਅਤੇ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
















