ਵੱਡੀ ਖ਼ਬਰ: ਪੰਜਾਬ ‘ਚ ਤਿੰਨ ਦਿਨ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ!
ਬੱਸਾਂ ‘ਚ ਸਫ਼ਰ ਕਰਨ ਵਾਲੇ ਧਿਆਨ ਦੇਣ: ਪੰਜਾਬ ਰੋਡਵੇਜ਼ ਅਤੇ PRTC ਵਰਕਰਾਂ ਨੇ ਖੋਲ੍ਹਿਆ ਮਾਨ ਸਰਕਾਰ ਖ਼ਿਲਾਫ਼ ਮੋਰਚਾ, ਅਗਸਤ ਦੇ ਪਹਿਲੇ ਹਫ਼ਤੇ ਪੂਰੇ ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ
ਲੁਧਿਆਣਾ / ਚੰਡੀਗੜ੍ਹ, 20 ਜੁਲਾਈ 2026- ਜੇਕਰ ਤੁਸੀਂ ਅਗਸਤ ਮਹੀਨੇ ਦੀ ਸ਼ੁਰੂਆਤ ਵਿੱਚ ਪੰਜਾਬ ਰੋਡਵੇਜ਼, ਪਨਬੱਸ ਜਾਂ PRTC ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਪੰਜਾਬ ਰੋਡਵੇਜ਼, ਪਨਬੱਸ/P.R.T.C. ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਵੱਲੋਂ ਆਉਂਦੀ 3, 4 ਅਤੇ 5 ਅਗਸਤ ਨੂੰ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬੱਸ/P.R.T.C. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੀ ਇੱਕ ਮਹੱਤਵਪੂਰਨ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੀਤੀ। ਮੀਟਿੰਗ ਦੌਰਾਨ ਸੂਬੇ ਭਰ ਤੋਂ ਪਹੁੰਚੇ ਯੂਨੀਅਨ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਲਗਾਤਾਰ ਕੀਤੀ ਜਾ ਰਹੀ ਅਣਦੇਖੀ ‘ਤੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟਾਇਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੱਚੇ ਕਰਮਚਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਆਪ ਆਗੂਆਂ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਦਿਆਂ ਹੀ ਠੇਕਾ ਪ੍ਰਣਾਲੀ (ਕੰਟਰੈਕਟ ਸਿਸਟਮ) ਨੂੰ ਮੁਕੰਮਲ ਤੌਰ ‘ਤੇ ਖ਼ਤਮ ਕੀਤਾ ਜਾਵੇਗਾ, ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪੂਰੀ ਤਨਖ਼ਾਹ ਦਿੱਤੀ ਜਾਵੇਗੀ।
ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਦੇ 4 ਸਾਲ ਤੋਂ ਵੀ ਜ਼ਿਆਦਾ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਮੀਟਿੰਗਾਂ ਕਰਨ ਤੱਕ ਹੀ ਸੀਮਤ ਰਹੀ ਹੈ ਅਤੇ ਅਸਲ ਵਿੱਚ ਜ਼ਮੀਨੀ ਪੱਧਰ ‘ਤੇ ਕੋਈ ਹੱਲ ਨਹੀਂ ਕੱਢਿਆ ਗਿਆ।
ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੋਇੰਟ ਸਕੱਤਰ ਜੋਧ ਸਿੰਘ, ਜਲੌਰ ਸਿੰਘ ਅਤੇ ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ‘ਸਪੈਸ਼ਲ ਕੈਡਰ ਪਾਲਿਸੀ’ ਵਰਗੀਆਂ ਨੀਤੀਆਂ ਧੱਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਕੱਚੇ ਕਰਮਚਾਰੀਆਂ ਨਾਲ ਸ਼ਰੇਆਮ ਧੱਕੇਸ਼ਾਹੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਮੁਲਾਜ਼ਮ ਅਜਿਹੀਆਂ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣੀਆਂ ਬੁਨਿਆਦੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ।
ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਹੀ ਉਹਨਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਕੱਢਿਆ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਪੰਜਾਬ ਦੇ ਸਾਰੇ ਬੱਸ ਡਿਪੂਆਂ ‘ਤੇ 27 ਜੁਲਾਈ ਨੂੰ ਵਿਸ਼ਾਲ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਪੂਰੇ ਪੰਜਾਬ ਵਿੱਚ ਤਿੰਨ ਦਿਨਾਂ (3, 4 ਅਤੇ 5 ਅਗਸਤ) ਦੀ ਮੁਕੰਮਲ ਹੜਤਾਲ ਰਹੇਗੀ ਅਤੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ ਘਰਾਂ ਦਾ ਘੇਰਾਓ: ਹੜਤਾਲ ਦੇ ਦਿਨਾਂ ਦੌਰਾਨ ਵਰਕਰਾਂ ਵੱਲੋਂ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।
ਅਗਸਤ ਦੇ ਪਹਿਲੇ ਹਫ਼ਤੇ ਸਰਕਾਰੀ ਬੱਸਾਂ ਦੀ ਹੜਤਾਲ ਦੇ ਫ਼ੈਸਲੇ ਕਾਰਨ ਆਮ ਖ਼ਾਸ ਕਰਕੇ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਔਰਤਾਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਤੁਸੀਂ 3, 4 ਜਾਂ 5 ਅਗਸਤ ਨੂੰ ਸਰਕਾਰੀ ਬੱਸ ਰਾਹੀਂ ਕਿਤੇ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਘਰੋਂ ਸੋਚ-ਸਮਝ ਕੇ ਹੀ ਨਿਕਲੋ ਅਤੇ ਆਪਣੇ ਲਈ ਸਫ਼ਰ ਦੇ ਬਦਲਵੇਂ ਪ੍ਰਬੰਧ ਪਹਿਲਾਂ ਹੀ ਕਰ ਲਵੋ।
















