ਪੰਜਾਬ ‘ਚ ਦੀਵਾਲੀ ਤੋਂ ਪਹਿਲਾਂ ਹੋਈ ਠਾਹ-ਠਾਹ! ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਮਾਰੀਆਂ ਗੋਲੀਆਂ
ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੀ ਕਮੇਟੀ ਦੇ ਮੈਂਬਰ ’ਤੇ ਫਾਇਰਿੰਗ, ਪਿੰਡ ਕਾਲੇਕੇ ’ਚ ਤਣਾਅ; 24 ਘੰਟਿਆਂ ’ਚ ਗ੍ਰਿਫ਼ਤਾਰੀ ਨਾ ਹੋਈ ਤਾਂ ਕਾਂਗਰਸ ਕਰੇਗੀ ਸੰਘਰਸ਼
ਬਰਨਾਲਾ, 7 ਨਵੰਬਰ 2026: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਬਰਨਾਲਾ ਦੇ ਪਿੰਡ ਕਾਲੇਕੇ ਵਿੱਚ ਨਸ਼ਾ ਵਿਰੋਧੀ ਕਮੇਟੀ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਇੱਕ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਮਨਦੀਪ ਸਿੰਘ ਉਰਫ਼ ਅਮਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਦੀ ਪੰਚਾਇਤ, ਸਰਪੰਚ ਅਤੇ ਸਮਾਜਿਕ ਜਥੇਬੰਦੀਆਂ ਨੇ ਮਿਲ ਕੇ ਨਸ਼ਿਆਂ ਦੇ ਖਾਤਮੇ ਲਈ ਕਮੇਟੀ ਬਣਾਈ ਹੋਈ ਹੈ। ਪਿਛਲੇ 15-20 ਦਿਨਾਂ ਤੋਂ ਕਮੇਟੀ ਵੱਲੋਂ ਨਸ਼ਾ ਵੇਚਣ ਅਤੇ ਵਰਤਣ ਵਾਲਿਆਂ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾ ਰਿਹਾ ਸੀ। ਸ਼ਨੀਵਾਰ ਸਵੇਰੇ ਕਰੀਬ ਸਾਢੇ 9 ਵਜੇ ਸੂਚਨਾ ਮਿਲਣ ’ਤੇ ਕਮੇਟੀ ਮੈਂਬਰ ਇੱਕ ਘਰ ਪਹੁੰਚੇ, ਜਿੱਥੇ ਕੁਝ ਨੌਜਵਾਨਾਂ ਵੱਲੋਂ ਚਿੱਟੇ ਦਾ ਸੇਵਨ ਕੀਤੇ ਜਾਣ ਦਾ ਸ਼ੱਕ ਸੀ। ਮੌਕੇ ਤੋਂ ਸਿਲਵਰ ਪੇਪਰ ਅਤੇ ਲਾਈਟਰ ਬਰਾਮਦ ਹੋਏ। ਉੱਥੇ ਮੌਜੂਦ ਇੱਕ ਨੌਜਵਾਨ ਨੂੰ ਕਮੇਟੀ ਨੇ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ, ਜਦਕਿ ਉਸ ਦੇ ਕੁਝ ਸਾਥੀ ਫਰਾਰ ਹੋ ਗਏ।
ਜੇਕਰ 24 ਘੰਟਿਆਂ ‘ਚ ਮੁਲਜ਼ਮ ਗ੍ਰਿਫ਼ਤਾਰ ਨਾ ਹੋਏ ਤਾਂ ਕਾਂਗਰਸ ਸੰਘਰਸ਼ ਸ਼ੁਰੂ ਕਰੇਗੀ- ਵਿਧਾਇਕ ਕਾਲਾ ਢਿੱਲੋਂ
ਕਮੇਟੀ ਮੈਂਬਰਾਂ ਅਨੁਸਾਰ, ਹਮਲਾਵਰਾਂ ਵੱਲੋਂ ਅਮਨ ਦੇ ਘਰ ਜਾ ਕੇ ਫਾਇਰਿੰਗ ਕੀਤੀ ਗਈ। ਸੁਖਚੈਨ ਸਿੰਘ ਚੀਨਾ ਨੇ ਦਾਅਵਾ ਕੀਤਾ ਕਿ ਹਮਲਾਵਰ ਉਸ ਦੇ ਘਰ ਵੱਲ ਵੀ ਆਏ, ਜਿਸ ’ਤੇ ਉਸ ਨੇ ਆਪਣੀ ਸੁਰੱਖਿਆ ਲਈ ਲਾਇਸੈਂਸੀ ਹਥਿਆਰ ਨਾਲ ਹਵਾ ਵਿੱਚ ਫਾਇਰ ਕੀਤੇ। ਹਮਲਾਵਰ ਗੱਡੀ ਵਿੱਚ ਫਰਾਰ ਹੋ ਗਏ। ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਘਟਨਾ ਦੀ ਨਿੰਦਾ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ 24 ਘੰਟਿਆਂ ਵਿੱਚ ਮੁਲਜ਼ਮ ਗ੍ਰਿਫ਼ਤਾਰ ਨਾ ਹੋਏ ਤਾਂ ਕਾਂਗਰਸ ਸੰਘਰਸ਼ ਸ਼ੁਰੂ ਕਰੇਗੀ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਚੁੱਕੇ।
ਉੱਧਰ, ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਜ਼ਖ਼ਮੀ ਅਮਨ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਬਰਨਾਲਾ ਅਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਡੀਐੱਸਪੀ ਰਾਜਿੰਦਰ ਪਾਲ ਸਿੰਘ ਨੇ ਫਾਇਰਿੰਗ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਡਾਕਟਰ ਈਸ਼ਾਨ ਅਨੁਸਾਰ ਜ਼ਖ਼ਮੀ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਸੀਟੀ ਸਕੈਨ ਸਮੇਤ ਹੋਰ ਜਾਂਚਾਂ ਤੋਂ ਬਾਅਦ ਸੱਟ ਦੀ ਸਥਿਤੀ ਸਪੱਸ਼ਟ ਹੋਵੇਗੀ।
















