Join WhatsApp

Join Now

ਵੱਡੀ ਖ਼ਬਰ: ਸੁਖਬੀਰ ਬਾਦਲ ਅਤੇ PM ਮੋਦੀ ਵਿਚਾਲੇ ਅਹਿਮ ਮੀਟਿੰਗ; ਕੀ ਹੋ ਸਕਦੈ ਗੱਠਜੋੜ?

On: ਅਗਸਤ 7, 2026 2:22 ਬਾਃ ਦੁਃ

 

ਵੱਡੀ ਖ਼ਬਰ: ਸੁਖਬੀਰ ਬਾਦਲ ਅਤੇ PM ਮੋਦੀ ਵਿਚਾਲੇ ਅਹਿਮ ਮੀਟਿੰਗ; ਕੀ ਹੋ ਸਕਦੈ ਗੱਠਜੋੜ?

PM ਮੋਦੀ ਨਾਲ ਸੁਖਬੀਰ ਬਾਦਲ ਦੀ ਅਹਿਮ ਬੈਠਕ: ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਚਰਚਾ, ਸਿਆਸੀ ਗਲਿਆਰਿਆਂ ‘ਚ ਹਲਚਲ ਤੇਜ਼

ਨਵੀਂ ਦਿੱਲੀ, 7 ਅਗਸਤ 2026- ਰਾਜਧਾਨੀ ਦਿੱਲੀ ਤੋਂ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਵਿਸ਼ੇਸ਼ ਅਤੇ ਉੱਚ-ਪੱਧਰੀ ਮੁਲਾਕਾਤ ਕੀਤੀ। ਸੰਸਦ ਦੇ ਮੌਜੂਦਾ ਸੈਸ਼ਨ ਦੌਰਾਨ ਹੋਈ ਇਸ ਅਹਿਮ ਬੈਠਕ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੀ ਆਰਥਿਕਤਾ ਅਤੇ ਹੋਰ ਅਹਿਮ ਜਨਤਕ ਮੁੱਦਿਆਂ ’ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਤਰ ਦੱਸਦੇ ਹਨ ਕਿ, ਗੱਠਜੋੜ ਬਾਰੇ ਵੀ ਚਰਚਾ ਇਸ ਮੀਟਿੰਗ ਦੌਰਾਨ ਹੋਈ ਹੋ ਸਕਦੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਕਈ ਗੰਭੀਰ ਮਾਮਲੇ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਖੇਤਰ ਲਈ ਵਿਸ਼ੇਸ਼ ਰਾਹਤ ਪੈਕੇਜ, ਸੂਬੇ ਦੇ ਪਾਣੀਆਂ ਦੇ ਮਸਲੇ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਰਥਿਕ ਮੰਗਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ। ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਦੇਸ਼ ਦੀ ਸੁਰੱਖਿਆ ਅਤੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਬੈਠਕ ਦੌਰਾਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ, ਵਧ ਰਹੇ ਨਸ਼ਿਆਂ ਦੇ ਜਾਲ ਅਤੇ ਨੌਜਵਾਨਾਂ ਦੇ ਪ੍ਰਵਾਸ ਵਰਗੇ ਗੰਭੀਰ ਮੁੱਦਿਆਂ ’ਤੇ ਵੀ ਚਰਚਾ ਹੋਣ ਦੀ ਖ਼ਬਰ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਲਈ ਸਰਹੱਦਾਂ ’ਤੇ ਨਿਗਰਾਨੀ ਹੋਰ ਸਖ਼ਤ ਕੀਤੀ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨ ਲਈ ਕੇਂਦਰੀ ਯੋਜਨਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇ।

ਇਸ ਮੁਲਾਕਾਤ ਨੂੰ ਪੰਜਾਬ ਦੀ ਆਗਾਮੀ ਸਿਆਸਤ ਦੇ ਨਜ਼ਰੀਏ ਤੋਂ ਬਹੁਤ ਹੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਬੈਠਕ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਵਿੱਚ ਦੂਰੀਆਂ ਆ ਗਈਆਂ ਸਨ, ਪਰ ਮੌਜੂਦਾ ਸਥਿਤੀ ਵਿੱਚ ਇਸ ਬੈਠਕ ਨੂੰ ਦੋਵਾਂ ਧਿਰਾਂ ਵਿਚਾਲੇ ਸੰਵਾਦ ਮੁੜ ਸ਼ੁਰੂ ਹੋਣ ਦੇ ਇੱਕ ਵੱਡੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੰਕੇਤ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹੇਗਾ। ਕੇਂਦਰ ਸਰਕਾਰ ਨਾਲ ਨਿਰੰਤਰ ਸੰਪਰਕ ਬਣਾ ਕੇ ਸੂਬੇ ਦੇ ਮਸਲਿਆਂ ਦਾ ਹੱਲ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਇਸ ਬੈਠਕ ਨੇ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਅਕਾਲੀ ਦਲ ਪੰਜਾਬ ਦੀਆਂ ਮੰਗਾਂ ਨੂੰ ਕੇਂਦਰ ਦੇ ਉੱਚ ਪੱਧਰ ‘ਤੇ ਚੁੱਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਸੁਖਬੀਰ ਬਾਦਲ ਦੀ ਇਹ ਮੁਲਾਕਾਤ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡੀਆਂ ਤਬਦੀਲੀਆਂ ਦੀ ਨਿਰਧਾਰਕ ਸਾਬਤ ਹੋ ਸਕਦੀ ਹੈ।

 

Leave a Comment