ਵੱਡੀ ਖ਼ਬਰ: ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਦੀ ਨੌਕਰੀ ‘ਤੇ ਲਟਕੀ ਤਲਵਾਰ! ਸਰਕਾਰ ਨੇ ਜਾਰੀ ਕੀਤਾ ਨਵਾਂ ਫਰਮਾਨ
ਆਊਟਸੋਰਸਿੰਗ ਮੁਲਾਜ਼ਮਾਂ ਨਾਲ ਸਰਾਸਰ ਬੇਇਨਸਾਫ਼ੀ: ਸਰਕਾਰ ਦੇ ਤਾਜ਼ਾ ਹੁਕਮਾਂ ਖ਼ਿਲਾਫ਼ ਜਲ ਸਪਲਾਈ ਤੇ ਸੈਨੀਟੇਸ਼ਨ ਕਾਮਿਆਂ ਨੇ ਖੋਲ੍ਹਿਆ ਮੋਰਚਾ, ਕਲਰਕਾਂ ਨੂੰ ਕੰਟਰੈਕਟ ਤੋਂ ਬਾਹਰ ਰੱਖਣ ਦਾ ਤਿੱਖਾ ਵਿਰੋਧ
10-12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਡਾਟਾ ਐਂਟਰੀ ਆਪਰੇਟਰਾਂ ਦੇ ਭਵਿੱਖ ‘ਤੇ ਲਟਕੀ ਤਲਵਾਰ- ਵਿਭਾਗੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਅਣਗੌਲਿਆ ਕਰਨ ‘ਤੇ ਭੜਕੀ ਯੂਨੀਅਨ, ਮੁੱਖ ਸਕੱਤਰ ਦੇ ਪੱਤਰ ਨੂੰ ਤੁਰੰਤ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ ਬਰਨਾਲਾ, 25 ਨਵੰਬਰ 2026: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਬੀਤੀ 23 ਨਵੰਬਰ 2026 ਨੂੰ ਜਾਰੀ ਕੀਤੇ ਗਏ ਇੱਕ ਤਾਜ਼ਾ ਹੁਕਮ ਨੇ ਸੂਬੇ ਦੇ ਆਊਟਸੋਰਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ‘ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ (ਰਜਿ:)’ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪ੍ਰਸੋਨਲ ਵਿਭਾਗ ਨੇ ਆਪਣੇ ਤਾਜ਼ਾ ਪੱਤਰ ਰਾਹੀਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਲਰਕ ਅਤੇ ਡਾਟਾ ਐਂਟਰੀ ਆਪਰੇਟਰ ਕਾਡਰ ਨੂੰ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜ਼ੀਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ) ਐਕਟ, 2026’ ਅਧੀਨ ਕੰਟਰੈਕਟ ‘ਤੇ ਲੈਣ ਤੋਂ ਅਸਮਰੱਥਾ ਪ੍ਰਗਟਾਈ ਹੈ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਯੂਨੀਅਨ ਆਗੂਆਂ ਨੇ ਸੂਬਾ ਸਰਕਾਰ ਅਤੇ ਮੁੱਖ ਸਕੱਤਰ ਦੇ ਇਸ ਫੈਸਲੇ ਨੂੰ ਮੁਲਾਜ਼ਮ ਵਿਰੋਧੀ ਅਤੇ ਸਰਾਸਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਇੱਕ ਪਾਸੇ ਤਾਂ ਵਿਭਾਗ ਦੀ ਆਪਣੀ ‘ਡਿਪਾਰਟਮੈਂਟ ਕਾਡਰ ਐਲੀਜੀਬਿਲਟੀ ਕਮੇਟੀ’ (ਵਿਭਾਗੀ ਕਾਡਰ ਯੋਗਤਾ ਕਮੇਟੀ) ਨੇ ਸਾਰੇ ਦਸਤਾਵੇਜ਼ਾਂ ਅਤੇ ਤੱਥਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਕਾਮਿਆਂ ਨੂੰ ਉਕਤ ਐਕਟ ਅਧੀਨ ਲਿਆਉਣ ਦੀ ਪੁਰਜ਼ੋਰ ਸਿਫਾਰਸ਼ ਕੀਤੀ ਸੀ।
ਪਰ ਦੂਜੇ ਪਾਸੇ, ਪ੍ਰਸੋਨਲ ਵਿਭਾਗ ਨੇ ਬਿਨਾਂ ਕੋਈ ਠੋਸ ਜਾਂ ਜਾਇਜ਼ ਕਾਰਨ ਦੱਸੇ ਇਸ ਕਾਡਰ ਦੀ ਮੰਗ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਕਦਮ ਪਿਛਲੇ 10 ਤੋਂ 12 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਆਪਣੀ ਜਵਾਨੀ ਰੋਲ ਰਹੇ ਇਨ੍ਹਾਂ ਮਿਹਨਤੀ ਦਫ਼ਤਰੀ ਕਾਮਿਆਂ ਦੇ ਭਵਿੱਖ ਨਾਲ ਇੱਕ ਵੱਡਾ ਧੋਖਾ ਹੈ।
ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਸਪੱਸ਼ਟ ਕੀਤਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਸਮੁੱਚਾ ਦਫ਼ਤਰੀ ਕੰਮ-ਕਾਜ, ਈ-ਆਫਿਸ ਪ੍ਰਣਾਲੀ, ਤਨਖਾਹਾਂ ਤੇ ਹੋਰ ਬਿੱਲਾਂ ਦੀ ਤਿਆਰੀ ਅਤੇ ਸਮੂਹ ਆਨਲਾਈਨ ਪੋਰਟਲਾਂ ਦਾ ਸਾਰਾ ਬੋਝ ਇਨ੍ਹਾਂ ਹੀ ਆਊਟਸੋਰਸ ਕਾਮਿਆਂ (ਡਾਟਾ ਐਂਟਰੀ ਆਪਰੇਟਰਾਂ ਅਤੇ ਕਲਰਕਾਂ) ਦੇ ਮੋਢਿਆਂ ‘ਤੇ ਟਿਕਿਆ ਹੋਇਆ ਹੈ। ਜੇਕਰ ਇਹ ਕਾਮੇ ਕੰਮ ਕਰਨਾ ਬੰਦ ਕਰ ਦੇਣ ਤਾਂ ਵਿਭਾਗ ਦਾ ਸਾਰਾ ਪ੍ਰਸ਼ਾਸਕੀ ਢਾਂਚਾ ਠੱਪ ਹੋ ਕੇ ਰਹਿ ਜਾਵੇਗਾ।
ਆਗੂਆਂ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਇੱਕੋ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨਾਲ ਅਜਿਹੀ ਵਿਤਕਰੇਬਾਜ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮੁੱਖ ਸਕੱਤਰ ਅਤੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਨੰਬਰ 11/24/26-4ਪੀ.ਪੀ.3/612 (ਮਿਤੀ 23.11.2026) ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ।
ਇਸ ਦੇ ਨਾਲ ਹੀ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਸਾਰੇ ਕਲਰਕਾਂ, ਡਾਟਾ ਐਂਟਰੀ ਆਪਰੇਟਰਾਂ ਸਮੇਤ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਕਾਮਿਆਂ ਨੂੰ 2026 ਐਕਟ ਦੀ ਧਾਰਾ 6(3) ਅਧੀਨ ਬਿਨਾਂ ਕਿਸੇ ਦੇਰੀ ਦੇ ਵਿਭਾਗੀ ਕੰਟਰੈਕਟ ‘ਤੇ ਲਿਆ ਜਾਵੇ, ਤਾਂ ਜੋ ਇਨ੍ਹਾਂ ਕਾਮਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਜੇਕਰ ਸਰਕਾਰ ਨੇ ਆਪਣਾ ਇਹ ਮੁਲਾਜ਼ਮ ਮਾਰੂ ਫੈਸਲਾ ਨਾ ਬਦਲਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।
















