ਵੱਡੀ ਖਬਰ ਸੁਖਬੀਰ ਬਾਦਲ ਤੇ ਕਾਤਲਾਨਾ ਹਮਲਾ ਕਰਨ ਵਾਲਾ ਨਿਹੰਗ ਕਾਬੂ
ਨਾਂਦੇੜ ਸਾਹਿਬ, 13 ਅਗਸਤ 2026
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨਾਂ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਪਹੁੰਚੇ ਸਨ।
ਇਸੇ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਅਚਾਨਕ ਹਮਲਾ ਕਰ ਦਿੱਤਾ। ਬਚਾਅ ਕਰਦੇ ਹੋਏ ਸੁਖਬੀਰ ਬਾਦਲ ਦੀ ਬਾਂਹ ‘ਤੇ ਸੱਟ ਲੱਗੀ, ਜਦਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਾਂਦੇੜ ਦੇ ‘ਯਸ਼ੋ ਸਾਈ ਹਸਪਤਾਲ’ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਮੌਕੇ ‘ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਸੰਗਤ ਨੇ ਹਮਲਾਵਰ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਸੂਤਰਾਂ ਅਨੁਸਾਰ ਹਮਲਾਵਰ ਦਾ ਨਾਂ ਜਸਪਾਲ ਸਿੰਘ ਦੱਸਿਆ ਜਾ ਰਿਹਾ ਹੈ, ਹਾਲਾਂਕਿ ਪੁਲੀਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਅਤੇ ਜਾਂਚ ਕੀਤੀ ਜਾ ਰਹੀ ਹੈ। ਚਰਚਾ ਇਹ ਵੀ ਹੈ ਕਿ ਹਮਲਾਵਰ ਨੂੰ ਪੁਲੀਸ ਹਵਾਲੇ ਕਰਨ ਤੋਂ ਪਹਿਲਾਂ ਕੁਝ ਸਾਥੀਆਂ ਵੱਲੋਂ ਕਥਿਤ ਤੌਰ ‘ਤੇ ਹਮਲਾਵਰ ਦਾ ਦਸਤਾਰ ਸਜਾ ਕੇ ਸਨਮਾਨ ਕੀਤਾ ਗਿਆ ਸੀ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਫ਼ੋਨ ‘ਤੇ ਸੁਖਬੀਰ ਬਾਦਲ ਦਾ ਹਾਲ-ਚਾਲ ਪੁੱਛਿਆ ਅਤੇ ਨਾਂਦੇੜ ਪੁਲੀਸ ਨੂੰ ਸਾਜ਼ਿਸ਼ ਬੇਨਕਾਬ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਵੀ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਦੂਜੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਇਸ ਹਮਲੇ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।















