ਵੱਡੀ ਖ਼ਬਰ: ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
ਮੁੱਖ ਮੰਤਰੀ ਦੇ ਦਸੂਆ ਦੌਰੇ ਤੋਂ ਪਹਿਲਾਂ ਕਿਸਾਨ ਆਗੂ ਨਜ਼ਰਬੰਦ; ਟਾਂਡਾ ‘ਚ ਪੁਲਿਸ ਕਾਰਵਾਈ ਖ਼ਿਲਾਫ਼ ਤਿੱਖਾ ਰੋਸ
ਟਾਂਡਾ/ਹੁਸ਼ਿਆਰਪੁਰ, 3 ਮਈ 2026:
ਪੰਜਾਬ ਭਰ ਦੇ ਅੰਦਰ ਕਿਸਾਨਾਂ ਦਾ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਹੈ। ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰੇ ਕਰ ਰਹੇ ਹਨ, ਪਰ ਸਰਕਾਰ ਇਸ ਕਦਰ ਬੌਖ਼ਲਾਹਟ ਵਿੱਚ ਹੈ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ, ਸਰਕਾਰ ਕਿਸਾਨਾਂ ਨੂੰ ਜੇਲ੍ਹ ਦੇ ਅੰਦਰ ਡੱਕ ਰਹੀ ਹੈ।
ਤਾਜ਼ਾ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਦਸੂਆ ਦੇ ਪਿੰਡ ਘੋਗਰਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੱਖੇ ਗਏ ਪ੍ਰੋਗਰਾਮ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਹੋ ਗਿਆ। ਟਾਂਡਾ ਪੁਲਿਸ ਵੱਲੋਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਰੋਕ ਲਿਆ ਗਿਆ ਅਤੇ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜਿਵੇਂ ਹੀ ਇਸ ਕਾਰਵਾਈ ਦੀ ਖ਼ਬਰ ਫੈਲੀ, ਵੱਡੀ ਗਿਣਤੀ ਵਿੱਚ ਕਿਸਾਨ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ।
ਆਪਣੇ ਆਗੂਆਂ ਦੀ ਨਜ਼ਰਬੰਦੀ ਤੋਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉੱਥੇ ਹੀ ਧਰਨਾ ਲਗਾ ਦਿੱਤਾ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ, ਸਰਕਾਰ ਲੋਕਤੰਤਰਕ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਆਪਣੀਆਂ ਮੰਗਾਂ ਰੱਖਣ ਤੋਂ ਰੋਕਿਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਜਿਹੀਆਂ ਦਮਨਕਾਰੀ ਕਾਰਵਾਈਆਂ ਬੰਦ ਨਾ ਕੀਤੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।






