Join WhatsApp

Join Now

ਵੱਡੀ ਖ਼ਬਰ: ਪੰਜਾਬ ਦੇ ਮੁਲਾਜ਼ਮਾਂ ਨੇ ਚੀਫ਼ ਸੈਕਟਰੀ ਨਾਲ ਮੀਟਿੰਗ ਦਾ ਕੀਤਾ ਬਾਈਕਾਟ! ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਦੀ ਰੱਖੀ ਸ਼ਰਤ

On: November 24, 2026 9:53 PM

 

ਵੱਡੀ ਖ਼ਬਰ: ਪੰਜਾਬ ਦੇ ਮੁਲਾਜ਼ਮਾਂ ਨੇ ਚੀਫ਼ ਸੈਕਟਰੀ ਨਾਲ ਮੀਟਿੰਗ ਦਾ ਕੀਤਾ ਬਾਈਕਾਟ, ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਦੀ ਰੱਖੀ ਸ਼ਰਤ

ਪੰਜਾਬ ਦੇ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਵਧਿਆ ਟਕਰਾਅ! ਚੀਫ਼ ਸੈਕਟਰੀ ਨਾਲ ਮੀਟਿੰਗ ਰੱਦ ਕਰਕੇ ਕੇ CM ਨਾਲ ਗੱਲਬਾਤ ‘ਤੇ ਬਜ਼ਿੱਦ ਜਥੇਬੰਦੀਆਂ

ਮੁੱਖ ਸਕੱਤਰ ਨਾਲ ਹੋਣ ਵਾਲੀ ਮੀਟਿੰਗ ਤੋਂ ਮੁਲਾਜ਼ਮ ਜਥੇਬੰਦੀਆਂ ਦਾ ਇਨਕਾਰ, ਸੰਘਰਸ਼ ਤੇਜ਼ ਹੋਣ ਦੇ ਆਸਾਰ- ਚੰਡੀਗੜ੍ਹ ਵਿਖੇ 25 ਨਵੰਬਰ ਨੂੰ ਸੱਦੀ ਗਈ ਅਹਿਮ ਬੈਠਕ ਦਾ ਮੁਲਾਜ਼ਮ ਆਗੂਆਂ ਵੱਲੋਂ ਬਾਈਕਾਟ, ਸੀ.ਐੱਮ. ਨਾਲ ਮੀਟਿੰਗ ‘ਤੇ ਅੜੇ

ਚੰਡੀਗੜ੍ਹ/ਸੰਗਰੂਰ 24 ਨਵੰਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਦੀ ਸਥਿਤੀ ਹੋਰ ਗੰਭੀਰ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ 25 ਨਵੰਬਰ, 2026 ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਉੱਚ-ਪੱਧਰੀ ਮੀਟਿੰਗ ਦਾ ਮੁਲਾਜ਼ਮ ਆਗੂਆਂ ਨੇ ਸਖ਼ਤ ਵਿਰੋਧ ਕਰਦਿਆਂ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ।

ਮੁਲਾਜ਼ਮ ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਅਫ਼ਸਰਸ਼ਾਹੀ ਦੀ ਬਜਾਏ ਸਿੱਧਾ ਸੂਬੇ ਦੇ ਮੁੱਖ ਮੰਤਰੀ ਨਾਲ ਹੀ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਦਫ਼ਤਰ ਡਿਪਟੀ ਕਮਿਸ਼ਨਰ, ਸੰਗਰੂਰ ਵੱਲੋਂ ਇੱਕ ਅਧਿਕਾਰਤ ਪੱਤਰ ਜਾਰੀ ਕਰਕੇ ਮੁਲਾਜ਼ਮ ਜਥੇਬੰਦੀਆਂ ਨੂੰ ਭਲਕੇ 25 ਨਵੰਬਰ ਨੂੰ ਸਵੇਰੇ 11:00 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।

ਇਹ ਪੱਤਰ ਦਫ਼ਤਰ ਮੁੱਖ ਮੰਤਰੀ ਸਕੱਤਰੇਤ ਦੇ ਪੱਤਰ (ਮਿਤੀ 19 ਨਵੰਬਰ, 2026) ਦੇ ਹਵਾਲੇ ਨਾਲ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਇਹ ਬੈਠਕ ਪੰਜਾਬ ਦੇ ਮੁੱਖ ਸਕੱਤਰ (ਚੀਫ਼ ਸੈਕਟਰੀ) ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਹ ਖ਼ੁਦ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨਗੇ।

ਇਹ ਸੱਦਾ ਪੱਤਰ ‘ਸਾਂਝਾ ਮੁਲਾਜ਼ਮ ਮੰਚ, ਪੰਜਾਬ’ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ‘ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੇ ਕਨਵੀਨਰ-ਕਮ-ਕੋਆਰਡੀਨੇਟਰ ਸਤੀਸ਼ ਰਾਣਾ ਨੂੰ ਭੇਜਿਆ ਗਿਆ ਸੀ। ਦੂਜੇ ਪਾਸੇ, ਸਰਕਾਰ ਦੇ ਇਸ ਫ਼ੈਸਲੇ ਤੋਂ ਨਾਰਾਜ਼ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਮੀਟਿੰਗ ਦਾ ਬਾਈਕਾਟ ਕਰਦਿਆਂ ਮੁਲਾਜ਼ਮ ਆਗੂਆਂ ਨੇ ਰੋਸ ਪ੍ਰਗਟਾਇਆ ਕਿ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਖ਼ੁਦ ਮੁੱਖ ਮੰਤਰੀ ਪੰਜਾਬ ਉਨ੍ਹਾਂ ਨਾਲ ਮੀਟਿੰਗ ਕਰਨਗੇ, ਪਰ ਹੁਣ ਐਨ ਮੌਕੇ ‘ਤੇ ਮੀਟਿੰਗ ਮੁੱਖ ਸਕੱਤਰ ਪੱਧਰ ‘ਤੇ ਰੱਖ ਦਿੱਤੀ ਗਈ ਹੈ।

ਆਗੂਆਂ ਦਾ ਮੰਨਣਾ ਹੈ ਕਿ ਪਹਿਲਾਂ ਵੀ ਅਫ਼ਸਰਸ਼ਾਹੀ ਨਾਲ ਕਈ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦਾ ਕੋਈ ਠੋਸ ਸਿੱਟਾ ਨਹੀਂ ਨਿਕਲਿਆ, ਕਿਉਂਕਿ ਨੀਤੀਗਤ ਫ਼ੈਸਲੇ ਸਿਰਫ਼ ਮੁੱਖ ਮੰਤਰੀ ਪੱਧਰ ‘ਤੇ ਹੀ ਲਏ ਜਾ ਸਕਦੇ ਹਨ। ਮੁਲਾਜ਼ਮ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਖ਼ੁਦ ਪੈਨਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕਰਦੇ, ਉਦੋਂ ਤੱਕ ਉਹ ਅਫ਼ਸਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ। ਇਸ ਬਾਈਕਾਟ ਤੋਂ ਬਾਅਦ ਸੂਬੇ ਵਿੱਚ ਮੁਲਾਜ਼ਮ ਅੰਦੋਲਨ ਮੁੜ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।

 

Leave a Comment