Join WhatsApp

Join Now

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮ ਮੰਤਰੀਆਂ ਨੂੰ ਤਾੜਣਗੇ ਘਰਾਂ ‘ਚ; ਅਗਲੇ ਸੰਘਰਸ਼ ਦਾ ਕੀਤਾ ਐਲਾਨ

On: ਸਤੰਬਰ 3, 2026 7:48 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮ ਮੰਤਰੀਆਂ ਨੂੰ ਤਾੜਣਗੇ ਘਰਾਂ ‘ਚ; ਅਗਲੇ ਸੰਘਰਸ਼ ਦਾ ਕੀਤਾ ਐਲਾਨ

ਪੰਜਾਬ ਦੇ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, 8 ਸਤੰਬਰ ਤੋਂ ਤਿੱਖਾ ਸੰਘਰਸ਼

ਚੰਡੀਗੜ੍ਹ, 3 ਸਤੰਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਨੇ ਸਰਕਾਰ ’ਤੇ ਮੰਗਾਂ ਦੀ ਅਣਦੇਖੀ ਕਰਨ ਅਤੇ ਮੁਲਾਜ਼ਮਾਂ ਨਾਲ ਗੱਲਬਾਤ ਤੋਂ ਟਾਲ-ਮਟੋਲ ਕਰਨ ਦੇ ਦੋਸ਼ ਲਾਉਂਦਿਆਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ।

ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ 7 ਸਤੰਬਰ ਤੱਕ ਗੱਲਬਾਤ ਰਾਹੀਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ 8 ਸਤੰਬਰ ਤੋਂ ਸੂਬੇ ਭਰ ਵਿੱਚ ਧਰਨਿਆਂ, ਰੋਸ ਪ੍ਰਦਰਸ਼ਨਾਂ, ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਅਤੇ ਹੜਤਾਲਾਂ ਸਮੇਤ ਤਿੱਖੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ।

ਜਾਰੀ ਕੀਤੇ ਸੰਘਰਸ਼ ਦੇ ਪ੍ਰੋਗਰਾਮ ਅਨੁਸਾਰ 8 ਸਤੰਬਰ ਨੂੰ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮ, ਜਿਨ੍ਹਾਂ ਵਿੱਚ ਪੰਜਾਬ ਸਕੱਤਰੇਤ ਚੰਡੀਗੜ੍ਹ ਅਤੇ ਵੱਖ-ਵੱਖ ਵਿਭਾਗਾਂ ਦੇ ਡਾਇਰੈਕਟੋਰੇਟਾਂ ਦੇ ਕਰਮਚਾਰੀ ਵੀ ਸ਼ਾਮਲ ਹੋਣਗੇ, ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਦਾ ਬਾਈਕਾਟ ਕਰਨਗੇ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਰੋਸ ਰੈਲੀਆਂ ਵੀ ਕੀਤੀਆਂ ਜਾਣਗੀਆਂ।

12 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਗੜ੍ਹਸ਼ੰਕਰ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਪਟਿਆਲਾ ਵਿੱਚ ਡਾ. ਬਲਬੀਰ ਸਿੰਘ ਅਤੇ ਫ਼ਰੀਦਕੋਟ/ਸੰਧਵਾਂ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਰਿਹਾਇਸ਼ਾਂ ਅੱਗੇ ਧਰਨੇ ਦਿੱਤੇ ਜਾਣਗੇ। 13 ਸਤੰਬਰ ਨੂੰ ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਸ੍ਰੀ ਆਨੰਦਪੁਰ ਸਾਹਿਬ ਵਿੱਚ ਹਰਜੋਤ ਸਿੰਘ ਬੈਂਸ ਅਤੇ ਸੁਨਾਮ ਵਿੱਚ ਅਮਨ ਅਰੋੜਾ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ।

ਇਸੇ ਤਰ੍ਹਾਂ 19 ਅਤੇ 20 ਸਤੰਬਰ ਨੂੰ ਬਾਕੀ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ। 30 ਸਤੰਬਰ ਨੂੰ ਚੰਡੀਗੜ੍ਹ ਵਿੱਚ ‘ਮੁਲਾਜ਼ਮ ਸੈਸ਼ਨ’ ਕਰਵਾਇਆ ਜਾਵੇਗਾ, ਜਿਸ ਵਿੱਚ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸੱਦਾ ਦੇ ਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ।

ਸੰਘਰਸ਼ ਦੇ ਅਗਲੇ ਪੜਾਅ ਤਹਿਤ 10 ਅਕਤੂਬਰ ਨੂੰ ਸੰਗਰੂਰ ਵਿੱਚ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਇਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਬਾਅਦ 21 ਅਤੇ 22 ਅਕਤੂਬਰ ਨੂੰ ਸਰਕਾਰੀ ਮੁਲਾਜ਼ਮ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਠੱਪ ਕਰਨਗੇ ਅਤੇ ਜ਼ਿਲ੍ਹਾ ਪੱਧਰ ’ਤੇ ਵਿਸ਼ਾਲ ਧਰਨੇ ਦੇਣਗੇ।

ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਤੋਂ ਹਾਈ ਕੋਰਟ ਦੇ ਫੈਸਲੇ ਅਤੇ ਨਿਰਦੇਸ਼ਾਂ ਅਨੁਸਾਰ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰਨ, 27 ਅਗਸਤ ਦੀ ਸਮੂਹਿਕ ਛੁੱਟੀ ਦੌਰਾਨ ਸ਼ਾਮਲ ਹੋਏ ਮੁਲਾਜ਼ਮਾਂ ਖ਼ਿਲਾਫ਼ ਜਾਰੀ ਧਮਕੀ ਭਰੇ ਅਤੇ ਕਾਰਵਾਈ ਵਾਲੇ ਪੱਤਰ ਵਾਪਸ ਲੈਣ ਅਤੇ ਮੰਗ ਪੱਤਰ ’ਤੇ ਦੋ-ਧਿਰੀ ਗੱਲਬਾਤ ਸ਼ੁਰੂ ਕਰਕੇ ਸਾਰੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment