ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਥਾਣੇਦਾਰ 15000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

On: ਫਰਵਰੀ 25, 2026 2:23 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਥਾਣੇਦਾਰ 15000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ/ਲੁਧਿਆਣਾ, 25 ਫਰਵਰੀ 2026- 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ।

ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ ‘ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ‘ਤੇ ਨਾ ਰੱਖਣ ਬਦਲੇ ਐਸਐਚਓ ਲਈ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ।

ਜਿਸ ਦੌਰਾਨ ਮੁਲਜ਼ਮ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Join WhatsApp

Join Now

Leave a Comment