ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਵੇਖੋ ਲਾਈਵ- ਗਵਰਨਰ ਕਰ ਰਹੇ ਨੇ ਸੰਬੋਧਨ
Punjab Budget Session 2026 Live : ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ।
ਇਹ ਬਜਟ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਇਸਤੋਂ ਪਹਿਲਾਂ ਅੱਜ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮਟਿੰਗ ਵੀ ਕੀਤੀ, ਜਿਸ ਵਿੱਚ ਸਭ ਤੋਂ ਵੱਡੇ ਮੁੱਦੇ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਨੂੰ ਲੈ ਕੇ ਚਰਚਾ ਕੀਤੀ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ 8 ਮਾਰਚ ਨੂੰ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ, ਜਿਸ ਵਿੱਚ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਦਾ ਐਲਾਨ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ (ਗਾਰੰਟੀ) ਦਿੱਤੀ ਗਈ ਸੀ, ਪਰੰਤੂ ਅਜੇ ਤੱਕ ਸਰਕਾਰ ਦੇ 4 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਇਹ ਐਲਾਨ ਨਹੀਂ ਹੋਇਆ ਹੈ।
ਬੈਂਡ ਲੈ ਕੇ ਪਹੁੰਚੇ ਮੰਤਰੀ ਈਟੀਓ
ਵਿਧਾਨ ਸਭਾ ਦੇ ਬਾਹਰ ਬੈਂਡ ਲੈ ਕੇ ਪੁੱਜੇ ਮੰਤਰੀ ਹਰਭਜਨ ਸਿੰਘ ਈਟੀਓ ‘ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖਾ ਨਿਸ਼ਾਨਾ ਵਿੰਨਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ‘ਚ ਚੰਡੀਗੜ੍ਹ ਪੁਲਿਸ ਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਖਹਿਰਾ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ
ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਵਿਧਾਨ ਸਭਾ ਨੂੰ ਵੀ ਸਰਕਸ ਬਣਾ ਕੇ ਰੱਖ ਦਿੱਤਾ ਹੈ, ਪੰਜਾਬ ਸਿਰ ਕਰਜ਼ਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ, ਐਨਕਾਊਂਟਰ ਵੱਧਦੇ ਜਾ ਰਹੇ ਹਨ ਅਤੇ ਪੰਜਾਬੀਆਂ ਨੂੰ ਬਜਟ ਤੋਂ ਵੀ ਜ਼ੀਰੋ ਉਮੀਦਾਂ ਹਨ।
ਕਾਨੂੰਨ ਵਿਵਸਥਾ ਦਾ ਜਲੂਸ ਨਿਕਲਿਆ : ਪ੍ਰਗਟ ਸਿੰਘ
ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ, “ਮੈਨੂੰ ਬਾਕੀਆਂ ਬਾਰੇ ਨਹੀਂ ਪਤਾ। ਸਰਕਾਰ ਪਹਿਲਾਂ ਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਟੈਂਡ ਲੈ ਚੁੱਕੀ ਹੈ। ਗੁਰਦਾਸਪੁਰ ਦੀ ਸਥਿਤੀ ਦੱਸਦੀ ਹੈ ਕਿ ਪੁਲਿਸ ਅਤੇ ਲੀਡਰਸ਼ਿਪ ਦੋਵੇਂ ਅਸਫਲ ਹੋ ਗਏ ਹਨ। ਕੋਈ ਵੀ ਅੱਗੇ ਵਧਣ ਅਤੇ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹੈ।”
ਉਨ੍ਹਾਂ ਕਿਹਾ, “ਮੈਂ ਸੁਣਿਆ ਹੈ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਗੱਲ ਹੋ ਰਹੀ ਹੈ। ਹਾਲਾਂਕਿ, ਅਕਤੂਬਰ ਤੋਂ ਦਸੰਬਰ ਤੱਕ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਨੂੰ ਉਨ੍ਹਾਂ ਦੀ ਨਿਯਮਤ ਪੈਨਸ਼ਨ ਵੀ ਨਹੀਂ ਦਿੱਤੀ ਗਈ ਸੀ। ਬਿਹਤਰ ਹੁੰਦਾ ਜੇਕਰ ਉਨ੍ਹਾਂ ਨੂੰ ਪਹਿਲਾਂ ਪੈਨਸ਼ਨ ਦਿੱਤੀ ਜਾਂਦੀ।”
ਕਾਂਗਰਸ ਨੇ ਵਿਧਾਨ ਸਭਾ ਦੀ ਮੰਗੀ ਸੁਰੱਖਿਆ
ਬਜਟ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਰਾਜਨੀਤਿਕ ਪਾਰਾ ਗਰਮ ਹੋ ਗਿਆ ਹੈ। ਪੰਜਾਬ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਨੇ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਅਤੇ ਵਿਧਾਇਕਾਂ ‘ਤੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਪੰਜਾਬ ਕਾਂਗਰਸ ਨੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਚੰਡੀਗੜ੍ਹ ਪੁਲਿਸ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।







