ਵੱਡੀ ਖਬਰ: ਪੰਜਾਬ ਵਿਜੀਲੈਂਸ ਵੱਲੋਂ ਡਿਪਟੀ ਡਾਇਰੈਕਟਰ ਅਤੇ ADC ਗ੍ਰਿਫ਼ਤਾਰ
ਕਰੋੜਾਂ ਦਾ ਪੰਚਾਇਤੀ ਜ਼ਮੀਨ ਘੁਟਾਲਾ ਕਰਨ ਦੇ ਲੱਗੇ ਦੋਸ਼
ਪਟਿਆਲਾ, 2 ਅਪ੍ਰੈਲ 2026: ਪਟਿਆਲਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ।
ਵਿਜੀਲੈਂਸ ਨੇ ਕਰੋੜਾਂ ਰੁਪਏ ਦੇ ਪੰਚਾਇਤੀ ਜ਼ਮੀਨ ਘੁਟਾਲੇ ਵਿੱਚ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਏ.ਡੀ.ਸੀ. (ADC) ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਅਧਿਕਾਰੀਆਂ ਨੇ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਸੰਨ ਲਗਾਈ ਹੈ।
ਦੋਸ਼ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਪੰਚਾਇਤੀ ਜ਼ਮੀਨ ਦੀ ਬੋਲੀ ਨਹੀਂ ਕਰਵਾਈ ਗਈ ਅਤੇ ਚੋਣਵੇਂ ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।
ਜ਼ਮੀਨ ਤੋਂ ਹੋਈ ਕਰੋੜਾਂ ਰੁਪਏ ਦੀ ਆਮਦਨੀ ਨੂੰ ਪੰਚਾਇਤ ਦੇ ਸਰਕਾਰੀ ਖਾਤੇ ਵਿੱਚ ਜਮ੍ਹਾ ਨਹੀਂ ਕਰਵਾਇਆ ਗਿਆ। ਦੋਸ਼ ਹੈ ਕਿ ਇਸ ਰਾਸ਼ੀ ਨੂੰ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਖ਼ੁਰਦ-ਬੁਰਦ ਕਰ ਦਿੱਤਾ।
ਵਿਜੀਲੈਂਸ ਦੀ ਇਹ ਕਾਰਵਾਈ ਸਿਰਫ਼ ਦੋ ਅਧਿਕਾਰੀਆਂ ਤੱਕ ਸੀਮਤ ਨਹੀਂ ਹੈ। ਇਸ ਮਾਮਲੇ ਵਿੱਚ 14 ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਵਿਜੀਲੈਂਸ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ, ਕਿਉਂਕਿ ਕਈ ਹੋਰ ਮੁਲਾਜ਼ਮ ਵੀ ਜਾਂਚ ਦੀ ਰਡਾਰ ‘ਤੇ ਹਨ।
ਦੱਸਣਾ ਬਣਦਾ ਹੈ ਕਿ ਵਿਜੀਲੈਂਸ ਹੁਣ ਗ੍ਰਿਫ਼ਤਾਰ ਕੀਤੇ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਘੁਟਾਲੇ ਦੀਆਂ ਹੋਰ ਪਰਤਾਂ ਖੋਲ੍ਹੀਆਂ ਜਾ ਸਕਣ ਅਤੇ ਰੁਪਏ ਦੀ ਰਿਕਵਰੀ ਕੀਤੀ ਜਾ ਸਕੇ।
ਵਿਜੀਲੈਂਸ ਦੇ ਡੀਐੱਸਪੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਅਧਿਕਾਰੀ 2011 ਤੋਂ 2018 ਤੱਕ ਪਟਿਆਲਾ ’ਚ ਬੀਡੀਪੀਓ ਤੇ ਡੀਡੀਪੀਓ ਦੇ ਅਹੁਦਿਆਂ ’ਤੇ ਤਾਇਨਾਤ ਸਨ।
ਨੋਟ- ਇਹ ਖ਼ਬਰ ਸੂਤਰਾਂ ਦੇ ਹਵਾਲੇ ਨਾਲ ਪਬਲਿਸ਼ ਕੀਤੀ ਹੈ.. ਹੋਰ ਅਪਡੇਟ ਜਲਦੀ ਕੀਤੀ ਜਾਵੇਗੀ।






