ਵੱਡੀ ਖ਼ਬਰ: ਪੰਜਾਬ ਦੀਆਂ ਛੇ ਅਧਿਆਪਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਤਿੱਖੇ ਐਕਸ਼ਨ ਦਾ ਐਲਾਨ

 

ਵੱਡੀ ਖ਼ਬਰ: ਪੰਜਾਬ ਦੀਆਂ ਛੇ ਅਧਿਆਪਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਤਿੱਖੇ ਐਕਸ਼ਨ ਦਾ ਐਲਾਨ

5-6 ਮਈ 2026 ਨੂੰ ਮੁੱਖ ਮੰਤਰੀ ਦੇ ਨਾਂ ਤੇ ਜ਼ਿਲ੍ਹਾ ਪੱਧਰ ਤੇ ਦਿੱਤੇ ਜਾਣਗੇ ਮੰਗ ਪੱਤਰ

11 ਮਈ ਨੂੰ ਡੀ. ਐਸ. ਈ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ

ਮੋਗਾ, 26 ਅਪ੍ਰੈਲ 2026-

ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਹੋਈ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਗੁਰਮੇਲ ਸਿੰਘ ਕੁਲਰੀਆਂ,ਸੁਖਚੈਨ ਸਿੰਘ, ਅਜੇ ਸ਼ਰਮਾ, ਬਰਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਤੋ ਬਾਅਦ ਭਰਤੀ 3704, 2392, 6635, 4161 ਜਥੇਬੰਦੀਆਂ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਦੌਰਾਨ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨ , ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ,ਬਦਲੀਆਂ ਦਾ ਪੋਰਟਲ ਤੁਰੰਤ ਖੋਲਣ , ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜਿਲਿਆ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ,ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ , ਡੀ ਏ ਦੀਆਂ ਕਿਸ਼ਤਾਂ ਤੁਰੰਤ ਜ਼ਾਰੀ ਕਰਨ, 1-1-2026 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜ਼ਾਰੀ ਕਰਨ , ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਅਗਲੀ ਰਣਨੀਤੀ ‘ਤੇ ਵਿਚਾਰ ਚਰਚਾ ਕੀਤੀ ਗਈ।

ਇਸ ਮੀਟਿੰਗ ਵਿੱਚ ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਇਹਨਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਸੀ। ਪਰ ਸਰਕਾਰ ਵੱਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਅਧਿਆਪਕ ਸਾਥੀਆਂ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ 5 ਅਤੇ 6 ਮਈ ਨੂੰ ਸਰਕਾਰੀ ਵੱਲੋਂ ਆਪਣੇ ਚੋਣ ਵਾਅਦੇ ਤੋਂ ਮੁੱਕਰਨ ਖਿਲਾਫ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ।

ਇਸ ਦੇ ਨਾਲ ਨਾਲ ਹੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਵਿਖੇ ਮੋਹਾਲੀ ਵਿਖੇ 11 ਮਈ ਨੂੰ ਇੱਕ ਮਾਸ ਡੈਪੂਟੇਸ਼ਨ ਦੇ ਤੌਰ ਤੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੀਟਿੰਗ ਵਿੱਚ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡੱਟਵਾਂ ਵਿਰੋਧ ਕੀਤਾ ਜਾਵੇਗਾ।