ਵੱਡੀ ਖ਼ਬਰ: ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋਂ ਸਟੇਅ ਖ਼ਤਮ, ਪ੍ਰਮੋਸ਼ਨਾਂ ਦਾ ਰਾਹ ਖੁੱਲ੍ਹਿਆ- ਜਥੇਬੰਦਕ ਸੰਘਰਸ਼ ਅਤੇ ਕਾਨੂੰਨੀ ਲੜਾਈ ਦੀ ਜਿੱਤ-ਡੀ.ਟੀ.ਐਫ਼.
ਸੰਗਰੂਰ, 06 ਜੁਲਾਈ 2026

ਸਿੱਖਿਆ ਵਿਭਾਗ ਵਿਚਲੇ ਕੁਝ ਸਿੱਖਿਆ ਦੋਖੀਆਂ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ‘ਚ ਜਾਣ ਬੁੱਝ ਕੇ ਅਟਕਾਏ ਰੋੜਿਆਂ ਨੂੰ ਪਾਸੇ ਕਰਦੇ ਹੋਏ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ।
ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਜਥੇਬੰਦੀ ਲੰਬੇ ਸਮੇਂ ਤੋ ਜਥੇਬੰਦਕ ਅਤੇ ਕਾਨੂੰਨੀ ਲੜਾਈ ਲੜ ਰਹੀ ਸੀ |ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਹੈੱਡਮਾਸਟਰਾਂ, ਬੀ.ਪੀ.ਈ.ਓਜ਼. ਦੀਆਂ ਤਰੱਕੀਆਂ ਵਿੱਚ ਪ੍ਰੋਮੋਸ਼ਨ ਕੋਟਾ 75 ਪ੍ਰਤੀਸ਼ਤ ਕਰਵਾਉਣ ਲਈ ਜਥੇਬੰਦੀ ਵੱਲੋਂ ਲੰਬੀ ਲੜਾਈ ਲੜੀ ਗਈ ਅਤੇ ਜਿੱਤ ਪ੍ਰਾਪਤ ਕੀਤੀ।
ਜਿਸ ਨਾਲ ਸੀਨੀਅਰ ਲੈਕਚਰਾਰਾਂ, ਮਾਸਟਰ ਕਾਡਰ ਅਧਿਆਪਕਾਂ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਆਈ ਖੜੋਤ ਟੁੱਟਣ ਦੀ ਆਸ ਬੱਝੀ ਸੀ ਪਰ ਕੁਝ ਸ਼ਾਰਟ ਕੱਟ ਮਾਰਨ ਦੇ ਚਾਹਵਾਨ ਲੋਕਾਂ ਨੇ ਫਿਰ ਤੋਂ ਹਾਈ ਕੋਰਟ ਵਿੱਚ ਜਾ ਕੇ ਤਰੱਕੀਆਂ ਉੱਪਰ ਸਟੇਅ ਕਰਵਾ ਦਿੱਤੀ। ਜਿੱਥੇ ਜਥੇਬੰਦੀ ਲਗਾਤਾਰ ਕਰੜੇ ਸੰਘਰਸ਼ ਨਾਲ ਇਸ ਮੁੱਦੇ ‘ਤੇ ਦਬਾਅ ਬਣਾ ਰਹੀ ਸੀ, ਉੱਥੇ ਜਥੇਬੰਦੀ ਦੇ ਸਾਥੀਆਂ ਹਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ ਅਤੇ ਕੁਲਵਿੰਦਰ ਸਿੰਘ ਬਠਿੰਡਾ ਦੀ ਲਗਾਤਾਰ ਲੜੀ ਕਾਨੂੰਨੀ ਲੜਾਈ ਨਾਲ ਅੱਜ ਹਾਈ ਕੋਰਟ ਨੇ ਤਰੱਕੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ, ਵਿੱਤ ਸਕੱਤਰ ਯਾਦਵਿੰਦਰ ਧੂਰੀ ਤੇ ਜਥੇਬੰਦਕ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਸੈਕੰਡਰੀ ਸਕੂਲਾਂ ਵਿੱਚ ਲਗਭਗ 65-70% ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਰਕੇ ਸਕੂਲਾਂ ਦਾ ਤਾਣਾ-ਬਾਣਾ ਬੁਰੀ ਤਰ੍ਹਾਂ ਉਲਝਿਆ ਪਿਆ ਹੈ।
ਆਗੂਆਂ ਨੇ ਸਿੱਖਿਆ ਵਿਭਾਗ ਤੋ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਬਿਨਾਂ ਪ੍ਰਿੰਸੀਪਲਾਂ ਤੋ ਚੱਲ ਰਹੇ ਸਕੂਲਾਂ ਨੂੰ ਸਥਾਈ ਪ੍ਰਿੰਸੀਪਲ ਮਿਲ ਸਕਣ। ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕਰਕੇ ਪੜਾਅ ਦੇ ਪੜਾਅ ਮਾਸਟਰ ਤੋ ਲੈਕਚਰਾਰ ਅਤੇ ਹੈਡਮਾਸਟਰ, ਸੀ.ਐੱਚ.ਟੀ. ਤੋ ਬੀ.ਪੀ.ਈ.ਓ., ਪ੍ਰਾਇਮਰੀ ਅਤੇ ਸੀ.ਐਂਡ ਵੀ. ਤੋ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਤੁਰੰਤ ਕੀਤੀਆਂ ਜਾਣ।
ਆਗੂਆਂ ਨੇ ਮੰਗ ਕੀਤੀ ਕਿ ਸਾਰੇ ਕਾਡਰਾਂ ਦੀਆਂ ਖਾਲੀ ਪਈਆਂ ਸਿੱਧੀ ਭਰਤੀ ਕੋਟੇ ਦੀਆਂ ਅਸਾਮੀਆਂ ਦਾ ਤੁਰੰਤ ਇਸ਼ਤਿਹਾਰ ਦੇ ਕੇ ਭਰਤੀ ਕੀਤੀ ਜਾਵੇ ਤਾਂ ਜੋ ਸਕੂਲਾਂ ਵਿੱਚ ਸਟਾਫ ਪੂਰਾ ਹੋ ਸਕੇ।















