Join WhatsApp

Join Now

Big News: ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ!

On: ਮਾਰਚ 9, 2026 11:55 ਪੂਃ ਦੁਃ

 

ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ!

ਅੰਮ੍ਰਿਤਸਰ, 9 March 2026- 

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੀ ਭਾਰਤ-ਪਾਕਿ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਦੇ ਨੇੜੇ ਰਾਤ ਦੇ ਸਮੇਂ ਹਰ ਤਰ੍ਹਾਂ ਦੀ ਹਰਕਤ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤੱਕ ਪੂਰਨ ਪਾਬੰਦੀ

ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਹੇਠ ਆਉਂਦੇ ਸਾਰੇ ਥਾਣਾ ਇਲਾਕਿਆਂ ਵਿੱਚ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤੱਕ ਕਿਸੇ ਵੀ ਕਿਸਮ ਦੀ ਆਵਾਜਾਈ ਜਾਂ ਗਤੀਵਿਧੀ ਕਰਨ ਤੇ ਪੂਰਨ ਪਾਬੰਦੀ ਰਹੇਗੀ।

ਇਹ ਕਦਮ ਸਰਹੱਦ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਅਣਚਾਹੇ ਤੱਤਾਂ ਦੀ ਸੰਭਾਵਿਤ ਹਰਕਤਾਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਸੰਵੇਦਨਸ਼ੀਲ ਇਲਾਕਾ ਹੈ ਅਤੇ ਇੱਥੇ ਅਣਚਾਹੇ ਅਨਸਰਾਂ ਵੱਲੋਂ ਕੀਤੀਆਂ ਗਤੀਵਿਧੀਆਂ ਨਾਲ ਦੇਸ਼ ਦੀ ਸੁਰੱਖਿਆ, ਅਮਨ-ਚੈਨ ਅਤੇ ਕਾਨੂੰਨ-ਵਿਵਸਥਾ ਲਈ ਖਤਰਾ ਪੈਦਾ ਹੋ ਸਕਦਾ ਹੈ।

ਅਜਿਹੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸਰਹੱਦੀ ਇਲਾਕਿਆਂ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਹ ਪਾਬੰਦੀਆਂ ਲਗਾਉਣੀ ਲਾਜ਼ਮੀ ਸਮਝੀ ਗਈ ਹੈ।

ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਹੁਕਮਾਂ ਦੀ ਪੂਰੀ ਪਾਲਣਾ ਕਰਨ ਅਤੇ ਬਿਨਾਂ ਲੋੜ ਦੇ ਰਾਤ ਦੇ ਸਮੇਂ ਕੰਡਿਆਲੀ ਤਾਰ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ।

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਇਹ ਹੁਕਮ 6 ਮਈ 2026 ਤੱਕ ਲਾਗੂ ਰਹਿਣਗੇ।

 

Leave a Comment