Join WhatsApp

Join Now

ਵੱਡੀ ਖ਼ਬਰ: ਸੁਖਬੀਰ ਬਾਦਲ ‘ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਜਾਨਲੇਵਾ ਹਮਲਾ, ਹਸਪਤਾਲ ‘ਚ ਭਰਤੀ

On: ਅਗਸਤ 13, 2026 2:55 ਬਾਃ ਦੁਃ

 

ਵੱਡੀ ਖ਼ਬਰ: ਸੁਖਬੀਰ ਬਾਦਲ ‘ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਜਾਨਲੇਵਾ ਹਮਲਾ, ਹਸਪਤਾਲ ‘ਚ ਭਰਤੀ

ਨਾਂਦੇੜ ਸਾਹਿਬ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ; ਇੱਕ ਪੁਲਿਸ ਕਰਮੀ ਵੀ ਗੰਭੀਰ ਜ਼ਖ਼ਮੀ

ਨਾਂਦੇੜ ਸਾਹਿਬ / ਚੰਡੀਗੜ੍ਹ, 13 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਇੱਕ ਵਾਰ ਫਿਰ ਤੋਂ ਵੱਡਾ ਜਾਨਲੇਵਾ ਹਮਲਾ ਹੋਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਇਲਾਕੇ ‘ਚ ਵਾਪਰੀ ਹੈ। ਘਟਨਾ ਤੋਂ ਤੁਰੰਤ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਇਲਾਜ ਲਈ ਇਲਾਕੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਇੱਕ ਪੁਲਿਸ ਕਰਮੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।

ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਆਪਣੇ ਪਰਿਵਾਰ ਸਮੇਤ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਸਵੇਰ ਵੇਲੇ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉੱਥੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਸੀ। ਪਰ ਇਸ ਧਾਰਮਿਕ ਯਾਤਰਾ ਦੌਰਾਨ ਅਚਾਨਕ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ‘ਤੇ ਇਹ ਹਮਲਾ ਕਰ ਦਿੱਤਾ ਗਿਆ।

ਹਮਲੇ ਤੋਂ ਤੁਰੰਤ ਬਾਅਦ ਹਸਪਤਾਲ ਦੇ ਬਾਹਰ ਦੀਆਂ ਜੋ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਵਿੱਚ ਸੁਖਬੀਰ ਬਾਦਲ ਦੀ ਸੁਰੱਖਿਆ ਟੀਮ ਅਤੇ ਸਥਾਨਕ ਪੁਲਿਸ ਦੇ ਆਲਾ ਅਧਿਕਾਰੀ ਮੁਸਤੈਦ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਬਾਦਲ ਨੂੰ ਬਚਾਉਂਦੇ ਹੋਏ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਮਲਾ ਕਿਸ ਸ਼ਖਸ ਵੱਲੋਂ ਕੀਤਾ ਗਿਆ, ਹਮਲੇ ਦਾ ਮਕਸਦ ਕੀ ਸੀ ਅਤੇ ਇਸ ਵਿੱਚ ਕਿਹੜੇ ਹਥਿਆਰ ਦੀ ਵਰਤੋਂ ਕੀਤੀ ਗਈ ਹੈ।

ਦੂਜੀ ਵਾਰ ਹੋਇਆ ਜਾਨਲੇਵਾ ਹਮਲਾ

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਇਹ ਕੋਈ ਪਹਿਲਾ ਹਮਲਾ ਨਹੀਂ ਹੈ। ਇਸ ਤੋਂ ਪਹਿਲਾਂ ਦਸੰਬਰ 2024 ਨੂੰ ਵੀ ਉਨ੍ਹਾਂ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਸੀ, ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤਹਿਤ ਉਹ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਬਾਹਰ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਉਸ ਵੇਲੇ ਵੀ ਇੱਕ ਹਮਲਾਵਰ ਨੇ ਉਨ੍ਹਾਂ ‘ਤੇ ਪਿਸਤੌਲ ਨਾਲ ਗੋਲੀ ਚਲਾਈ ਸੀ, ਪਰ ਗੋਲੀ ਨਿਸ਼ਾਨੇ ਤੋਂ ਖੁੰਝ ਜਾਣ ਕਰਕੇ ਅਤੇ ਸੁਰੱਖਿਆ ਕਰਮੀਆਂ ਦੀ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ ਸੀ, ਜਿਸ ਨਾਲ ਸੁਖਬੀਰ ਬਾਦਲ ਦਾ ਵਾਲ-ਵਾਲ ਬਚਾਅ ਹੋ ਗਿਆ ਸੀ।

ਹੁਣ ਨਾਂਦੇੜ ਸਾਹਿਬ ਵਿਖੇ ਹੋਏ ਇਸ ਦੂਜੇ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਅਤੇ ਸਿਆਸੀ ਹਲਕਿਆਂ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ। ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹੁਣ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ ਅਤੇ ਹਸਪਤਾਲ ਦੇ ਬਾਹਰ ਸੁਰੱਖਿਆ ਦੇੜ੍ਹ ਕਰ ਦਿੱਤੀ ਗਈ ਹੈ। ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

Leave a Comment