ਵੱਡੀ ਖ਼ਬਰ: ਦੇਸ਼ ‘ਚ ਸਵਾਈਨ ਫਲੂ ਦਾ ਕਹਿਰ; 2602 ਨਵੇਂ ਮਾਮਲੇ ਆਏ ਸਾਹਮਣੇ; ਸਿਹਤ ਵਿਭਾਗ ਵੱਲੋਂ ਮਾਸਕ ਪਹਿਨਣ ਦੀ ਸਲਾਹ
ਨਵੀਂ ਦਿੱਲੀ, 23 ਅਗਸਤ 2026-ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਇਸ ਵੇਲੇ H1N1, ਜਿਸ ਨੂੰ ਆਮ ਤੌਰ ’ਤੇ ਸਵਾਈਨ ਫਲੂ ਕਿਹਾ ਜਾਂਦਾ ਹੈ, ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਇਸ ਸਾਲ ਹੁਣ ਤੱਕ ਰਾਜਧਾਨੀ ਵਿੱਚ ਸਵਾਈਨ ਫਲੂ ਦੇ 2602 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਨ੍ਹਾਂ ਵਿੱਚੋਂ 2392 ਮਾਮਲੇ ਇਨਫਲੂਐਂਜ਼ਾ-ਏ ਅਤੇ 210 ਮਾਮਲੇ ਇਨਫਲੂਐਂਜ਼ਾ-ਬੀ ਨਾਲ ਸਬੰਧਤ ਹਨ। ਇਨਫਲੂਐਂਜ਼ਾ-ਏ ਦੇ ਮਾਮਲਿਆਂ ਵਿੱਚ 1777 ਮਰੀਜ਼ H1N1 ਵਾਇਰਸ ਨਾਲ ਪੀੜਤ ਪਾਏ ਗਏ ਹਨ।
ਪੀਟੀਆਈ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ ਹੀ ਸਵਾਈਨ ਫਲੂ ਦੇ 159 ਨਵੇਂ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 114 ਮਾਮਲੇ H1N1 ਦੇ ਸਨ। ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਦਿੱਲੀ ਸਿਹਤ ਵਿਭਾਗ ਨੇ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਐਡਵਾਈਜ਼ਰੀ ਵਿੱਚ ਲੋਕਾਂ ਨੂੰ ਸਾਹ ਨਾਲ ਜੁੜੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜਿੱਥੇ ਲੋਕਾਂ ਵਿਚਕਾਰ ਸਮਾਜਿਕ ਦੂਰੀ ਬਣਾਈ ਰੱਖਣਾ ਮੁਸ਼ਕਲ ਹੋਵੇ, ਉੱਥੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
ਸਿਹਤ ਵਿਭਾਗ ਨੇ ਖੰਘਣ ਜਾਂ ਛਿੱਕਣ ਸਮੇਂ ਮੂੰਹ ਅਤੇ ਨੱਕ ਨੂੰ ਢੱਕਣ ਅਤੇ ਇਸ ਤੋਂ ਬਾਅਦ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਬਿਨਾਂ ਲੋੜ ਅੱਖਾਂ, ਨੱਕ ਅਤੇ ਮੂੰਹ ਨੂੰ ਵਾਰ-ਵਾਰ ਛੂਹਣ ਤੋਂ ਵੀ ਬਚਣ ਦੀ ਹਦਾਇਤ ਕੀਤੀ ਗਈ ਹੈ। ਭੀੜ ਵਾਲੀਆਂ ਥਾਵਾਂ ’ਤੇ ਥੁੱਕਣ ਤੋਂ ਵੀ ਪਰਹੇਜ਼ ਕਰਨ ਲਈ ਕਿਹਾ ਗਿਆ ਹੈ।
ਜੇਕਰ ਕਿਸੇ ਵਿਅਕਤੀ ਨੂੰ ਜ਼ੁਕਾਮ, ਖੰਘ ਜਾਂ ਫਲੂ ਵਰਗੇ ਲੱਛਣ ਹਨ ਤਾਂ ਉਸ ਦੇ ਬਹੁਤ ਨੇੜੇ ਜਾਣ ਤੋਂ ਬਚਣਾ ਚਾਹੀਦਾ ਹੈ। ਇਸੇ ਤਰ੍ਹਾਂ ਖੁਦ ਵਿੱਚ ਫਲੂ ਦੇ ਲੱਛਣ ਹੋਣ ’ਤੇ ਦੂਜਿਆਂ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ।
ਛੋਟੇ ਬੱਚਿਆਂ, ਕਮਜ਼ੋਰ ਰੋਗ-ਪ੍ਰਤੀਰੋਧਕ ਸਮਰੱਥਾ ਵਾਲੇ ਵਿਅਕਤੀਆਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਹੈ। ਜੇਕਰ ਬੁਖ਼ਾਰ ਜਾਂ ਹੋਰ ਲੱਛਣ ਬਣੇ ਰਹਿੰਦੇ ਹਨ ਅਤੇ ਦਵਾਈ ਲੈਣ ਦੇ ਬਾਵਜੂਦ ਰਾਹਤ ਨਹੀਂ ਮਿਲਦੀ ਤਾਂ ਡਾਕਟਰ ਨਾਲ ਸਲਾਹ ਕਰਨ ਦੀ ਸਿਹਤ ਵਿਭਾਗ ਵੱਲੋਂ ਸਲਾਹ ਦਿੱਤੀ ਗਈ ਹੈ।
















