ਵੱਡੀ ਖ਼ਬਰ: ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ‘ਤੇ ਲਟਕੀ ਤਲਵਾਰ!
ਚੰਡੀਗੜ੍ਹ, 22 ਮਾਰਚ 2026-
ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ‘ਤੇ ਤਲਵਾਰ ਲਟਕ ਗਈ ਹੈ। ਦਰਅਸਲ, ਬੀਤੇ ਦਿਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਨੇ ਮੰਤਰੀ ਲਾਲਜੀਤ ਭੁੱਲਰ ਉੱਤੇ ਗੰਭੀਰ ਦੋਸ਼ ਲਗਾਉਦੇ ਹੋਏ ਖ਼ੁਦਕੁਸ਼ੀ ਕਰ ਲਈ ਸੀ। ਉਕਤ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਲਾਲਜੀਤ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ PA ਦਿਲਬਾਗ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸ ਘਟਨਾਕ੍ਰਮ ਤੋਂ ਕੁੱਝ ਦਿਨ ਪਹਿਲਾਂ ਉਪਰੋਕਤ ਅਧਿਕਾਰੀ ਵੱਲੋਂ ਵੇਅਰਹਾਊਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵੀ ਸਾਹਮਣੇ ਆਏ ਹਨ। ਇਨ੍ਹਾਂ ਪੱਤਰਾਂ ‘ਚ ਅਧਿਕਾਰੀ ਨੇ ਲਾਲਜੀਤ ਭੁੱਲਰ ‘ਤੇ ਆਪਣੇ ਪਿਤਾ ਦੇ ਨਾਂ ‘ਤੇ ਗਲਤ ਤਰੀਕੇ ਨਾਲ ਵੇਅਰ ਹਾਊਸ ਦੇ ਗੋਦਾਮ ਦੇ ਟੈਂਡਰ ਜਾਰੀ ਨਾ ਕਰਨ ਦੇ ਵਿਰੋਧ ‘ਚ ਦਫ਼ਤਰ ਬੁਲਾ ਕੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਾਇਆ ਹੈ।
ਇਸ ਮਾਮਲੇ ਦੇ ਸਬੰਧ ‘ਚ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਲਾਲਜੀਤ ਭੁੱਲਰ ਵਲੋਂ ਬੰਦੂਕ ਦੀ ਨੋਕ ‘ਤੇ ਉਸ ਨੂੰ ਟੈਂਡਰ ਗਲਤ ਢੰਗ ਨਾਲ ਜਾਰੀ ਕਰਨ ਦੇ ਬਦਲੇ 10 ਲੱਖ ਦੀ ਰਿਸ਼ਵਤ ਲੈਣ ਦੀ ਗੱਲ ਕਬੂਲ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ। ਹਾਲਾਂਕਿ ਇਸ ਘਪਲੇ ਦੇ ਖ਼ੁਲਾਸੇ ਤੋਂ ਬਾਅਦ ਲਾਲਜੀਤ ਭੁੱਲਰ ਦਾ ਮੰਤਰੀ ਅਹੁਦੇ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਫਿਰ ਵੀ ਵਿਰੋਧੀ ਪਾਰਟੀਆਂ ਇਸ ਕਾਰਵਾਈ ਤੋਂ ਅਸੰਤੁਸ਼ਟ ਹਨ। ਉਨ੍ਹਾਂ ਨੇ ਪਾਰਟੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਇਸ ਦਬਾਅ ਅੱਗੇ ਝੁਕਦਿਆਂ ਪੁਲਸ ਨੂੰ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ (ਪੀ. ਏ.) ਖ਼ਿਲਾਫ਼ ਦੇਰ ਰਾਤ ਕੇਸ ਦਰਜ ਕਰਨ ਲਈ ਮਜਬੂਰ ਹੋਣਾ ਪਿਆ ਹਾਲਾਂਕਿ ਮ੍ਰਿਤਕ ਅਧਿਕਾਰੀ ਦਾ ਪਰਿਵਾਰ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਨੂੰ ਹਿਰਾਸਤ ‘ਚ ਨਹੀਂ ਲਿਆ ਜਾਂਦਾ। ਇਸ ਮੁੱਦੇ ਨੂੰ ਲੈ ਕੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਕਾਫ਼ੀ ਵੱਧ ਗਈ ਹੈ।
ਦੂਜੇ ਪਾਸੇ ਇਸ ਮਾਮਲੇ ‘ਤੇ ਸਖ਼ਤ ਬਿਆਨ ਦਿੰਦਿਆਂ ਹੋਇਆ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਸ ‘ਤੇ ਸਿਆਸੀ ਪੱਖਪਾਤ ਦੇ ਗੰਭੀਰ ਇਲਜ਼ਾਮ ਲਗਾਏ ਹਨ। ਖਹਿਰਾ ਨੇ ਟਵੀਟ ਕਰਦਿਆਂ ਸਵਾਲ ਚੁੱਕਿਆ ਕਿ ਜੇਕਰ ਪੁਲਸ ਉਨ੍ਹਾਂ ਨੂੰ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਬਿਨਾਂ ਕਿਸੇ ਨੋਟਿਸ ਦੇ ਅੱਧੀ ਰਾਤ ਨੂੰ ਕੰਧਾਂ ਟੱਪ ਕੇ ਚੋਰਾਂ ਵਾਂਗ ਗ੍ਰਿਫ਼ਤਾਰ ਕਰ ਸਕਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਨੂੰ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਕਿਹੜੀ ਚੀਜ਼ ਰੋਕ ਰਹੀ ਹੈ? ਉਨ੍ਹਾਂ ਦਾਅਵਾ ਕੀਤਾ ਕਿ ਭੁੱਲਰ ਦਾ ਗੁਨਾਹ ਕਿਤੇ ਜ਼ਿਆਦਾ ਸੰਗੀਨ ਹੈ।






