ਵੱਡੀ ਖ਼ਬਰ: ਪੰਜਾਬ ‘ਚ ਇਨ੍ਹਾਂ ਅਧਿਆਪਕਾਂ ਨੂੰ ਨਹੀਂ ਦੇਣੀ ਪਵੇਗੀ ਟੈਟ ਪ੍ਰੀਖਿਆ! ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਪੱਸ਼ਟੀਕਰਨ

 

 

ਵੱਡੀ ਖ਼ਬਰ: ਪੰਜਾਬ ‘ਚ ਇਨ੍ਹਾਂ ਅਧਿਆਪਕਾਂ ਨੂੰ ਨਹੀਂ ਦੇਣੀ ਪਵੇਗੀ ਟੈਟ ਪ੍ਰੀਖਿਆ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਪੱਸ਼ਟੀਕਰਨ

PSTET ਪਾਸ ਉਮੀਦਵਾਰਾਂ ਲਈ ਰਾਹਤ: ਵਿਸ਼ੇਸ਼ ਪ੍ਰੀਖਿਆ ਦੇਣ ਦੀ ਲੋੜ ਨਹੀਂ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨੋਟਿਸ

ਐਸ.ਏ.ਐਸ. ਨਗਰ, 3 ਅਪ੍ਰੈਲ 2026-

ਡਾਇਰੈਕਟੋਰੇਟ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਨੂੰ ਲੈ ਕੇ ਖ਼ਦਸ਼ੇ ਦੂਰ ਕਰਦਿਆਂ ਇੱਕ ਅਹਿਮ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ।

ਵਿਭਾਗ ਦਾ ਸਪੱਸ਼ਟੀਕਰਨ

ਸਹਾਇਕ ਡਾਇਰੈਕਟਰ (ਪ੍ਰਮੋਸ਼ਨ) ਵੱਲੋਂ ਜਾਰੀ ਹੁਕਮਾਂ ਅਨੁਸਾਰ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਵੱਲੋਂ ਲਈ ਜਾਣ ਵਾਲੀ ਵਿਸ਼ੇਸ਼ PSTET ਪ੍ਰੀਖਿਆ ਸਬੰਧੀ ਇਹ ਸਾਫ਼ ਕੀਤਾ ਗਿਆ ਹੈ ਕਿ ਜਿਹੜੇ ਉਮੀਦਵਾਰ ਪਹਿਲਾਂ ਹੀ PSTET ਪਾਸ ਹਨ, ਉਨ੍ਹਾਂ ਨੂੰ ਇਸ ਵਿਸ਼ੇਸ਼ ਪ੍ਰੀਖਿਆ ਵਿੱਚ ਬੈਠਣ ਦੀ ਕੋਈ ਲੋੜ ਨਹੀਂ ਹੈ।

ਇਹ ਸਪੱਸ਼ਟੀਕਰਨ ਉਨ੍ਹਾਂ ਯੋਗ ਉਮੀਦਵਾਰਾਂ ਲਈ ਵੱਡੀ ਰਾਹਤ ਹੈ ਜੋ ਪ੍ਰੀਖਿਆ ਨੂੰ ਲੈ ਕੇ ਦੁਬਿਧਾ ਵਿੱਚ ਸਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਿਯਮ ਸਾਰੇ ਸਬੰਧਤ ਉਮੀਦਵਾਰਾਂ ‘ਤੇ ਲਾਗੂ ਹੋਵੇਗਾ। ਦੱਸ ਦਈਏ ਕਿ ਇਹ ਆਦੇਸ਼ ਸਿੱਖਿਆ ਵਿਭਾਗ ਨੇ 20 ਫਰਵਰੀ 2026 ਨੂੰ ਜਾਰੀ ਕੀਤੇ ਸਨ।

ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਅੰਦਰ ਵੱਡੇ ਪੱਧਰ ‘ਤੇ ਅਧਿਆਪਕ ਜਿਹੜੇ 2011 ਤੋਂ ਪਹਿਲਾਂ ਭਰਤੀ ਹੋਏ ਸਨ, ਉਨ੍ਹਾਂ ਕੋਲੋਂ ਟੈਟ ਪ੍ਰੀਖਿਆ ਲੈਣ ਬਾਰੇ ਸਰਕਾਰ ਨੇ ਨੋਟਿਸ ਜਾਰੀ ਕੀਤਾ ਹੋਇਆ ਹੈ। ਹਾਲਾਂਕਿ ਅਧਿਆਪਕ ਜਥੇਬੰਦੀਆਂ ਵੱਡੇ ਪੱਧਰ ਤੇ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ।

ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਉਪਰ ਜ਼ਬਰੀ ਥੋਪੇ ਟੈਸਟ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

ਜਥੇਬੰਦੀਆਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਕੀਤੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਵਿਰੁੱਧ ਰਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿੱਚ ਮਤਾ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ।

ਪ੍ਰੰਤੂ ਸਰਕਾਰ ਨੇ ਦੋਨੋ ਮੰਗਾਂ ਉਪਰ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ ਇਕ ਤਰ੍ਹਾਂ ਨਾਲ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਨਾਲ ਧੋਖਾ ਕਰਕੇ ਜ਼ਬਰੀ ਟੈਟ ਨੂੰ ਥੋਪਿਆ ਗਿਆ ਹੈ।

ਅਧਿਆਪਕ ਜਥੇਬੰਦੀਆਂ ਵੱਲੋਂ 6 ਅਤੇ 7 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਕੀਤੇ ਜਾ ਰਹੇ ਜਿਲ੍ਹਾ ਪੱਧਰੀ ਪੁਤਲਾ ਫੂਕ ਪ੍ਰਦਰਸ਼ਨ ਦਾ ਫ਼ੈਸਲਾ ਕੀਤਾ ਗਿਆ ਹੈ।