ਵੱਡੀ ਖ਼ਬਰ: ਪ੍ਰਸਿੱਧ ਗਾਇਕਾ ਸਤਵਿੰਦਰ ਬਿੱਟੀ ਲੜੇਗੀ ਵਿਧਾਨ ਸਭਾ ਚੋਣ?
ਸਾਹਨੇਵਾਲ ਦੀ ਨੁਹਾਰ ਬਦਲਣ ਲਈ ਸਤਵਿੰਦਰ ਬਿੱਟੀ ਨੇ ਪੇਸ਼ ਕੀਤਾ ਆਪਣਾ ਵਿਜ਼ਨ, ਕਾਂਗਰਸ ਸਰਕਾਰ ਬਣਨ ‘ਤੇ ਬੁਨਿਆਦੀ ਸਹੂਲਤਾਂ ਦੇਣ ਦਾ ਕੀਤਾ ਵਾਅਦਾ- ਨਸ਼ਿਆਂ ਦਾ ਖ਼ਾਤਮਾ ਅਤੇ ਸ਼ੁੱਧ ਪੀਣ ਵਾਲਾ ਪਾਣੀ ਸਾਡੀ ਪਹਿਲੀ ਤਰਜੀਹ ਹੋਵੇਗੀ
ਪੱਤਰਕਾਰਾਂ ਦੇ ਰੂਬਰੂ ਹੋਏ ਸਤਵਿੰਦਰ ਬਿੱਟੀ, ਸਾਹਨੇਵਾਲ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਹੱਲ ਕਰਨ ਦਾ ਲਿਆ ਅਹਿਦ- ਸਾਹਨੇਵਾਲ ਦੇ ਸਰਬਪੱਖੀ ਵਿਕਾਸ ਲਈ ਠੋਸ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ
ਸਾਹਨੇਵਾਲ, 20 ਨਵੰਬਰ 2026: ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਸਤਵਿੰਦਰ ਬਿੱਟੀ ਵੱਲੋਂ ਅੱਜ ਸਾਹਨੇਵਾਲ ਵਿਖੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਹਲਕੇ ਦੀਆਂ ਮੌਜੂਦਾ ਸਮੱਸਿਆਵਾਂ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਆਪਣੇ ਆਉਣ ਵਾਲੇ ਵਿਜ਼ਨ ਬਾਰੇ ਮੀਡੀਆ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਤਵਿੰਦਰ ਬਿੱਟੀ ਨੇ ਕਿਹਾ ਕਿ ਸਾਹਨੇਵਾਲ ਹਲਕੇ ਦੇ ਵਸਨੀਕ ਲੰਮੇ ਸਮੇਂ ਤੋਂ ਕਈ ਬੁਨਿਆਦੀ ਮੁਸ਼ਕਲਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਿਆਸਤ ਦਾ ਅਸਲ ਮਕਸਦ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਉਸਾਰੂ ਬਦਲਾਅ ਲਿਆਉਣਾ ਹੁੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਸਾਹਨੇਵਾਲ ਹਲਕੇ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਆਪਣੀਆਂ ਮੁੱਖ ਤਰਜੀਹਾਂ ਦਾ ਜ਼ਿਕਰ ਕਰਦਿਆਂ ਸਤਵਿੰਦਰ ਬਿੱਟੀ ਨੇ ਹਲਕੇ ਦੇ ਵਿਕਾਸ ਲਈ ਪੰਜ ਨੁਕਾਤੀ ਏਜੰਡਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲੀ ਤਰਜੀਹ ਨਸ਼ਿਆਂ ਦਾ ਖ਼ਾਤਮਾ ਕਰਨਾ ਹੋਵੇਗੀ, ਜਿਸ ਤਹਿਤ ਨੌਜਵਾਨ ਪੀੜ੍ਹੀ ਨੂੰ ਇਸ ਲਾਹਨਤ ਤੋਂ ਬਚਾਉਣ ਲਈ ਸਖ਼ਤ ਕਦਮ ਚੁੱਕਣ ਦੇ ਨਾਲ-ਨਾਲ ਇਲਾਕੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਦੂਜੀ ਤਰਜੀਹ ਵਜੋਂ ਉਨ੍ਹਾਂ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਦੀ ਗੱਲ ਕਹੀ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸਾਫ਼ ਹਵਾ ਅਤੇ ਸਿਹਤਮੰਦ ਮਾਹੌਲ ਮਿਲ ਸਕੇ।
ਇਸ ਤੋਂ ਇਲਾਵਾ, ਉਨ੍ਹਾਂ ਸਾਹਨੇਵਾਲ ਦੇ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਦਾ ਵਾਅਦਾ ਕੀਤਾ, ਜਿਸ ਨਾਲ ਬਰਸਾਤਾਂ ਦੇ ਦਿਨਾਂ ਵਿੱਚ ਹੋਣ ਵਾਲੀ ਜਲ-ਥਲ ਦੀ ਸਮੱਸਿਆ ਤੋਂ ਲੋਕਾਂ ਨੂੰ ਪੱਕੀ ਨਿਜਾਤ ਮਿਲ ਸਕੇ। ਚੌਥੀ ਤਰਜੀਹ ਵਜੋਂ ਉਨ੍ਹਾਂ ਹਲਕੇ ਦੇ ਹਰ ਪਰਿਵਾਰ ਲਈ ਸ਼ੁੱਧ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਗੱਲ ਆਖੀ। ਪੰਜਵੀਂ ਤਰਜੀਹ ਤਹਿਤ ਉਨ੍ਹਾਂ ਮਜ਼ਬੂਤ ਬੁਨਿਆਦੀ ਢਾਂਚੇ ਦੀ ਉਸਾਰੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖਸਤਾਹਾਲ ਸੜਕਾਂ ਦੀ ਮੁਰੰਮਤ, ਸ਼ਹਿਰ ਤੇ ਪਿੰਡਾਂ ਦੀ ਸਾਫ਼-ਸਫ਼ਾਈ ਅਤੇ ਹਰਿਆਲੀ ਵਧਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
ਪ੍ਰੈੱਸ ਕਾਨਫਰੰਸ ਦੇ ਅਖੀਰ ਵਿੱਚ ਸਤਵਿੰਦਰ ਬਿੱਟੀ ਨੇ ਹਲਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਹਨੇਵਾਲ ਦੇ ਲੋਕਾਂ ਦੇ ਹੱਕਾਂ ਅਤੇ ਮਸਲਿਆਂ ਨੂੰ ਹਰ ਢੁੱਕਵੇਂ ਮੰਚ ‘ਤੇ ਪੂਰੀ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ ਅਤੇ ਇਲਾਕੇ ਦੇ ਸੁਨਹਿਰੀ ਭਵਿੱਖ ਲਈ ਪੂਰੀ ਦ੍ਰਿੜ੍ਹਤਾ ਨਾਲ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
















