ਵੱਡੀ ਖ਼ਬਰ: ਕੀ MP ਅੰਮ੍ਰਿਤਪਾਲ ਨੂੰ ਮਿਲੇਗੀ ਜ਼ਮਾਨਤ? ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਮਾਨਵੀ ਆਧਾਰ ‘ਤੇ ਜ਼ਮਾਨਤ ਦੀ ਮੰਗ: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਦਾ ਮਾਮਲਾ- ਅੰਮ੍ਰਿਤਸਰ ਅਦਾਲਤ ਨੇ ਪੰਜਾਬ ਸਰਕਾਰ ਤੋਂ ਭਲਕੇ ਤੱਕ ਮੰਗਿਆ ਜਵਾਬ- ਪਰਿਵਾਰ ਨੇ ਰੱਖੀ ਇਹ ਸ਼ਰਤ
ਚੰਡੀਗੜ੍ਹ/ਅੰਮ੍ਰਿਤਸਰ, 12 ਨਵੰਬਰ 2026: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਸਵਰਗਵਾਸੀ ਦਾਦੀ ਜੀ ਦੇ ਅੰਤਿਮ ਸਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਅੱਜ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਭਲਕੇ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
MP ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਦਾਦੀ ਜੀ ਦੇ ਅੰਤਿਮ ਸਸਕਾਰ ਅਤੇ ਭੋਗ ਦੀਆਂ ਰਸਮਾਂ ਦਾ ਪ੍ਰੋਗਰਾਮ ਤੈਅ ਕਰ ਲਿਆ ਗਿਆ ਹੈ। ਪਰਿਵਾਰ ਅਨੁਸਾਰ, 14 ਨਵੰਬਰ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ, 15 ਨਵੰਬਰ ਨੂੰ ਅਸਥੀਆਂ ਜਲ ਪ੍ਰਵਾਹ ਕਰਨ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 17 ਨਵੰਬਰ ਨੂੰ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਹੋਵੇਗੀ। ਦੂਜੇ ਪਾਸੇ, ਪਰਿਵਾਰ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਅੰਤਰਿਮ ਜ਼ਮਾਨਤ ਨਹੀਂ ਮਿਲ ਜਾਂਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 14 ਤੋਂ 17 ਨਵੰਬਰ ਤੱਕ ਥੋੜ੍ਹੇ ਸਮੇਂ ਦੀ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਮਾਮਲਾ ਪੂਰੀ ਤਰ੍ਹਾਂ ਮਾਨਵੀ ਆਧਾਰ (Humanitarian Ground) ਨਾਲ ਜੁੜਿਆ ਹੋਇਆ ਹੈ। ਦਾਦੀ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਜੇਕਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਨਹੀਂ ਹੋ ਪਾਉਂਦੇ, ਤਾਂ ਉਨ੍ਹਾਂ ਨੂੰ ਸਾਰੀ ਉਮਰ ਇਸ ਗੱਲ ਦਾ ਮਲਾਲ ਰਹੇਗਾ।
ਐਡਵੋਕੇਟ ਕਰਮਵੀਰ ਸਿੰਘ ਨੇ ਅੱਗੇ ਕਿਹਾ ਕਿ ਅਤੀਤ ਵਿੱਚ ਗੰਭੀਰ ਅਪਰਾਧਾਂ ਦੇ ਮੁਲਜ਼ਮਾਂ ਨੂੰ ਵੀ ਮਾਨਵੀ ਆਧਾਰ ‘ਤੇ ਅਜਿਹੀਆਂ ਰਾਹਤਾਂ ਮਿਲਦੀਆਂ ਰਹੀਆਂ ਹਨ, ਜਦਕਿ ਅੰਮ੍ਰਿਤਪਾਲ ਸਿੰਘ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੇ ਕਿਤੇ ਭੱਜਣ ਦਾ ਕੋਈ ਖ਼ਦਸ਼ਾ ਨਹੀਂ ਹੈ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਮੁੱਢਲੀਆਂ ਗੱਲਾਂ ਸੁਣਨ ਤੋਂ ਬਾਅਦ ਸੂਬਾ ਸਰਕਾਰ ਨੂੰ ਭਲਕੇ ਤੱਕ ਆਪਣਾ ਪੱਖ ਰੱਖਣ ਲਈ ਕਿਹਾ ਹੈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤੇ ਜਾਣ ਤੋਂ ਬਾਅਦ ਅਦਾਲਤ ਵਿੱਚ ਮੁੜ ਬਹਿਸ ਹੋਵੇਗੀ, ਜਿਸ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ।
















