ਵੱਡੀ ਖ਼ਬਰ: ਪੰਜਾਬ ਭਰ ਦੇ ਸੇਵਾ ਕੇਂਦਰਾਂ ਦਾ ਕੰਮ ਠੱਪ! ਮੁਲਾਜ਼ਮਾਂ ਦੀ ਹੜਤਾਲ ਜਾਰੀ
ਹੱਕੀ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਪੈਦਲ ਰੋਸ ਮਾਰਚ; ਵਿਧਾਇਕ ਹਰਮੀਤ ਸੰਧੂ ਨੂੰ ਸੌਂਪਿਆ ਮੰਗ ਪੱਤਰ
ਪਿਛਲੇ 10 ਸਾਲਾਂ ਤੋਂ ਘੱਟ ਤਨਖ਼ਾਹਾਂ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਸਰਕਾਰ ਅਤੇ ਕੰਪਨੀ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਪੱਕੇ ਕਰਨ ਵਾਲੇ ਸਰਕਾਰੀ ਐਲਾਨ ਵਿੱਚ ਨਾਂ ਸ਼ਾਮਲ ਨਾ ਹੋਣ ਕਾਰਨ ਮੁਲਾਜ਼ਮਾਂ ‘ਚ ਭਾਰੀ ਰੋਸ
ਮੰਗਾਂ ਨਾ ਮੰਨਣ ‘ਤੇ 3 ਜੂਨ ਨੂੰ ਲੱਗਣ ਵਾਲੇ ਰੁਜ਼ਗਾਰ ਮੇਲੇ ਦਾ ਤਿੱਖਾ ਵਿਰੋਧ ਕਰਨ ਦੀ ਦਿੱਤੀ ਚੇਤਾਵਨੀ
ਤਰਨਤਾਰਨ, 2 ਜੂਨ 2026-
ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮ ਹੜਤਾਲ ‘ਤੇ ਚੱਲ ਰਹੇ ਹਨ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਬੰਧਕੀ ਕੰਪਨੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਇੱਕ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ।
ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਰੋਸ ਮਾਰਚ ਦੌਰਾਨ ਮੁਲਾਜ਼ਮਾਂ ਨੇ ਬਾਜ਼ਾਰਾਂ ਵਿੱਚ ਪ੍ਰਦਰਸ਼ਨ ਕਰਕੇ ਆਮ ਲੋਕਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮ ਪਿਛਲੇ ਕਰੀਬ 10 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ‘ਤੇ ਦਿਨ-ਰਾਤ ਸੇਵਾਵਾਂ ਨਿਭਾ ਰਹੇ ਹਨ।
ਪਰ ਅਫ਼ਸੋਸ ਦੀ ਗੱਲ ਹੈ ਕਿ ਨਾ ਤਾਂ ਸਰਕਾਰ ਅਤੇ ਨਾ ਹੀ ਸਬੰਧਤ ਕੰਪਨੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ।
ਯੂਨੀਅਨ ਦੇ ਪ੍ਰੈਸ ਸਕੱਤਰ ਹਰਮਨ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਜੋ ਇਤਿਹਾਸਕ ਐਲਾਨ ਕੀਤੇ ਗਏ ਹਨ, ਉਨ੍ਹਾਂ ਵਿੱਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ।
ਇਸ ਬੇਇਨਸਾਫ਼ੀ ਕਾਰਨ ਸਮੂਹ ਸਟਾਫ਼ ਵਿੱਚ ਭਾਰੀ ਨਾਰਾਜ਼ਗੀ ਹੈ ਅਤੇ ਇਸੇ ਕਰਕੇ ਉਨ੍ਹਾਂ ਨੂੰ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਾ ਪਿਆ ਹੈ।
ਰੋਸ ਪ੍ਰਦਰਸ਼ਨ ਦੌਰਾਨ ਬੇਅੰਤ ਕੌਰ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ, ਤਾਂ 3 ਜੂਨ ਨੂੰ ਸਰਕਾਰ ਅਤੇ ਕੰਪਨੀ ਵੱਲੋਂ ਰੁਜ਼ਗਾਰ ਦਫ਼ਤਰ ਅੱਗੇ ਲਗਾਏ ਜਾਣ ਵਾਲੇ ਰੁਜ਼ਗਾਰ ਮੇਲੇ ਦਾ ਤਿੱਖਾ ਵਿਰੋਧ ਅਤੇ ਘੇਰਾਓ ਕੀਤਾ ਜਾਵੇਗਾ।
ਇਸੇ ਦੌਰਾਨ ਯੂਨੀਅਨ ਦੇ ਸਲਾਹਕਾਰ ਕੰਵਲਪ੍ਰੀਤ ਸਿੰਘ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਕੰਪਨੀ ਵੱਲੋਂ ਦਿੱਤੇ ਜਾ ਰਹੇ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਧਮਕੀਆਂ ਅੱਗੇ ਮੁਲਾਜ਼ਮ ਝੁਕਣਗੇ ਨਹੀਂ।
ਹੁਣ ਇਹ ਲੜਾਈ ਆਰ-ਪਾਰ ਦੀ ਹੈ ਅਤੇ ਉਹ ਆਪਣਾ ਹੱਕ ਲੈ ਕੇ ਹੀ ਰਹਿਣਗੇ। ਰੋਸ ਮਾਰਚ ਦੇ ਅਖੀਰ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।
ਵਿਧਾਇਕ ਸੰਧੂ ਨੇ ਮੁਲਾਜ਼ਮਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਇਸ ਮਸਲੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਉਠਾਉਣਗੇ ਅਤੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਯੋਗ ਹੱਲ ਕਰਵਾਉਣ ਲਈ ਪੂਰਾ ਚਾਰਾਜੋਈ ਕਰਨਗੇ। ਇਸ ਮੌਕੇ ਸੇਵਾ ਕੇਂਦਰਾਂ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।






