ਭਾਜਪਾ ਦੀ ਨਵੀਂ ਕੌਮੀ ਟੀਮ ਦਾ ਐਲਾਨ; ਤਰੁਣ ਚੁੱਘ ਨੂੰ ਵੱਡੀ ਜ਼ਿੰਮੇਵਾਰੀ, ਮਨਪ੍ਰੀਤ ਬਾਦਲ ਬਣੇ ਕੌਮੀ ਉਪ ਪ੍ਰਧਾਨ
ਨਵੀਂ ਦਿੱਲੀ, 18 ਅਗਸਤ 2026:
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸੋਮਵਾਰ ਨੂੰ ਆਪਣੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਨਾਲ ਸਬੰਧਤ ਆਗੂਆਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਤਰੁਣ ਚੁੱਘ ਨੂੰ ਰਾਸ਼ਟਰੀ ਦਫ਼ਤਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਸਾਬਕਾ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਪਾਰਟੀ ਦੀ ਕੌਮੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਵੀ ਰਾਸ਼ਟਰੀ ਉਪ ਪ੍ਰਧਾਨ ਬਣਾਇਆ ਗਿਆ ਹੈ। ਨਵੀਂ ਟੀਮ ਵਿੱਚ ਕਈ ਹੋਰ ਆਗੂਆਂ ਨੂੰ ਵੀ ਅਹਿਮ ਅਹੁਦੇ ਦਿੱਤੇ ਗਏ ਹਨ।
ਨਿਤਿਨ ਨਬੀਨ ਦੇ ਭਾਜਪਾ ਕੌਮੀ ਪ੍ਰਧਾਨ ਬਣਨ ਤੋਂ ਕਰੀਬ ਸੱਤ ਮਹੀਨੇ ਬਾਅਦ ਰਾਸ਼ਟਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਲੰਬੇ ਸਮੇਂ ਤੋਂ ਨਵੀਂ ਟੀਮ ਦੇ ਗਠਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਹੁਣ ਨਵੀਂ ਟੀਮ ਦੇ ਐਲਾਨ ਨਾਲ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ।
ਭਾਜਪਾ ਦੀ ਨਵੀਂ ਟੀਮ ਨੂੰ ਖਾਸ ਤੌਰ ’ਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਸਮੇਤ ਕਈ ਸੂਬਿਆਂ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਪਾਰਟੀ ਵੱਲੋਂ ਸੂਬਾਈ ਪੱਧਰ ਦੇ ਨਾਲ-ਨਾਲ ਕੌਮੀ ਸੰਗਠਨ ਨੂੰ ਵੀ ਚੋਣਾਂ ਲਈ ਸਰਗਰਮ ਕੀਤਾ ਜਾ ਰਿਹਾ ਹੈ।
ਪੰਜਾਬ ਤੋਂ ਤਰੁਣ ਚੁੱਘ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀਆਂ ਗਈਆਂ ਅਹਿਮ ਜ਼ਿੰਮੇਵਾਰੀਆਂ ਨੂੰ ਵੀ ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਨਵੀਂ ਟੀਮ ਰਾਹੀਂ ਪਾਰਟੀ ਵੱਲੋਂ ਆਉਣ ਵਾਲੀਆਂ ਚੋਣਾਂ ਲਈ ਸੰਗਠਨਾਤਮਕ ਤਿਆਰੀਆਂ ਨੂੰ ਤੇਜ਼ ਕਰਨ ਅਤੇ ਵੱਖ-ਵੱਖ ਸੂਬਿਆਂ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।















