Join WhatsApp

Join Now

Breaking- ਅਮਿਤ ਸ਼ਾਹ ਤੁਰੰਤ ਅਸਤੀਫ਼ਾ ਦੇਵੇ! ਗੁਰਦੁਆਰੇ ‘ਚ ਪੁਲਿਸ ਦੀ ਗੈਰ-ਕਾਨੂੰਨੀ ਐਂਟਰੀ ਦਾ ਮਾਮਲਾ; ਭੜਕੇ ਕੁਲਦੀਪ ਧਾਲੀਵਾਲ ਨੇ ਕਿਹਾ; ਮੋਦੀ-ਸ਼ਾਹ ‘ਚ ਆ ਗਈ ਇੰਦਰਾ ਦੀ ਰੂਹ

On: October 11, 2026 12:36 PM

 

ਅਮਿਤ ਸ਼ਾਹ ਤੁਰੰਤ ਅਸਤੀਫ਼ਾ ਦੇਵੇ! ਗੁਰਦੁਆਰੇ ‘ਚ ਪੁਲਿਸ ਦੀ ਗੈਰ-ਕਾਨੂੰਨੀ ਐਂਟਰੀ ਦਾ ਮਾਮਲਾ; ਭੜਕੇ ਕੁਲਦੀਪ ਧਾਲੀਵਾਲ ਨੇ ਕਿਹਾ; ਮੋਦੀ-ਸ਼ਾਹ ‘ਚ ਆ ਗਈ ਇੰਦਰਾ ਦੀ ਰੂਹ

ਅਪ੍ਰੇਸ਼ਨ ਬਲੂ ਸਟਾਰ ਦੀ ਯਾਦ ਦਿਵਾਈ: ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਤੇ ਕਾਂਗਰਸ ਨੂੰ ਦੱਸਿਆ ਇੱਕੋ ਸਿੱਕੇ ਦੇ ਦੋ ਪਹਿਲੂ

ਦਿੱਲੀ ‘ਚ ਪ੍ਰਦਰਸ਼ਨਕਾਰੀਆਂ ‘ਤੇ ਤਾਨਾਸ਼ਾਹੀ ‘ਤੇ ‘ਆਪ’ ਆਗੂ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨੋਟਿਸ ਲੈਣ ਦਾ ਸੱਦਾ

ਦਿੱਲੀ ਪੁਲਿਸ ਦੀ ਧੱਕੇਸ਼ਾਹੀ ਨੇ ‘ਅਪ੍ਰੇਸ਼ਨ ਬਲੂ ਸਟਾਰ’ ਦੀ ਯਾਦ ਕਰਵਾਈ ਤਾਜ਼ਾ, ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਦੇਣ ਅਸਤੀਫ਼ਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 11 ਅਕਤੂਬਰ 2026- ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਦੌਰਾਨ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਦੇ ਇਸ਼ਾਰੇ ‘ਤੇ ਦਿੱਲੀ ਪੁਲਿਸ ਨੇ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਆਵਾਜਾਈ ਦੇ ਸਾਰੇ ਸਾਧਨ ਮੈਟਰੋ, ਬੱਸਾਂ ਤੇ ਟਰੇਨਾਂ ਬੰਦ ਕਰ ਦਿੱਤੀਆਂ ਅਤੇ ਸ਼ਰਧਾਲੂਆਂ ਨਾਲ ਅਣਮਨੁੱਖੀ ਵਰਤਾਓ ਕੀਤਾ।

ਕੁਲਦੀਪ ਸਿੰਘ ਧਾਲੀਵਾਲ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਪੁਲਿਸ ਦੇ ਜਵਾਨ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਦਿੱਲੀ ਦੇ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖਲ ਹੋਏ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉੱਥੇ ਮੌਜੂਦ ਛੋਟੇ-ਛੋਟੇ ਵਿਦਿਆਰਥੀਆਂ, ਡਾਕਟਰਾਂ ਅਤੇ ਮੱਥਾ ਟੇਕਣ ਆਏ ਸ਼ਰਧਾਲੂਆਂ ਨਾਲ ਬੁਰਾ ਵਿਵਹਾਰ ਕੀਤਾ।

ਧਾਲੀਵਾਲ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਇਸ ਕਰਤੂਤ ਨੇ ਕਾਂਗਰਸ ਅਤੇ ਇੰਦਰਾ ਗਾਂਧੀ ਵੱਲੋਂ ਕਰਵਾਏ ਗਏ ‘ਅਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਉਸ ਸਮੇਂ ਪੁਲਿਸ ਗੁਰੂ ਘਰਾਂ ਦੀ ਮਰਿਆਦਾ ਭੰਗ ਕਰਦੀ ਸੀ, ਉਹੀ ਕੰਮ ਅੱਜ ਬੀਜੇਪੀ ਦੀ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਕਾਂਗਰਸ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੋਵਾਂ ਦਾ ਤਰੀਕਾ ਸਿੱਖਾਂ ਨੂੰ ਦਬਾਉਣ ਦਾ ਹੀ ਰਿਹਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ

‘ਆਪ’ ਨੇਤਾ ਨੇ ਕਿਹਾ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਅਮਿਤ ਸ਼ਾਹ ਦੇ ਅਧੀਨ ਆਉਂਦੀ ਹੈ। ਇਸ ਲਈ ਗੁਰੂ ਘਰ ਦੀ ਬੇਅਦਬੀ ਅਤੇ ਅੰਦੋਲਨਕਾਰੀਆਂ ‘ਤੇ ਕੀਤੇ ਗਏ ਜੁਲਮ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਹੜੇ ਪੁਲਿਸ ਮੁਲਾਜ਼ਮ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਗਏ ਹਨ, ਉਨ੍ਹਾਂ ਖ਼ਿਲਾਫ਼ ਤੁਰੰਤ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਦਿੱਲੀ ਵਿੱਚ ਗ੍ਰਿਫ਼ਤਾਰ ਕੀਤੇ ਗਏ 7,000 ਤੋਂ ਵੱਧ ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਵਿੱਚ ‘ਆਪ’ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਮਨੀਸ਼ ਸਿਸੋਦੀਆ, ਹਰਪਾਲ ਸਿੰਘ ਚੀਮਾ ਅਤੇ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ, ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਧਾਲੀਵਾਲ ਨੇ ਅਕਾਲੀ ਦਲ ਅਤੇ ਹੋਰ ਪੰਥਕ ਕਹਾਉਣ ਵਾਲੇ ਆਗੂਆਂ ‘ਤੇ ਤਿੱਖੇ ਨਿਸ਼ਾਨੇ ਸਾਧੇ।

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਥ ਦੇ ਵਾਰਸ ਅਖਵਾਉਣ ਵਾਲੇ ਸੁਖਬੀਰ ਸਿੰਘ ਬਾਦਲ, ਧਾਮੀ ਸਾਹਿਬ ਜਾਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਇਸ ਕਾਰੇ ਖ਼ਿਲਾਫ਼ ਇੱਕ ਵੀ ਬਿਆਨ ਨਹੀਂ ਆਇਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਆਗੂ ਅੰਦਰਖਾਤੇ ਬੀਜੇਪੀ ਨਾਲ ਰਲੇ ਹੋਏ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਮਝੌਤਾ ਕਰਨਾ ਚਾਹੁੰਦੇ ਹਨ, ਜਿਸ ਕਰਕੇ ਉਹ ਇਸ ਵੱਡੇ ਮੁੱਦੇ ‘ਤੇ ਚੁੱਪ ਵੱਟੀ ਬੈਠੇ ਹਨ।

ਗੱਲਬਾਤ ਦੇ ਅਖੀਰ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਹੱਥ ਜੋੜ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਗੰਭੀਰ ਮਾਮਲੇ ਦਾ ਤੁਰੰਤ ਸੰਗਿਆਨ ਲੈਣ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਸਿੱਖ ਕੌਮ ਦੀ ਅਗਵਾਈ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸਮੂਹ ਸਿੱਖ ਜਥੇਬੰਦੀਆਂ ਨੂੰ ਇੱਕਜੁੱਟ ਕਰਕੇ ਇਸ ਧੱਕੇਸ਼ਾਹੀ ਖ਼ਿਲਾਫ਼ ਯੋਗ ਕਾਰਵਾਈ ਕਰਨੀ ਚਾਹੀਦੀ ਹੈ।

 

 

Leave a Comment