Breaking: ਭਗਵੰਤ ਮਾਨ ਦਾ ਵੱਡਾ ਐਕਸ਼ਨ; ਨਸ਼ਿਆਂ ਵਿਰੁੱਧ ਲਾਪਰਵਾਹੀ ਵਰਤਣ ‘ਤੇ ਪੁਲਿਸ ਥਾਣੇ ਦਾ ਸਾਰੇ ਸਟਾਫ਼ ਦਾ ਤਬਾਦਲਾ
Punjab Network
ਬਠਿੰਡਾ, 5 ਅਪ੍ਰੈਲ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬਠਿੰਡਾ ਵਿੱਚ ਇੱਕ ਵੱਡੀ ਮਿਸਾਲ ਪੇਸ਼ ਕੀਤੀ ਹੈ। ਇੱਕ ਪਿੰਡ ਦੇ ਸਰਪੰਚ ਵੱਲੋਂ ਮਿਲੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਬਠਿੰਡਾ ਦੇ ਸਦਰ ਪੁਲਿਸ ਸਟੇਸ਼ਨ ਦੇ ਸਮੁੱਚੇ ਸਟਾਫ਼ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਅੱਜ ਮੁੱਖ ਮੰਤਰੀ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੰਚਾਂ-ਸਰਪੰਚਾਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਦਲੇਰੀ ਨਾਲ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ।
ਸਰਪੰਚ ਨੇ ਦੱਸਿਆ ਕਿ, ਉਨ੍ਹਾਂ ਦੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਸ਼ੇ ਕਾਰਨ ਕਈ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਇਸ ਸਬੰਧੀ ਸਦਰ ਪੁਲਿਸ ਸਟੇਸ਼ਨ ਨੂੰ ਵਾਰ-ਵਾਰ ਜਾਣਕਾਰੀ ਦਿੱਤੀ ਗਈ ਸੀ, ਪਰ ਪੁਲਿਸ ਅਧਿਕਾਰੀਆਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਸਰਪੰਚ ਦੀ ਗੱਲ ਸੁਣਦਿਆਂ ਹੀ ਮੁੱਖ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਅਤੇ ਮੌਕੇ ‘ਤੇ ਹੀ ਪੂਰੇ ਥਾਣੇ ਦੇ ਸਟਾਫ਼ ਨੂੰ ਹਟਾਉਣ ਦਾ ਐਲਾਨ ਕਰ ਦਿੱਤਾ।
ਲਾਪਰਵਾਹੀ ਬਰਦਾਸ਼ਤ ਨਹੀਂ: CM ਮਾਨ
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜੇਕਰ ਕੋਈ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਦਾ ਹੈ ਜਾਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਰੱਖਦਾ ਹੈ, ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਇਸ ਲਈ ਸਥਾਨਕ ਪੱਧਰ ‘ਤੇ ਪੁਲਿਸ ਦੀ ਜਵਾਬਦੇਹੀ ਤੈਅ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦੀ ਇਸ ਅਚਨਚੇਤ ਅਤੇ ਵੱਡੀ ਕਾਰਵਾਈ ਨਾਲ ਪੂਰੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਇਸ ਕਦਮ ਨੂੰ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਵਿਰੁੱਧ ਇੱਕ ਸਿੱਧੀ ਚੇਤਾਵਨੀ ਵਜੋਂ ਦੇਖਿਆ ਜਾ ਰਿਹਾ ਹੈ।
ਪਿੰਡ ਵਾਸੀਆਂ ਅਤੇ ਪੰਚਾਇਤਾਂ ਨੇ ਮੁੱਖ ਮੰਤਰੀ ਦੇ ਇਸ ਤੁਰੰਤ ਫੈਸਲੇ ਦਾ ਸਵਾਗਤ ਕੀਤਾ ਹੈ।






