Breaking: ਸਾਬਕਾ ਮੁੱਖ ਮੰਤਰੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ 26 ਫਰਵਰੀ 2026:
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੂੰ ਪੰਚਕੂਲਾ ਦੇ ਐਸੋਸੀਏਟਡ ਜਰਨਲਜ਼ ਲਿਮਟਿਡ (AJL) ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਹੁਤ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੀਬੀਆਈ (CBI) ਅਦਾਲਤ ਵੱਲੋਂ ਹੁੱਡਾ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।
ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਇਸ ਕੇਸ ਵਿੱਚ ਅਪਰਾਧ ਸਾਬਤ ਨਹੀਂ ਹੁੰਦਾ। ਅਦਾਲਤ ਨੇ ਸੀਬੀਆਈ ਕੋਰਟ ਦੇ ਉਸ ਹੁਕਮ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਹੁੱਡਾ ‘ਤੇ ਦੋਸ਼ ਤੈਅ ਕਰਨ ਦੀ ਗੱਲ ਕਹੀ ਗਈ ਸੀ। ਇਹ ਫੈਸਲਾ ਸਾਬਕਾ ਮੁੱਖ ਮੰਤਰੀ ਲਈ ਇੱਕ ਵੱਡੀ ਕਾਨੂੰਨੀ ਜਿੱਤ ਮੰਨਿਆ ਜਾ ਰਿਹਾ ਹੈ।
ਕੀ ਸੀ ਮਾਮਲਾ?
ਇਹ ਮਾਮਲਾ ਪੰਚਕੂਲਾ ਵਿੱਚ AJL ਨੂੰ ਜ਼ਮੀਨ ਅਲਾਟ ਕਰਨ ਨਾਲ ਸਬੰਧਤ ਸੀ। ਸੀਬੀਆਈ ਦਾ ਦੋਸ਼ ਸੀ ਕਿ ਹੁੱਡਾ ਨੇ ਮੁੱਖ ਮੰਤਰੀ ਰਹਿੰਦਿਆਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਨਿਯਮਾਂ ਦੇ ਉਲਟ ਇਹ ਜ਼ਮੀਨ ਅਲਾਟ ਕੀਤੀ ਸੀ। ਹਾਲਾਂਕਿ, ਹੁੱਡਾ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਆ ਰਹੇ ਸਨ।






