BREAKING: ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੰਜਾਬ ਤੋਂ ਚੋਣ ਲੜਨ ਦੀਆਂ ਚਰਚਾਵਾਂ ‘ਤੇ CM ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ
ਸੁਨੀਲ ਜਾਖੜ ਦੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਪਲਟਵਾਰ, ਕਿਹਾ- ‘ਕੇਜਰੀਵਾਲ ਤੇ ਸਿਸੋਦੀਆ ਪੰਜਾਬ ਕਿਉਂ ਆਉਣਗੇ?’ ਜਾਖੜ ਦੇ ਸਿਆਸੀ ਸੰਨਿਆਸ ਅਤੇ ਬਿਆਨਬਾਜ਼ੀ ਨੂੰ ਲੈ ਕੇ CM ਮਾਨ ਨੇ ਕੱਸੇ ਤੰਜ਼
Punjab Network
ਚੰਡੀਗੜ੍ਹ, 13 ਨਵੰਬਰ 2026: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪੰਜਾਬ ਤੋਂ ਚੋਣ ਲੜਨ ਦੀਆਂ ਚਰਚਾਵਾਂ ‘ਤੇ CM ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਪੰਜਾਬ ਵਿੱਚ ਆ ਕੇ ਚੋਣਾਂ ਕਿਉਂ ਲੜਨਗੇ?
ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਇੱਕ ਤਾਜ਼ਾ ਬਿਆਨ ‘ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਤਿੱਖਾ ਪਲਟਵਾਰ ਕੀਤਾ। CM ਮਾਨ ਨੇ ਸੁਨੀਲ ਜਾਖੜ ਦੀ ਸਿਆਸੀ ਕਾਰਜਸ਼ੈਲੀ ਅਤੇ ਉਨ੍ਹਾਂ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਦਰਅਸਲ, ਬੀਤੇ ਦਿਨ ਯਾਨੀ 12 ਨਵੰਬਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਚੋਣ ਲੜਨ ਦੀ ਗੱਲ ਆਖੀ ਸੀ।
ਅੱਜ ਜਦੋਂ ਪੱਤਰਕਾਰਾਂ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਜਾਣਨਾ ਚਾਹਿਆ, ਤਾਂ ਉਨ੍ਹਾਂ ਨੇ ਸੁਨੀਲ ਜਾਖੜ ਦੇ ਇਸ ਬਿਆਨ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਕਈ ਸਿਆਸੀ ਤੰਜ਼ ਕੱਸੇ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਪੰਜਾਬ ਵਿੱਚ ਆ ਕੇ ਚੋਣਾਂ ਕਿਉਂ ਲੜਨਗੇ?
ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਦੋਵਾਂ ਆਗੂਆਂ ਦਾ ਪੰਜਾਬ ਤੋਂ ਚੋਣ ਲੜਨ ਦਾ ਕੋਈ ਤੁਕ ਹੀ ਨਹੀਂ ਬਣਦਾ। ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਕਰਨ ਵਾਲਿਆਂ ਦੀ ਮਾਨਸਿਕ ਸਥਿਤੀ ਠੀਕ ਨਹੀਂ ਜਾਪਦੀ ਅਤੇ ਉਨ੍ਹਾਂ ਨੂੰ ਕਿਸੇ ਚੰਗੇ ਹਸਪਤਾਲ ਤੋਂ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਮਾਨ ਨੇ ਸੁਨੀਲ ਜਾਖੜ ਦੇ ਸਿਆਸੀ ਸੰਨਿਆਸ ਵਾਲੇ ਪੁਰਾਣੇ ਬਿਆਨਾਂ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਜਾਖੜ ਪਹਿਲਾਂ ਹੀ ਕਈ ਵਾਰ ਸਿਆਸਤ ਤੋਂ ਸੰਨਿਆਸ ਲੈਣ ਦੀਆਂ ਗੱਲਾਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਸੋਚ ਹੋ ਗਈ ਹੈ, ਤਾਂ ਫਿਰ ਸਿਆਸਤ ਤੋਂ ਸੰਨਿਆਸ ਲੈਣਾ ਹੀ ਬਣਦਾ ਹੈ।
ਇਸ ਮੌਕੇ ਭਗਵੰਤ ਮਾਨ ਨੇ ਸੁਨੀਲ ਜਾਖੜ ਦੇ ਕਾਂਗਰਸ ਛੱਡਣ ਦੇ ਸਮੇਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਜਾਖੜ ਕਾਂਗਰਸ ਪਾਰਟੀ ਵਿੱਚ ਸਨ, ਉਦੋਂ ਵੀ ਉਹ ਇਹ ਕਹਿ ਕੇ ਆਪਣਾ ਦੁੱਖ ਰੋਇਆ ਕਰਦੇ ਸਨ ਕਿ ਉਨ੍ਹਾਂ ਕੋਲੋਂ ਪਾਰਟੀ ਦਫ਼ਤਰ ਦੀ ਚਾਬੀ ਤੱਕ ਲੈ ਲਈ ਗਈ ਹੈ ਅਤੇ ਅਹੁਦੇ ਤੋਂ ਲਾਹ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉੱਥੋਂ ਵੀ ਅਸਤੀਫ਼ਾ ਦੇ ਦਿੱਤਾ, ਜਿਸ ਦੇ ਮਨਜ਼ੂਰ ਹੋਣ ਜਾਂ ਨਾ ਹੋਣ ਬਾਰੇ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ।
ਆਪਣੀ ਗੱਲ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਕਹਾਵਤ ਦਾ ਸਹਾਰਾ ਲੈਂਦਿਆਂ ਕਿਹਾ ਕਿ “ਦੀਵਾ ਜਦੋਂ ਬੁੱਝਣ ਵਾਲਾ ਹੁੰਦਾ ਹੈ, ਤਾਂ ਉਹ ਜ਼ਿਆਦਾ ਫੜਫੜਾਉਂਦਾ ਹੈ।” ਇਸ ਬਿਆਨ ਰਾਹੀਂ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਕਿ ਵਿਰੋਧੀ ਆਗੂ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਅਜਿਹੇ ਬੇਬੁਨਿਆਦ ਬਿਆਨ ਦੇ ਰਹੇ ਹਨ।















