ਮੋਹਾਲੀ ‘ਚ ਗਮਾਡਾ ਦਫ਼ਤਰ ਬਾਹਰ ਹੰਗਾਮਾ! ED ਦੀਆਂ ਗੱਡੀਆਂ ਦੇ ਟਾਈਰਾਂ ਦੀ AAP ਵਰਕਰਾਂ ਨੇ ਕੱਢੀ ਹਵਾ- ਸ਼ੀਸ਼ੇ ਵੀ ਤੋੜੇ
ਮੋਹਾਲੀ ‘ਚ ED ਦੀ ਛਾਪੇਮਾਰੀ ਖ਼ਿਲਾਫ਼ ‘ਆਪ’ ਦਾ ਹੱਲਾਬੋਲ: ਗਮਾਡਾ ਦਫ਼ਤਰ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਅਤੇ ਵਿਰੋਧ
ਮੋਹਾਲੀ, 24 ਸਤੰਬਰ 2026- ਮੋਹਾਲੀ ਸਥਿਤ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਬਾਹਰ ਉਸ ਵੇਲੇ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਈਡੀ ਦੀ ਟੀਮ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ, ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਈਡੀ ਦੀ ਗੱਡੀ ਦੀ ਤੋੜ-ਫੋੜ ਕੀਤੀ ਗਈ ਅਤੇ ਮੌਕੇ ‘ਤੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਦੀ ਟੀਮ ਗਮਾਡਾ ਦਫ਼ਤਰ ਵਿੱਚ ਕਿਸੇ ਮਾਮਲੇ ਦੀ ਜਾਂਚ ਅਤੇ ਛਾਪੇਮਾਰੀ ਲਈ ਪਹੁੰਚੀ ਸੀ। ਇਸ ਕਾਰਵਾਈ ਦੀ ਖ਼ਬਰ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਗਮਾਡਾ ਦਫ਼ਤਰ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਆਪ ਆਗੂਆਂ ਨੇ ਕੇਂਦਰ ਸਰਕਾਰ ਅਤੇ ਈਡੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਧਿਰਾਂ ਜਾਂ ਰਾਜ ਸਰਕਾਰਾਂ ਦੇ ਕੰਮਕਾਜ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹੰਗਾਮੇ ਦੌਰਾਨ ਕੁਝ ਆਪ ਆਗੂਆਂ ਅਤੇ ਸਮਰਥਕਾਂ ਵੱਲੋਂ ਈਡੀ ਦੀ ਗੱਡੀ ਦੇ ਟਾਇਰਾਂ ਦੀ ਹਵਾ ਕੱਢ ਦਿੱਤੀ ਗਈ। ਇੰਨਾ ਹੀ ਨਹੀਂ, ਪ੍ਰਦਰਸ਼ਨਕਾਰੀਆਂ ਵੱਲੋਂ ਗੱਡੀ ਦੇ ਸ਼ੀਸ਼ੇ ਵੀ ਭੰਨ ਦਿੱਤੇ ਗਏ।
ਗੱਡੀ ਦੀ ਤੋੜ-ਫੋੜ ਤੋਂ ਬਾਅਦ ਈਡੀ ਦੇ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿੱਚ ਹੜਕੰਪ ਮਚ ਗਿਆ। ਪੁਲਿਸ ਨੇ ਸਥਿਤੀ ਨੂੰ ਕੰਟਰੋਲ ਵਿੱਚ ਕਰਨ ਲਈ ਮੁਸ਼ੱਕਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਗਮਾਡਾ ਦਫ਼ਤਰ ਦੇ ਮੁੱਖ ਗੇਟ ਤੋਂ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਮੌਕੇ ‘ਤੇ ਵਾਧੂ ਫੋਰਸ ਤੈਨਾਤ ਕਰ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।
ਦੂਜੇ ਪਾਸੇ, ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਏਜੰਸੀਆਂ ਦਾ ਦੁਰਉਪਯੋਗ ਕਰਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਸਭ ਦੇਖ ਰਹੀ ਹੈ ਅਤੇ ਅਜਿਹੀਆਂ ਧੱਕੇਸ਼ਾਹੀਆਂ ਦਾ ਵਿਰੋਧ ਹਮੇਸ਼ਾ ਕੀਤਾ ਜਾਵੇਗਾ।
ਮੌਕੇ ‘ਤੇ ਅਜੇ ਵੀ ਤਣਾਅਪੂਰਨ ਸ਼ਾਂਤੀ ਬਣੀ ਹੋਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਗੱਡੀ ਦੀ ਤੋੜ-ਫੋੜ ਦੀ ਵੀਡੀਓ ਫੁਟੇਜ ਅਤੇ ਮੌਕੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਈਡੀ (ED) ਅਧਿਕਾਰੀਆਂ ਵੱਲੋਂ ਵੀ ਇਸ ਘਟਨਾ ਸਬੰਧੀ ਉੱਚ ਅਧਿਕਾਰੀਆਂ ਨੂੰ ਰਿਪੋਰਟ ਸੌਂਪੀ ਜਾ ਰਹੀ ਹੈ।
















