BREAKING: ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਵੱਲੋਂ ‘ਬੇਅਦਬੀ’ ਖਿਲਾਫ਼ ਲਿਆਂਦੇ ਗਏ ਬਿੱਲ ਦਾ ਸਮਰਥਨ

 

BREAKING: ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਖਿਲਾਫ਼ ਲਿਆਂਦੇ ਗਏ ਬਿੱਲ ਦਾ ਸਮਰਥਨ

ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵਿੱਚ ਅੱਜ ਉਸ ਵੇਲੇ ਇੱਕ ਇਤਿਹਾਸਕ ਮਾਹੌਲ ਦੇਖਣ ਨੂੰ ਮਿਲਿਆ ਜਦੋਂ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਲਿਆਂਦੇ ਗਏ ਸਖ਼ਤ ਕਾਨੂੰਨੀ ਬਿੱਲ ਦਾ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਖੁੱਲ੍ਹ ਕੇ ਸਮਰਥਨ ਕੀਤਾ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਿੱਲ ‘ਤੇ ਚਰਚਾ ਦੌਰਾਨ ਆਪਣਾ ਪੱਖ ਰੱਖਦਿਆਂ ਕਿਹਾ ਕਿ ਬੇਅਦਬੀ ਵਰਗਾ ਮੁੱਦਾ ਸਮੁੱਚੀ ਮਨੁੱਖਤਾ ਅਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਐਲਾਨ ਕੀਤਾ ਕਿ “ਮੈਂ ਅਤੇ ਮੇਰੀ ਪਾਰਟੀ (ਕਾਂਗਰਸ) ਇਸ ਬਿੱਲ ਦਾ ਪੁਰਜ਼ੋਰ ਸਮਰਥਨ ਕਰਦੇ ਹਾਂ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਮੇਂ ਦੀ ਮੁੱਖ ਲੋੜ ਹੈ।”

ਬੇਅਦਬੀ ਇੱਕ ਅਜਿਹਾ ਮੁੱਦਾ, ਜਿਸ ਨੇ ਪੰਜਾਬ ਦੇ ਹਰ ਨਾਗਰਿਕ ਦੇ ਹਿਰਦੇ ਵਲੂੰਧਰੇ 

ਸਦਨ ਦੀ ਕਾਰਵਾਈ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਇੱਕ ਅਜਿਹਾ ਮੁੱਦਾ ਹੈ ਜਿਸ ਨੇ ਪੰਜਾਬ ਦੇ ਹਰ ਨਾਗਰਿਕ ਦੇ ਹਿਰਦੇ ਵਲੂੰਧਰੇ ਹਨ। ਉਨ੍ਹਾਂ ਸਰਕਾਰ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਇਹ ਕਦਮ ਸੱਚਮੁੱਚ ਇਨਸਾਫ਼ ਦਿਵਾਉਣ ਲਈ ਚੁੱਕਿਆ ਗਿਆ ਹੈ, ਤਾਂ ਮੈਂ ਅਤੇ ਮੇਰੀ ਪੂਰੀ ਪਾਰਟੀ ਇਸ ਬਿੱਲ ਦਾ ਪੁਰਜ਼ੋਰ ਸਮਰਥਨ ਕਰਦੇ ਹਾਂ।”

ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸਤ ਗਰਮ ਰਹੀ ਹੈ ਅਤੇ ਲੋਕ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ। ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਇਸ ਬਿੱਲ ਦਾ ਮਕਸਦ ਅਜਿਹੇ ਗੁਨਾਹ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਣਾ ਅਤੇ ਸਜ਼ਾਵਾਂ ਨੂੰ ਹੋਰ ਸਖ਼ਤ ਕਰਨਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਉਮੀਦ ਜਤਾਈ ਕਿ ਇਹ ਬਿੱਲ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਸ ਨੂੰ ਜ਼ਮੀਨੀ ਪੱਧਰ ‘ਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰਅਤ ਨਾ ਕਰੇ।