BREAKING: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ!
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਕੁਝ ਸਮਾਂ ਪਹਿਲਾਂ ਅਦਾਲਤੀ ਮਨਜ਼ੂਰੀ ਨਾਲ ਵੀਡੀਓ ਕਾਲ ਰਾਹੀਂ ਕੀਤੀ ਸੀ ਦਾਦੀ ਨਾਲ ਗੱਲਬਾਤ
ਚੰਡੀਗੜ੍ਹ 8 ਨਵੰਬਰ 2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਸਿਹਤ ਲਗਾਤਾਰ ਨਾਸਾਜ਼ ਰਹਿਣ ਕਾਰਨ ਪਰਿਵਾਰ ਵੀ ਚਿੰਤਤ ਸੀ।
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਕੁਝ ਸਮਾਂ ਪਹਿਲਾਂ ਅਦਾਲਤ ਤੋਂ ਵਿਸ਼ੇਸ਼ ਮਨਜ਼ੂਰੀ ਲੈ ਕੇ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਉਸ ਸਮੇਂ ਉਹ ਆਪਣੀ ਦਾਦੀ ਦੀ ਸਿਹਤ ਦਾ ਹਾਲ ਜਾਣਨ ਅਤੇ ਉਨ੍ਹਾਂ ਨਾਲ ਗੱਲ ਕਰਨ ਲਈ ਵੀਡੀਓ ਕਾਲ ਰਾਹੀਂ ਪਰਿਵਾਰ ਨਾਲ ਜੁੜੇ ਸਨ। ਹੁਣ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ਅਤੇ ਸਾਕ-ਸਬੰਧੀਆਂ ਵਿੱਚ ਸੋਗ ਦੀ ਲਹਿਰ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਸ ਕਾਰਨ ਉਹ ਆਪਣੇ ਪਰਿਵਾਰ ਤੋਂ ਦੂਰ ਹਨ ਅਤੇ ਪਰਿਵਾਰਕ ਸਮਾਗਮਾਂ ਵਿੱਚ ਵੀ ਆਮ ਤੌਰ ’ਤੇ ਸ਼ਾਮਲ ਨਹੀਂ ਹੋ ਸਕਦੇ।
ਦਾਦੀ ਦੇ ਦੇਹਾਂਤ ਦੀ ਖ਼ਬਰ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਬੰਦ ਹੋਣ ਕਾਰਨ ਪਰਿਵਾਰ ਦੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਕੋਲ ਮੌਜੂਦ ਨਹੀਂ ਹਨ। ਫਿਲਹਾਲ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਅਤੇ ਅੰਮ੍ਰਿਤਪਾਲ ਸਿੰਘ ਨੂੰ ਇਸ ਮੌਕੇ ਸ਼ਾਮਲ ਹੋਣ ਲਈ ਕਿਸੇ ਸੰਭਾਵੀ ਅਦਾਲਤੀ ਮਨਜ਼ੂਰੀ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
















