ਵੱਡੀ ਖ਼ਬਰ: ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕਤਲ
ਮਾਨਸਾ 13 ਅਕਤੂਬਰ 2026
ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੇ ਵਾਪਰਨ ਨਾਲ ਪੂਰੇ ਇਲਾਕੇ ਵਿੱਚ ਸਹਿਮ ਅਤੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੀ ਅਲਾਮਤ ਵਿਰੁੱਧ ਮੈਦਾਨ ਵਿੱਚ ਡਟੇ ਹੋਏ ਸਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾ ਰਹੇ ਸਨ।
ਮੁੱਢਲੀ ਜਾਣਕਾਰੀ ਮੁਤਾਬਕ, ਇਹ ਦੁਖਦ ਘਟਨਾ ਮਾਨਸਾ ਵਿੱਚ ਉਸ ਸਮੇਂ ਵਾਪਰੀ ਹੈ, ਜਦੋਂ ਉਹ ਇੱਕ ਮੈਡੀਕਲ ਸਟੋਰ ਉਪਰ ਲਾਈਵ ਹੋ ਗਏ, ਜਿੱਥੇ ਕਥਿਤ ਨਸ਼ੇ ਦਾ ਵਪਾਰ ਹੁੰਦਾ ਸੀ। ਦੋਸ਼ ਹੈ ਕਿ, ਉਕਤ ਸਟੋਰ ਦੇ ਮਾਲਕ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਹਮਲੇ ਪਿੱਛੇ ਇੱਕ ਦਵਾਈਆਂ ਦੀ ਦੁਕਾਨ ਦੇ ਮਾਲਕ ਦਾ ਹੱਥ ਦੱਸਿਆ ਜਾ ਰਿਹਾ ਹੈ, ਪਰ ਘਟਨਾ ਦੇ ਅਸਲ ਕਾਰਨਾਂ ਅਤੇ ਪਿਛੋਕੜ ਬਾਰੇ ਪੁਲਿਸ ਵੱਲੋਂ ਅਜੇ ਅਧਿਕਾਰਤ ਪੁਸ਼ਟੀ ਕੀਤੀ ਜਾਣੀ ਬਾਕੀ ਹੈ।
ਪਰਵਿੰਦਰ ਸਿੰਘ ਝੋਟਾ ਦੇ ਇਸ ਤਰ੍ਹਾਂ ਅਚਾਨਕ ਕਤਲ ਹੋ ਜਾਣ ਨਾਲ ਇਲਾਕੇ ਦੇ ਸਮਰਥਕਾਂ, ਸਮਾਜ ਸੇਵਕਾਂ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਲੋਕਾਂ ਵਿੱਚ ਭਾਰੀ ਰੋਹ ਅਤੇ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਜਾਣ ਨਾਲ ਨਸ਼ਾ ਵਿਰੋਧੀ ਲਹਿਰ ਨੂੰ ਵੱਡਾ ਘਾਟਾ ਪਿਆ ਹੈ। ਲੋਕਾਂ ਦਾ ਮੰਨਣਾ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਡਟਣ ਵਾਲੇ ਅਜਿਹੇ ਨਿਡਰ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕਾ ਨਿਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।















