Join WhatsApp

Join Now

ਵੱਡੀ ਖ਼ਬਰ: ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

On: ਸਤੰਬਰ 13, 2026 11:31 ਪੂਃ ਦੁਃ

 

ਵੱਡੀ ਖ਼ਬਰ: ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਬਰਨਾਲਾ 13 ਸਤੰਬਰ 2026

ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਬੀਤੀ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੇ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗਾਇਕ ਦੇ ਘਰ ’ਤੇ 10 ਤੋਂ 12 ਰਾਊਂਡ ਫਾਇਰਿੰਗ ਕੀਤੀ। ਹਮਲਾਵਰਾਂ ਨੇ ਮੂੰਹ ਬੰਨ੍ਹੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ।

ਸਰਪੰਚ ਨੇ ਦੱਸਿਆ ਕਿ ਘਟਨਾ ਸਮੇਂ ਗੁਲਾਬ ਸਿੱਧੂ ਖੁਦ ਘਰ ਵਿੱਚ ਮੌਜੂਦ ਨਹੀਂ ਸਨ, ਕਿਉਂਕਿ ਉਹ ਟੂਰ ਪ੍ਰੋਗਰਾਮਾਂ ਦੀ ਰੁਝੇਵਿਆਂ ਕਾਰਨ ਬਾਹਰ ਗਏ ਹੋਏ ਸਨ। ਹਾਲਾਂਕਿ, ਉਨ੍ਹਾਂ ਦਾ ਪੂਰਾ ਪਰਿਵਾਰ ਘਰ ਵਿੱਚ ਹੀ ਮੌਜੂਦ ਸੀ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਅਤੇ ਡਰ ਦਾ ਮਾਹੌਲ ਹੈ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਰਹੀ ਹੈ, ਜਿਸ ਵਿੱਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਘਰ ਵੱਲ ਆਉਂਦੇ ਅਤੇ ਫਾਇਰਿੰਗ ਕਰਦੇ ਦੇਖਿਆ ਜਾ ਸਕਦਾ ਹੈ। ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

ਸਰਪੰਚ ਜਗਸੀਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪਿੰਡ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਗੰਭੀਰ ਹੈ ਅਤੇ ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।

ਫਿਲਹਾਲ ਪੁਲਿਸ ਨੇ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਹੈ ਅਤੇ ਪਰਿਵਾਰ ਦੀ ਸੁਰੱਖਿਆ ਲਈ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਸੋਸ਼ਲ ਮੀਡੀਆ ’ਤੇ ਵੀ ਚਰਚਾ ਛੇੜ ਦਿੱਤੀ ਹੈ, ਜਿੱਥੇ ਲੋਕ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕਰ ਰਹੇ ਹਨ।

Leave a Comment