Join WhatsApp

Join Now

BREAKING- ਪੰਜਾਬ ਕੈਬਨਿਟ ਨੇ ਠੇਕਾ ਮੁਲਾਜ਼ਮਾਂ ਅਤੇ ਸਕੂਲਾਂ ਬਾਰੇ ਲਏ ਵੱਡੇ ਫ਼ੈਸਲੇ; 3 ਨਵੀਆਂ ਯੂਨੀਵਰਸਿਟੀਆਂ ਨੂੰ ਵੀ ਦਿੱਤੀ ਮਨਜ਼ੂਰੀ

On: August 5, 2026 2:55 PM

 

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ! ਆਊਟਸੋਰਸ ਮੁਲਾਜ਼ਮਾਂ ਲਈ ਇਤਿਹਾਸਕ ਬਿੱਲ, ਸਕੂਲ ਫੀਸਾਂ ‘ਤੇ ਲਗਾਮ ਅਤੇ 3 ਨਵੀਆਂ ਡਿਜੀਟਲ ਯੂਨੀਵਰਸਿਟੀਆਂ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ‘ਤੇ ਲਿਆਉਣ ਲਈ ਬਿੱਲ ਨੂੰ ਹਰੀ ਝੰਡੀ

ਨਿਜੀ ਸਕੂਲਾਂ ਦੀ ਮਨਮਾਨੀ ‘ਤੇ ਲੱਗੇਗੀ ਠੱਲ੍ਹ: ਕੈਬਨਿਟ ਨੇ ਫੀਸ ਵਾਧੇ ਬਾਰੇ ਆਰਡੀਨੈਂਸ ਨੂੰ ਬਿੱਲ ‘ਚ ਬਦਲਣ ਦੀ ਦਿੱਤੀ ਪ੍ਰਵਾਨਗੀ

ਪੰਜਾਬ ‘ਚ ਖੁੱਲ੍ਹਣਗੀਆਂ 3 ਨਵੀਆਂ ਡਿਜੀਟਲ ਓਪਨ ਯੂਨੀਵਰਸਿਟੀਆਂ; ਰੁੱਖ ਕੱਟਣ ‘ਤੇ ਲੱਗੇਗਾ 50 ਹਜ਼ਾਰ ਤੱਕ ਦਾ ਜੁਰਮਾਨਾ

ਚੰਡੀਗੜ੍ਹ, 5 ਅਗਸਤ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਅਤੇ ਮਹੱਤਵਪੂਰਨ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਸਿੱਖਿਆ ਪ੍ਰਣਾਲੀ ਅਤੇ ਵਾਤਾਵਰਣ ਦੀ ਸੰਭਾਲ ਨਾਲ ਜੁੜੇ ਕਈ ਅਹਿਮ ਬਿੱਲਾਂ ਅਤੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ।

ਵਿੱਤ ਮੰਤਰੀ ਨੇ ਦੱਸਿਆ ਕਿ ਨਿਜੀ ਸਕੂਲਾਂ ਵੱਲੋਂ ਕੀਤੀ ਜਾਂਦੀ ਬੇਲੋੜੀ ਅਤੇ ਗੈਰ-ਵਾਜਬ ਫੀਸਾਂ ਦੀ ਉਗਰਾਹੀ ਨੂੰ ਰੋਕਣ ਲਈ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ (ਪੰਜਾਬ ਰੈਗੂਲੇਸ਼ਨ ਆਫ ਪੀਸ ਆਫ ਅਨਏਡਿਡ ਐਜੂਕੇਸ਼ਨ) ਨੂੰ ਹੁਣ ਵਿਧਾਨ ਸਭਾ ਬਿੱਲ ਦੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜੇਕਰ ਕੋਈ ਸਕੂਲ 5 ਫੀਸਦੀ ਤੋਂ ਵੱਧ ਫੀਸ ਵਧਾਉਣਾ ਚਾਹੁੰਦਾ ਹੈ, ਤਾਂ ਉਸ ਲਈ ਰੈਗੂਲੇਟਰੀ ਬਾਡੀ ਗਠਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ਦੀ ਜਾਂਚ ਲਈ ਫੋਰੈਂਸਿਕ ਆਡਿਟ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਹ ਬਿੱਲ ਵਿਧਾਨ ਸਭਾ ਤੋਂ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਪੂਰੀ ਤਰ੍ਹਾਂ ਲਾਗੂ ਹੋ ਜਾਵੇਗਾ।

ਆਊਟਸੋਰਸ ਕਾਮਿਆਂ ਲਈ ਸਰਕਾਰ ਨੇ ਲਿਆ ਵੱਡਾ ਫੈਸਲਾ

ਵਿੱਤ ਮੰਤਰੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਲਈ ਸਰਕਾਰ ਨੇ ਵੱਡਾ ਰਾਹਤ ਭਰਿਆ ਫੈਸਲਾ ਲਿਆ ਹੈ। ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਤੋਂ ਠੇਕੇਦਾਰਾਂ ਦੇ ਅਧੀਨ ਕੰਮ ਕਰਦੇ ਆਊਟਸੋਰਸ ਕਾਮਿਆਂ ਨੂੰ ਸਿੱਧੇ ਤੌਰ ‘ਤੇ ਸਰਕਾਰ ਦੇ ਅਧੀਨ ਕੰਟਰੈਕਟ ‘ਤੇ ਲਿਆਉਣ ਲਈ ਇੱਕ ‘ਮਨੀ ਬਿੱਲ’ ਮਨਜ਼ੂਰ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਨੀ ਬਿੱਲ ਹੋਣ ਕਰਕੇ ਇਸ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਮਾਨਯੋਗ ਰਾਜਪਾਲ ਸਾਹਿਬ ਦੀ ਪੂਰਵ-ਮਨਜ਼ੂਰੀ (Prior Approval) ਲਈ ਭੇਜਿਆ ਜਾ ਰਿਹਾ ਹੈ। ਪ੍ਰਵਾਨਗੀ ਮਿਲਦਿਆਂ ਹੀ ਇਸ ਬਿੱਲ ਨੂੰ ਵਿਧਾਨ ਸਭਾ ਦੇ ਟੇਬਲ ‘ਤੇ ਰੱਖ ਕੇ ਪਾਸ ਕਰਵਾਇਆ ਜਾਵੇਗਾ।

3 ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕਰਨ ਦਾ ਫੈਸਲਾ

ਮੰਤਰੀ ਨੇ ਦੱਸਿਆ ਕਿ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਤਹਿਤ ਸੂਬੇ ਵਿੱਚ ਅਤੀ-ਆਧੁਨਿਕ ਤਕਨਾਲੋਜੀ ਨਾਲ ਲੈਸ 3 ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹੁਸ਼ਿਆਰਪੁਰ-ਚੰਡੀਗੜ੍ਹ ਰੋਡ ‘ਤੇ ਸਥਿਤ ਪਿੰਡ ਵਿੱਚ ਸੂਬੇ ਦੀ ਪਹਿਲੀ ਕਲਾਊਡ ਯੂਨੀਵਰਸਿਟੀ ਬਣੇਗੀ, ਜੋ ਬੱਚਿਆਂ ਨੂੰ ਆਧੁਨਿਕ ਡਿਜੀਟਲ ਸਿੱਖਿਆ ਦੇਵੇਗੀ। ਐੱਮ.ਐੱਸ. ਡਿਜੀਟਲ ਯੂਨੀਵਰਸਿਟੀ (ਪਟਿਆਲਾ)/ ਬਲਰਾਜ ਸਿੰਗਲਾ ਐਜੂਕੇਸ਼ਨ ਸੁਸਾਇਟੀ ਵੱਲੋਂ ਪਟਿਆਲਾ ਦੇ ਪਿੰਡ ਫਤਿਹਪੁਰ ਵਿਖੇ ਸਥਾਪਿਤ ਕੀਤੀ ਜਾਵੇਗੀ। ਜ਼ਿਲ੍ਹਾ ਪਟਿਆਲਾ ਦੇ ਪਿੰਡ ਅਨੰਦਪੁਰ ਕੇਸ਼ਵ ਵਿਖੇ ਪ੍ਰਸਿੱਧ ਸਿੱਖਿਆ ਬ੍ਰਾਂਡ ‘ਫਿਜ਼ਿਕਸ ਵਾਲਾ’ ਦੀ ਡਿਜੀਟਲ ਯੂਨੀਵਰਸਿਟੀ ਖੋਲ੍ਹੀ ਜਾਵੇਗੀ।

ਰੁੱਖ ਕੱਟਣ ‘ਤੇ ਭਾਰੀ ਜੁਰਮਾਨਾ

ਮੰਤਰੀ ਚੀਮਾ ਨੇ ਦੱਸਿਆ ਕਿ ਗਲੋਬਲ ਵਾਰਮਿੰਗ ਅਤੇ ਕਲਾਈਮੇਟ ਚੇਂਜ ਦੇ ਖਤਰਿਆਂ ਨੂੰ ਦੇਖਦਿਆਂ ‘ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਬਿੱਲ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਕੋਈ ਵੀ ਰੁੱਖ ਕੱਟਣ ‘ਤੇ ਸਬੰਧਤ ਵਿਅਕਤੀ ਨੂੰ 10 ਨਵੇਂ ਦਰਖਤ ਲਗਾਉਣੇ ਪੈਣਗੇ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 10,000 ਰੁਪਏ ਪ੍ਰਤੀ ਰੁੱਖ ਜੁਰਮਾਨਾ ਲੱਗੇਗਾ। ਦੂਜੀ ਵਾਰ ਉਲੰਘਣਾ ‘ਤੇ 35,000 ਰੁਪਏ ਅਤੇ ਤੀਜੀ ਵਾਰ ਉਲੰਘਣਾ ਕਰਨ ‘ਤੇ 50,000 ਰੁਪਏ ਤੱਕ ਦਾ ਜੁਰਮਾਨਾ ਠੋਕਿਆ ਜਾਵੇਗਾ।

ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਤਬਦੀਲ ਹੋਏ 582 ਵੈਟਰਨਰੀ ਫਾਰਮਾਸਿਸਟ, 449 ਵੈਟਰਨਰੀ ਫਾਰਮਰ ਅਸਿਸਟੈਂਟ ਅਤੇ 552 ਸਫਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ 1 ਅਪ੍ਰੈਲ 2026 ਤੋਂ 31 ਮਾਰਚ 2027 ਤੱਕ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਲੋਕ ਨਿਰਮਾਣ ਵਿਭਾਗ (PWD) ਵਿੱਚ ਸਿਵਲ ਦੀਆਂ ਅਸਾਮੀਆਂ ਨੂੰ ਸਿੱਧੇ ਤੌਰ ‘ਤੇ ਭਰਨ ਦੀ ਵੀ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਰਕਾਰ ਦੇ ਇਹ ਫੈਸਲੇ ਪੰਜਾਬ ਦੇ ਵਿਕਾਸ, ਰੁਜ਼ਗਾਰ ਅਤੇ ਵਾਤਾਵਰਣ ਸੁਧਾਰ ਦੇ ਖੇਤਰ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਣਗੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment