BREAKING: ਭਗਵੰਤ ਮਾਨ ਮੰਤਰੀ Sanjeev Arora ਨੂੰ ਕੈਬਨਿਟ ‘ਚੋਂ ਹਟਾਵੇ! ਬਾਜਵਾ ਦਾ ਵੱਡਾ ਬਿਆਨ

On: ਮਈ 10, 2026 9:15 ਬਾਃ ਦੁਃ

 

BREAKING: ਪੰਜਾਬ ਸਰਕਾਰ ਸੰਜੀਵ ਅਰੋੜਾ (Sanjeev Arora) ਨੂੰ ਕੈਬਨਿਟ ‘ਚੋਂ ਹਟਾਵੇ- ਬਾਜਵਾ ਦਾ ਵੱਡਾ ਬਿਆਨ

ਚੰਡੀਗੜ੍ਹ, 10 ਮਈ 2026- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਪ੍ਰਵਰਤਨ ਨਿਰਦੇਸ਼ਾਲੇ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੈਬਿਨੇਟ ਮੰਤਰੀ ਸੰਜੀਵ ਅਰੋੜਾ (Sanjeev Arora) ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕੀਤੀ।

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਇਮਾਨਦਾਰੀ ਅਤੇ ਜਵਾਬਦੇਹੀ ਦੇ ਉਹਨਾਂ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ, ਜਿਨ੍ਹਾਂ ਦਾ ਵਾਅਦਾ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤਾ ਸੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਜੁੜੇ ਵਿਵਾਦਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਾਰ-ਵਾਰ ਨਾਮ ਆਉਣਾ ਪਾਰਟੀ ਦੀ ਕਥਿਤ ਸਾਫ਼-ਸੁਥਰੀ ਰਾਜਨੀਤੀ ਦੇ ਮਾਡਲ ਦੀ ਅਸਲ ਹਕੀਕਤ ਨੂੰ ਬੇਨਕਾਬ ਕਰਦਾ ਹੈ।

ਬਾਜਵਾ ਨੇ ਕਿਹਾ, “ਭਗਵੰਤ ਮਾਨ ਨੂੰ ਤੁਰੰਤ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨਾ ਚਾਹੀਦਾ ਹੈ। ਮਨੀ ਲਾਂਡਰਿੰਗ ਵਰਗੇ ਗੰਭੀਰ ਮਾਮਲੇ ਵਿੱਚ ਗ੍ਰਿਫ਼ਤਾਰ ਮੰਤਰੀ ਜਾਂਚ ਮੁਕੰਮਲ ਹੋਣ ਤੱਕ ਅਹੁਦੇ ‘ਤੇ ਨਹੀਂ ਰਹਿ ਸਕਦਾ। ਜੇ ਮਾਨ ਹੁਣ ਵੀ ਕਾਰਵਾਈ ਕਰਨ ਤੋਂ ਇਨਕਾਰ ਕਰਦੇ ਹਨ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਸਿਫ਼ਰ ਸਹਿਣਸ਼ੀਲਤਾ ਦੇ ਆਮ ਆਦਮੀ ਪਾਰਟੀ ਦੇ ਦਾਅਵੇ ਸਿਰਫ਼ ਰਾਜਨੀਤਿਕ ਨਾਅਰੇ ਸਨ।”

ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੁਣ “ਰਾਜਨੀਤਿਕ ਬਦਲੇ ਦੀ ਕਾਰਵਾਈ” ਨੂੰ ਹਰ ਜਾਂਚ ਅਤੇ ਕਾਨੂੰਨੀ ਕਾਰਵਾਈ ਵੇਲੇ ਇੱਕ ਤੈਅ ਬਹਾਨਾ ਬਣਾ ਲਿਆ ਹੈ। ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਹਰ ਮਾਮਲੇ ਵਿੱਚ ਰਾਜਨੀਤਿਕ ਬਦਲੇ ਦੀ ਕਾਰਵਾਈ ਦਾ ਰੋਣਾ ਰੋ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ। ਪੰਜਾਬ ਦੇ ਲੋਕ ਪੁੱਛ ਰਹੇ ਹਨ ਕਿ ਆਖ਼ਿਰ ਕਿਉਂ ਆਮ ਆਦਮੀ ਪਾਰਟੀ ਦੇ ਆਗੂ ਵਾਰ-ਵਾਰ ਭ੍ਰਿਸ਼ਟਾਚਾਰ ਅਤੇ ਵਿੱਤੀ ਬੇਨਿਯਮੀਆਂ ਨਾਲ ਜੁੜੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।”

ਬਾਜਵਾ ਨੇ ਕਿਹਾ ਕਿ ਇਹ ਮਾਮਲਾ ਹੁਣ ਕੇਵਲ ਇੱਕ ਵਿਅਕਤੀ ਤੱਕ ਸੀਮਿਤ ਨਹੀਂ ਰਹਿ ਗਿਆ, ਸਗੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਰੋਸੇਯੋਗਤਾ ਦੇ ਪਤਨ ਦਾ ਪ੍ਰਤੀਕ ਬਣ ਚੁੱਕਾ ਹੈ। ਉਨ੍ਹਾਂ ਕਿਹਾ, “ਜਿਹੜੀ ਪਾਰਟੀ ਕਦੇ ਪੂਰੇ ਦੇਸ਼ ਨੂੰ ਨੈਤਿਕਤਾ ਅਤੇ ਇਮਾਨਦਾਰੀ ਦੇ ਪਾਠ ਪੜ੍ਹਾਉਂਦੀ ਸੀ, ਉਹੀ ਅੱਜ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੰਤਰੀਆਂ ਅਤੇ ਆਗੂਆਂ ਦਾ ਬਚਾਅ ਕਰਨ ਵਿੱਚ ਲੱਗੀ ਹੋਈ ਹੈ।”

ਉਨ੍ਹਾਂ ਕਿਹਾ ਕਿ ਰਾਜਨੀਤਿਕ ਨੈਤਿਕਤਾ ਇਹ ਮੰਗ ਕਰਦੀ ਹੈ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਲੋਕਾਂ ਤੋਂ ਤੁਰੰਤ ਜਵਾਬਦੇਹੀ ਤੈਅ ਕੀਤੀ ਜਾਵੇ।

ਬਾਜਵਾ ਨੇ ਕਿਹਾ, “ਭਗਵੰਤ ਮਾਨ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਨਾਲ ਖੜ੍ਹੇ ਹਨ ਜਾਂ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੰਤਰੀਆਂ ਦੇ ਨਾਲ। ਮੁੱਖ ਮੰਤਰੀ ਦੀ ਚੁੱਪੀ ਅਤੇ ਨਿਸ਼ਕ੍ਰਿਆਤਾ ਸਿਰਫ਼ ਇਸ ਧਾਰਣਾ ਨੂੰ ਮਜ਼ਬੂਤ ਕਰੇਗੀ ਕਿ ਆਮ ਆਦਮੀ ਪਾਰਟੀ ਨੇ ਉਹ ਸਾਰੇ ਅਸੂਲ ਛੱਡ ਦਿੱਤੇ ਹਨ, ਜਿਨ੍ਹਾਂ ਦੇ ਨਾਮ ‘ਤੇ ਉਸ ਨੇ ਲੋਕਾਂ ਤੋਂ ਵੋਟਾਂ ਮੰਗੀਆਂ ਸਨ।”

ਬਾਜਵਾ ਨੇ ਅੱਗੇ ਕਿਹਾ ਕਿ ਇਹ ਬਹੁਤ ਵੱਡੀ ਵਿਡੰਬਨਾ ਹੈ ਕਿ ਆਮ ਆਦਮੀ ਪਾਰਟੀ, ਜੋ ਇੱਕ ਮਜ਼ਬੂਤ ਲੋਕਪਾਲ ਅਤੇ ਸਾਫ਼-ਸੁਥਰੇ ਸ਼ਾਸਨ ਦੀ ਮੰਗ ਕਰਨ ਵਾਲੇ ਜਨ ਅੰਦੋਲਨ ਤੋਂ ਉਭਰੀ ਸੀ, ਸੱਤਾ ਵਿੱਚ ਆਉਣ ਤੋਂ ਬਾਅਦ ਉਹਨਾਂ ਹੀ ਅਸੂਲਾਂ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ।

 

Join WhatsApp

Join Now

Leave a Comment