ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ, ਪੜ੍ਹੋ ਪੂਰੀ ਖ਼ਬਰ
“ਸਰਕਾਰ ਬਣਦਿਆਂ ਹੀ ਇੱਕ ਹਫ਼ਤੇ ‘ਚ ਮਿਲਣਗੇ ਟਿਊਬਵੈੱਲ ਕੁਨੈਕਸ਼ਨ, ਸ਼ਗਨ ਸਕੀਮ ਹੋਵੇਗੀ 1 ਲੱਖ”— ਸੁਖਬੀਰ ਬਾਦਲ ਦਾ ਕਾਦੀਆਂ ਤੋਂ ਐਲਾਨ
ਕਾਦੀਆਂ/ਗੁਰਦਾਸਪੁਰ, 17 ਫਰਵਰੀ 2026-
ਅੱਜ ਕਾਦੀਆਂ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਆਗਾਜ਼ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੱਤਾਧਾਰੀ ਧਿਰ ‘ਆਮ ਆਦਮੀ ਪਾਰਟੀ’ ‘ਤੇ ਤਿੱਖੇ ਹਮਲੇ ਕੀਤੇ ਅਤੇ ਅਕਾਲੀ ਸਰਕਾਰ ਬਣਨ ‘ਤੇ ਲੋਕਾਂ ਲਈ ਵੱਡੀਆਂ ਸਹੂਲਤਾਂ ਦਾ ਐਲਾਨ ਕੀਤਾ।
ਸੁਖਬੀਰ ਬਾਦਲ ਦੇ ਮੁੱਖ ਚੋਣ ਵਾਅਦੇ
- ਅਕਾਲੀ ਸਰਕਾਰ ਬਣਨ ਦੇ ਪਹਿਲੇ ਹਫ਼ਤੇ ਵਿੱਚ ਹੀ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ।
- ਜੋ ਲੋਕ 50 ਸਾਲਾਂ ਤੋਂ ਸਰਕਾਰੀ ਜ਼ਮੀਨਾਂ ਵਾਹ ਰਹੇ ਹਨ, ਉਨ੍ਹਾਂ ਨੂੰ ਉਸ ਜ਼ਮੀਨ ਦੀ ਮਾਲਕੀ ਦਿੱਤੀ ਜਾਵੇਗੀ।
- ਜ਼ਮੀਨਾਂ ਦੇ ਸਾਂਝੇ ਖ਼ਾਤਿਆਂ ਦੀ ਤਕਸੀਮ ਮੁਫ਼ਤ ਕਰਵਾਈ ਜਾਵੇਗੀ।
- ਗਰੀਬ ਪਰਿਵਾਰਾਂ ਨੂੰ 4 ਰੁਪਏ ਕਿੱਲੋ ਆਟਾ ਅਤੇ 20 ਰੁਪਏ ਕਿੱਲੋ ਦਾਲ ਮੁਹੱਈਆ ਕਰਵਾਈ ਜਾਵੇਗੀ।
- ਧੀ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।
- ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਦਿਆਂ ਸਾਰ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਸਿਰਫ਼ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਰਾਖਵੀਆਂ ਕਰਨ ਵਾਲਾ ਕਾਨੂੰਨ ਲਿਆਂਦਾ ਜਾਵੇਗਾ।
- ਆਪਣਾ ਕੰਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਵਿਆਜ-ਮੁਕਤ ਲੋਨ ਦਿੱਤਾ ਜਾਵੇਗਾ, ਜਿਸ ਦਾ ਵਿਆਜ ਸਰਕਾਰ ਭਰੇਗੀ।
- ਹਰ ਹਲਕੇ ਵਿੱਚ ਇੱਕ ਮੈਰੀਟੋਰੀਅਸ ਸਕੂਲ ਬਣਾਇਆ ਜਾਵੇਗਾ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ 50% ਸੀਟਾਂ (ਮੈਰੀਟੋਰੀਅਸ ਸਕੂਲ ਬੱਚਿਆਂ) ਬੱਚਿਆਂ ਲਈ ਰਾਖਵੀਆਂ ਹੋਣਗੀਆਂ।
- ਹਰ ਜ਼ਿਲ੍ਹੇ ਵਿੱਚ ਸਕਿੱਲ ਅਤੇ ਵੈਟਨਰੀ ਯੂਨੀਵਰਸਿਟੀਆਂ/ਕਾਲਜ ਬਣਾਏ ਜਾਣਗੇ।
- ਪੰਜਾਬ ਦੀ ਸ਼ਾਨ ‘ਵਰਲਡ ਕੱਪ ਕਬੱਡੀ’ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।
- ਹੜ੍ਹਾਂ ਤੋਂ ਬਚਾਅ ਲਈ ਸਾਰੇ ਕੱਚੇ ਬੰਨ੍ਹ ਪੱਕੇ ਕੀਤੇ ਜਾਣਗੇ।
ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਜਨਤਾ ਦਾ ਪੈਸਾ ਮਸ਼ਹੂਰੀਆਂ ‘ਤੇ ਬਰਬਾਦ ਕਰ ਰਹੀ ਹੈ ਅਤੇ ਸਰਕਾਰੀ ਜ਼ਮੀਨਾਂ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰੇਗਾ ਜੇਕਰ ਬੱਚੇ ਪੜ੍ਹਨਗੇ ਅਤੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਮਿਲੇਗਾ।






