Join WhatsApp

Join Now

Breaking- ਸੁਖਬੀਰ ਬਾਦਲ ਦਾ SIT ਸਾਹਮਣੇ ਪੇਸ਼ੀ ਮਗਰੋਂ ਵੱਡਾ ਬਿਆਨ, ਕਿਹਾ….

On: ਜੁਲਾਈ 20, 2026 1:41 ਬਾਃ ਦੁਃ

 

Breaking- ਸੁਖਬੀਰ ਬਾਦਲ ਦਾ SIT ਸਾਹਮਣੇ ਪੇਸ਼ੀ ਮਗਰੋਂ ਵੱਡਾ ਬਿਆਨ, ਕਿਹਾ…. “ਜਾਂਚ ਦੇ ਨਾਂ ‘ਤੇ ਸਿਆਸੀ ਡਰਾਮਾ ਕਰ ਰਹੀ ਹੈ ਭਗਵੰਤ ਮਾਨ ਸਰਕਾਰ”

ਚੰਡੀਗੜ੍ਹ, 20 ਜੁਲਾਈ 2026- ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ ਹੋਏ। ਐਸ.ਆਈ.ਟੀ. ਵੱਲੋਂ ਕੀਤੀ ਗਈ ਲੰਮੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਬਾਦਲ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਫੜਨ ਦੀ ਬਜਾਏ, ਸਿਰਫ਼ ਸਿਆਸੀ ਬਦਲਾਖੋਰੀ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਮੈਨੂੰ ਅੱਜ ਚੌਥੀ ਵਾਰ ਜਾਂਚ ਲਈ ਬੁਲਾਇਆ ਗਿਆ ਸੀ ਅਤੇ ਮੈਂ ਹਮੇਸ਼ਾ ਦੀ ਤਰ੍ਹਾਂ ਕਾਨੂੰਨ ਦਾ ਸਤਿਕਾਰ ਕਰਦੇ ਹੋਏ ਸਮੇਂ ਸਿਰ ਪਹੁੰਚਿਆ। ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਮੈਂ ਹਰ ਤਰ੍ਹਾਂ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ, ਭਾਵੇਂ ਮੈਨੂੰ ਜਿੰਨੀ ਵਾਰ ਮਰਜ਼ੀ ਬੁਲਾਇਆ ਜਾਵੇ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਘਟਨਾ ਨੂੰ 11 ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀ ਹਾਲੇ ਤੱਕ ਕਿਉਂ ਨਹੀਂ ਫੜੇ ਗਏ?”

ਉਨ੍ਹਾਂ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜ ਸਾਲ ਕਾਂਗਰਸ ਨੇ ਸਿਰਫ਼ ਸਿਆਸੀ ਰੋਟੀਆਂ ਸੇਕੀਆਂ ਅਤੇ ਹੁਣ ਭਗਵੰਤ ਮਾਨ ਸਰਕਾਰ ਵੀ ਉਸੇ ਰਾਹ ‘ਤੇ ਚੱਲ ਰਹੀ ਹੈ। ਬਾਦਲ ਨੇ ਕਿਹਾ ਕਿ ਜੇਕਰ ਕੋਈ ਕਤਲ ਹੁੰਦਾ ਹੈ ਤਾਂ ਪੁਲਿਸ ਮਿੰਟਾਂ ਵਿੱਚ ਮੁਲਜ਼ਮ ਫੜ ਲੈਂਦੀ ਹੈ, ਪਰ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ 11 ਸਾਲਾਂ ਬਾਅਦ ਵੀ ਸਿਰਫ਼ ਐਸ.ਆਈ.ਟੀ.-ਐਸ.ਆਈ.ਟੀ. ਖੇਡਿਆ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਦੀ ਨੀਅਤ ਇਨਸਾਫ਼ ਦੇਣ ਦੀ ਨਹੀਂ, ਬਲਕਿ ਸਿਆਸੀ ਲੜਾਈ ਲੜਨ ਦੀ ਹੈ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿੱਜੀ ਅਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀਆਂ ਨਾਕਾਮੀਆਂ ਕਾਰਨ ਸੜਕਾਂ ‘ਤੇ ਹੈ। ਜਨਤਾ ਵਿੱਚ ਸਰਕਾਰ ਖ਼ਿਲਾਫ਼ ਭਾਰੀ ਗੁੱਸਾ ਹੈ। ਇਸੇ ਜਨਤਕ ਰੋਹ ਅਤੇ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ (ਡਿਵਰਟ ਕਰਨ ਲਈ) ਮੁੱਖ ਮੰਤਰੀ ਮੀਡੀਆ ਵਿੱਚ ਇੱਕ ਨਵਾਂ ਨੈਰੇਟਿਵ ਸਿਰਜਣਾ ਚਾਹੁੰਦੇ ਹਨ ਕਿ ਅੱਜ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਹੈ। ਬਾਦਲ ਨੇ ਕਿਹਾ, “ਮੈਨੂੰ ਬੁਲਾਉਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਅਕਾਲੀ ਦਲ ਨਾ ਕਦੇ ਡਰਿਆ ਹੈ ਅਤੇ ਨਾ ਕਦੇ ਝੁਕਿਆ ਹੈ।”

ਮੁੱਖ ਮੰਤਰੀ ‘ਤੇ ਧਾਰਮਿਕ ਮਰਿਆਦਾਵਾਂ ਨੂੰ ਢਾਹ ਲਾਉਣ ਦੇ ਗੰਭੀਰ ਦੋਸ਼

ਆਪਣੇ ਬਿਆਨ ਵਿੱਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਚਰਣ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਧਾਰਮਿਕ ਸੰਸਥਾਵਾਂ ਨਾਲ ਲਏ ਪੰਗੇ ‘ਤੇ ਸਖ਼ਤ ਸ਼ਬਦਾਂ ਦੀ ਵਰਤੋਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਖ਼ੁਦ ਧਾਰਮਿਕ ਮਰਿਆਦਾਵਾਂ ਦਾ ਉਲੰਘਣ ਕਰਦੇ ਰਹੇ ਹਨ, ਗੁਰੂ ਘਰਾਂ ਵਿੱਚ ਪੁਲਿਸ ਭੇਜੀ ਗਈ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਹੁਣ ਭਗਵੰਤ ਮਾਨ ਸਿੱਧਾ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾ ਰਹੇ ਹਨ ਅਤੇ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੰਦਾ ਹੈ, ਉਸ ਦਾ ਕੱਖ ਨਹੀਂ ਰਹਿੰਦਾ।

ਬਾਦਲ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਭਗਵੰਤ ਮਾਨਾ! ਜਿਹੜੇ ਦਿੱਲੀ ਵਿੱਚ ਬੈਠੇ ਤੁਹਾਡੇ ਆਕਾ ਹਨ, ਉਹ ਤੁਹਾਨੂੰ ਬਚਾਉਣ ਨਹੀਂ ਆਉਣਗੇ। ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਜਾ ਰਿਹਾ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਸੂਝਵਾਨ ਜਨਤਾ ਇਸ ਸਿਆਸੀ ਡਰਾਮੇਬਾਜ਼ੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਨੂੰ ਇੱਥੋਂ ਭਜਾਉਣ ਦਾ ਕੰਮ ਕਰੇਗੀ। ਉਨ੍ਹਾਂ ਦੁਹਰਾਇਆ ਕਿ ਉਹ ਬਤੌਰ ਸੱਚੇ ਸਿੱਖ ਅਤੇ ਪੰਜਾਬੀ ਚਾਹੁੰਦੇ ਹਨ ਕਿ ਬੇਅਦਬੀਆਂ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ, ਨਾ ਕਿ ਇਸ ਸੰਵੇਦਨਸ਼ੀਲ ਮੁੱਦੇ ‘ਤੇ ਗੰਦੀ ਸਿਆਸਤ ਕੀਤੀ ਜਾਵੇ।

 

Leave a Comment