Join WhatsApp

Join Now

Breaking: ਨਸ਼ਾ ਤਸਕਰੀ ਮਾਮਲੇ ’ਚ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ, ਸਪਲਾਈ ਨੈੱਟਵਰਕ ਦੀ ਜਾਂਚ ਸ਼ੁਰੂ

On: November 12, 2026 10:18 AM

 

ਨਸ਼ਾ ਤਸਕਰੀ ਮਾਮਲੇ ’ਚ ਪੁਲਿਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ, ਸਪਲਾਈ ਨੈੱਟਵਰਕ ਦੀ ਜਾਂਚ ਸ਼ੁਰੂ

ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ; ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲਣ ’ਚ ਜੁਟੀ ਪੁਲਿਸ

ਬਰਨਾਲਾ, 12 ਨਵੰਬਰ 2026: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਦੌਰਾਨ ਹੁਣ ਬਰਨਾਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਦਾ ਨਾਮ ਕਥਿਤ ਨਸ਼ਾ ਤਸਕਰੀ ਮਾਮਲੇ ਵਿੱਚ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੀ ਜਾਂਚ ਅਤੇ ਪੁਸ਼ਟੀ ਤੋਂ ਬਾਅਦ ਬਰਨਾਲਾ ਪੁਲਿਸ ਨੇ ਸਬੰਧਤ ਮੁਲਾਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਘਟਨਾ ਨੇ ਪੁਲਿਸ ਵਿਭਾਗ ਵਿੱਚ ਵੀ ਚਰਚਾ ਛੇੜ ਦਿੱਤੀ ਹੈ।

ਪੁਲਿਸ ਵੱਲੋਂ ਥਾਣਾ ਸਿਟੀ-2 ਬਰਨਾਲਾ ਵਿਖੇ 9 ਨਵੰਬਰ 2026 ਨੂੰ ਮੁਕੱਦਮਾ ਨੰਬਰ 564 ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਲਗਾਈ ਗਈ ਹੈ।

ਜਾਣਕਾਰੀ ਅਨੁਸਾਰ, ਵਾਇਰਲ ਵੀਡੀਓ ਵਿੱਚ ਕੁਝ ਨੌਜਵਾਨ ਵਰਦੀਧਾਰੀ ਪੁਲਿਸ ਮੁਲਾਜ਼ਮ ਨੂੰ ਘੇਰਦੇ ਦਿਖਾਈ ਦੇ ਰਹੇ ਹਨ। ਨੌਜਵਾਨਾਂ ਨੇ ਦਾਅਵਾ ਕੀਤਾ ਸੀ ਕਿ ਮੁਲਾਜ਼ਮ ਦੀ ਜੇਬ ਵਿੱਚੋਂ ਚਿੱਟੇ ਦੀਆਂ ਕਥਿਤ ਪੁੜੀਆਂ ਬਰਾਮਦ ਹੋਈਆਂ ਹਨ। ਇਹ ਘਟਨਾ ਕਚਹਿਰੀ ਚੌਕ ਤੋਂ ਗੁਰੂ ਰਵਿਦਾਸ ਚੌਕ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ।

ਪਿੰਡ ਦੇ ਕੁਝ ਨੌਜਵਾਨਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਧਨੌਲਾ ਰੋਡ ’ਤੇ ਇੱਕ ਟਰੈਕਟਰ ਏਜੰਸੀ ਨੇੜੇ ਉਕਤ ਮੁਲਾਜ਼ਮ ਨੂੰ ਕਥਿਤ ਤੌਰ ’ਤੇ ਨਸ਼ਾ ਲੈਂਦਿਆਂ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦਾ ਪਿੱਛਾ ਕਰਕੇ ਰੋਕਿਆ ਅਤੇ ਪੁਲਿਸ ਮੁੱਖ ਦਫ਼ਤਰ ਲੈ ਗਏ।

ਡੀਐੱਸਪੀ ਰਾਜਿੰਦਰ ਪਾਲ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵੀਡੀਓ ਦੀ ਜਾਂਚ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਨਸ਼ੇ ਦੀ ਸਪਲਾਈ ਨਾਲ ਜੁੜੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਪਲਾਈ ਦੇ ਸਰੋਤਾਂ ਦਾ ਪਤਾ ਲਗਾਇਆ ਜਾ ਸਕੇ। ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Leave a Comment