ਮੁੱਖ ਮੰਤਰੀ ਦੀ ਲੋਕ ਮਿਲਣੀ ਸਵਾਲਾਂ ਦੇ ਘੇਰੇ ‘ਚ; ਭਗਵੰਤ ਮਾਨ ਨੇ ਪਿੰਡ ਪੈਰ ਧਰਿਆ ਤਾਂ ਪੁਲਿਸ ਨੇ ਚੁੱਕ ਲਏ ਕਾਂਗਰਸੀ!
ਧੂਰੀ 20 ਸਤੰਬਰ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਮਿਲਣੀ ਮੁਹਿੰਮ ਤਹਿਤ ਧੂਰੀ ਹਲਕੇ ਦੇ ਪਿੰਡ ਧੂਰਾ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਗਰਮਾ ਗਿਆ। ਪੁਲੀਸ ਨੇ ਕਾਂਗਰਸ ਦੇ ਸੀਨੀਅਰ ਆਗੂ ਹਰਦੀਪ ਸਿੰਘ ਦੌਲਤਪੁਰ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਇਸ ਕਾਰਵਾਈ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਹਰਦੀਪ ਸਿੰਘ ਦੌਲਤਪੁਰ ਨੇ ਇੱਕ ਅਖ਼ਬਾਰ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੁਲੀਸ ਦੀ ਇਸ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰਨਾ ਦਰਸਾਉਂਦਾ ਹੈ ਕਿ ਸਰਕਾਰ ਸਿੱਧੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਧੂਰੀ ਹਲਕੇ ਦੇ ਜਿਸ ਵੀ ਹਿੱਸੇ ਵਿੱਚ ਜਾਣਗੇ, ਉਨ੍ਹਾਂ ਨੂੰ ਲੋਕਾਂ ਅਤੇ ਆਪਣੇ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।
ਦੌਲਤਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ੁਦ ਲੋਕਾਂ ਨੂੰ ਸਵਾਲ ਪੁੱਛਣ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਗੱਲ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਕੋਲੋਂ ਆਪਣੇ ਸਵਾਲਾਂ ਦੇ ਜਵਾਬ ਲੈਣ ਲਈ ਸਮਾਂ ਮੰਗ ਰਹੇ ਹਨ ਤਾਂ ਉਨ੍ਹਾਂ ਨੂੰ ਪੁਲੀਸ ਰਾਹੀਂ ਮਿਲਣ ਤੋਂ ਰੋਕਿਆ ਜਾ ਰਿਹਾ ਹੈ।
ਕਾਂਗਰਸੀ ਆਗੂ ਨੇ ਧੂਰੀ ਹਲਕੇ ਵਿੱਚ ਨਸ਼ਿਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਹਲਕੇ ਵਿੱਚ ਨਸ਼ਿਆਂ ਦੀ ਵਿਕਰੀ ਵਧ ਰਹੀ ਹੈ ਅਤੇ ਲੋਕ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਹ ਮੁੱਦੇ ਲੋਕਾਂ ਨਾਲ ਸਬੰਧਤ ਗੰਭੀਰ ਮਸਲੇ ਹਨ ਅਤੇ ਇਨ੍ਹਾਂ ਬਾਰੇ ਸਰਕਾਰ ਤੋਂ ਜਵਾਬ ਮੰਗਣਾ ਉਨ੍ਹਾਂ ਦਾ ਹੱਕ ਹੈ।
ਦੌਲਤਪੁਰ ਨੇ ਕਿਹਾ ਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਜਿੰਨਾ ਮਰਜ਼ੀ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇ, ਉਹ ਆਪਣੇ ਸਵਾਲ ਮੁੱਖ ਮੰਤਰੀ ਤੱਕ ਪਹੁੰਚਾਉਣ ਦੀ ਕੋਸ਼ਿਸ਼ ਜਾਰੀ ਰੱਖਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਉਨ੍ਹਾਂ ਦੀ ਆਵਾਜ਼ ਉਠਾਉਣ ਦੀ ਮੁਹਿੰਮ ਜਾਰੀ ਰਹੇਗੀ।
















