Contract Employees: ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 23 ਮਈ ਨੂੰ ਵਿੱਤ ਮੰਤਰੀ ਦੇ ਹਲਕੇ ‘ਚ ਕਰਨਗੇ ਵੱਡਾ ਪ੍ਰਦਰਸ਼ਨ

 

Contract Employees: ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 23 ਮਈ ਨੂੰ ਵਿੱਤ ਮੰਤਰੀ ਦੇ ਹਲਕੇ ‘ਚ ਕਰਨਗੇ ਵੱਡਾ ਪ੍ਰਦਰਸ਼ਨ

ਲਹਿਰਾ ਮੁਹੱਬਤ 15 ਮਈ 2026-

Contract Employees: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ “ਮੋਰਚੇ” ਦੇ ਬੈਨਰ ਹੇਠ 23 ਮਈ ਤੋਂ ਵਿੱਤ ਮੰਤਰੀ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਵਿਖੇ ਦਿੱਤੇ ਜਾ ਰਹੇ ਲਗਾਤਾਰ ਧਰਨੇ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ।

ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਬਾਦਲ ਭੁੱਲਰ,ਹਰਦੀਪ ਤੱਗੜ,ਬਲਜਿੰਦਰ ਮਾਨ,ਲਛਮਣ ਰਾਮਪੁਰਾ ਅਤੇ ਨਾਇਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।

ਜਿਸ ਦੇ ਵਿਰੋਧ ਵਜੋਂ “ਮੋਰਚੇ” ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਵਿਖੇ 23 ਮਈ ਤੋਂ ਲਗਾਤਾਰ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ।

ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।