ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 1 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

On: ਅਪ੍ਰੈਲ 27, 2026 12:39 ਬਾਃ ਦੁਃ

 

ਠੇਕਾ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 1 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

Punjab Network

ਲਹਿਰਾ ਮੁਹੱਬਤ 27 ਅਪ੍ਰੈਲ 2026: ਗੁਰੂ ਹਰਿਗੋਬਿੰਦ ਥਰਮਲ ਪਲਾਂਟ (GHTP) ਦੇ ਠੇਕਾ ਮੁਲਾਜ਼ਮਾਂ ਨੇ ਅੱਜ ‘ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ)’ ਦੇ ਬੈਨਰ ਹੇਠ ਵਿਸ਼ਾਲ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਰੈਲੀ 1 ਮਈ ਨੂੰ ‘ਮਜ਼ਦੂਰ ਦਿਵਸ’ ਮੌਕੇ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਧਰਨੇ ਦੀ ਤਿਆਰੀ ਵਜੋਂ ਕੀਤੀ ਗਈ।

ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਜਸਬੀਰ ਜੱਸੀ, ਜਗਸੀਰ ਭੰਗੂ, ਹਰਦੀਪ ਤੱਗੜ ਅਤੇ ਲਛਮਣ ਰਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਰਫ਼ ਲਾਰੇ-ਲੱਪੇ ਲਗਾ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਰਤ ਦੀ ਲੁੱਟ ਬੰਦ ਕਰਨ ਦੇ ਐਲਾਨ ਦੇ ਬਾਵਜੂਦ, ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮ ਅੱਜ ਵੀ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਨ ਲਈ ਮਜਬੂਰ ਹਨ।

1 ਮਈ ਨੂੰ ਪਰਿਵਾਰਾਂ ਸਮੇਤ ਸੰਗਰੂਰ ਕੂਚ ਦੀ ਤਿਆਰੀ

ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ 1 ਮਈ ਨੂੰ ਪੰਜਾਬ ਭਰ ਦੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਗਰੂਰ ਪਹੁੰਚਣਗੇ ਅਤੇ ਵਿੱਤ ਮੰਤਰੀ ਪੰਜਾਬ ਦੀ ਰਿਹਾਇਸ਼ ਸਾਹਮਣੇ ਸੂਬਾ ਪੱਧਰੀ ਧਰਨਾ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹਨ ਕਿ ਸਰਕਾਰੀ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਪ੍ਰਕਿਰਿਆ ਤੁਰੰਤ ਬੰਦ ਹੋਵੇ। ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ‘ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

15ਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ। ਸੇਵਾ ਕਾਲ ਦੌਰਾਨ ਮੌਤ ਜਾਂ ਨਕਾਰਾ ਹੋਣ ‘ਤੇ ਪਰਿਵਾਰ ਨੂੰ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।

ਗੇਟ ਰੈਲੀ ਦੇ ਅੰਤ ਵਿੱਚ ਜਮਹੂਰੀ ਹੱਕਾਂ ਦੇ ਰਾਖੇ ਅਤੇ ਉੱਘੇ ਆਗੂ ਐੱਨ.ਕੇ. ਜੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

 

Join WhatsApp

Join Now

Leave a Comment