Crime Breaking News: ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ
Crime Breaking News: ਪਿੰਡ ਕਿਲਾ ਲਾਲ ਸਿੰਘ ਵਿੱਚ ਸਵੇਰੇ ਤੜਕਸਾਰ ਵਾਪਰੀ ਫਾਇਰਿੰਗ ਦੀ ਖ਼ੌਫਨਾਕ ਘਟਨਾ-ਅਕਾਲੀ ਆਗੂ ਜਸਵੀਰ ਸਿੰਘ ਗਿੱਲ ਨੇ ਅੰਦਰ ਭੱਜ ਕੇ ਬਚਾਈ ਆਪਣੀ ਜਾਨ
ਗੁਰਦਾਸਪੁਰ, 20 ਜੂਨ 2026-
Crime Breaking News: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕਰਦੀ ਇੱਕ ਹੋਰ ਵੱਡੀ ਵਾਰਦਾਤ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ। ਇੱਥੋਂ ਦੇ ਨਜ਼ਦੀਕੀ ਪਿੰਡ ਕਿਲਾ ਲਾਲ ਸਿੰਘ ਵਿੱਚ ਅੱਜ ਸਵੇਰੇ ਤੜਕਸਾਰ ਸਾਬਕਾ ਸਰਪੰਚ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੀਰ ਸਿੰਘ ਗਿੱਲ ਦੇ ਘਰ ‘ਤੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਅਤੇ ਇਲਾਕੇ ਵਿੱਚ ਭਾਰੀ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਉਸ ਵੇਲੇ ਵਾਪਰੀ ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਦੇ ਘਰ ਦੇ ਬਾਹਰ ਪਹੁੰਚੇ ਅਤੇ ਉਨ੍ਹਾਂ ਨੇ ਹਥਿਆਰਾਂ ਨਾਲ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਹੁੰਦੀ ਦੇਖ ਜਸਵੀਰ ਸਿੰਘ ਗਿੱਲ ਨੇ ਮੁਸਤੈਦੀ ਦਿਖਾਈ ਅਤੇ ਤੁਰੰਤ ਘਰ ਦੇ ਅੰਦਰ ਵੜ ਕੇ ਆਪਣੀ ਜਾਨ ਬਚਾਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਈਕ ਸਵਾਰ ਹਮਲਾਵਰ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਰਪੰਚ ਜਸਵੀਰ ਸਿੰਘ ਗਿੱਲ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚਲਦਿਆਂ ਅੱਜ ਇਸ ਖ਼ੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਮਲੇ ਵਿੱਚ ਅਕਾਲੀ ਆਗੂ ਬਾਲ-ਬਾਲ ਬਚ ਗਏ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
















