ਸਰਵ ਆਂਗਨਵਾੜੀ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ; ਮੰਗਾਂ ਪੂਰੀਆਂ ਕਰਨ ਦੀ ਕੀਤੀ ਡਿਮਾਂਡ
ਸੰਗਰੂਰ, 19 ਜੁਲਾਈ 2026
ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀਆਂ ਨੁਮਾਇੰਦਿਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਯੂਨੀਅਨ ਦੀਆਂ ਸੰਗਰੂਰ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਅਤੇ ਪ੍ਰਕਾਸ਼ ਕੌਰ ਸ਼ਾਮਲ ਹੋਈਆਂ, ਜਿਨ੍ਹਾਂ ਨੇ ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਮੀਟਿੰਗ ਕੀਤੀ।
ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਗਿਆ ਇਹ ਵਾਅਦਾ ਤੁਰੰਤ ਲਾਗੂ ਕਰੇ ਕਿ ਆੰਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇਗਾ।
ਮਾਣਭੱਤੇ ਤੋਂ ਇਲਾਵਾ, ਆੰਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੋਰ ਵੀ ਕਈ ਅਹਿਮ ਅਤੇ ਪੁਰਾਣੀਆਂ ਮੰਗਾਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜਥੇਬੰਦੀ ਨੇ ਮੰਗ ਰੱਖੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ, ਸਬੰਧਤ ਕੈਬਨਿਟ ਮੰਤਰੀਆਂ ਅਤੇ ਕੈਬਨਿਟ ਕਮੇਟੀ ਨਾਲ ਮੀਟਿੰਗ ਕਰਵਾਈ ਜਾਵੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨਾਲ ਜਲਦ ਤੋਂ ਜਲਦ ਇੱਕ ਹੋਰ ਮੀਟਿੰਗ ਤੈਅ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਵਿਸ਼ਵਾਸ ਦੁਆਇਆ ਕਿ ਜਥੇਬੰਦੀ ਦੀਆਂ ਮੰਗਾਂ ‘ਤੇ ਸਕਾਰਾਤਮਕ ਢੰਗ ਨਾਲ ਕੰਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਤੇ ਸਬੰਧਤ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਲਈ ਪੂਰੇ ਯਤਨ ਕੀਤੇ ਜਾਣਗੇ। ਜਥੇਬੰਦੀ ਨੇ ਉਮੀਦ ਪ੍ਰਗਟਾਈ ਹੈ ਕਿ ਸਰਕਾਰ ਆਪਣੇ ਕੀਤੇ ਚੋਣ ਵਾਅਦਿਆਂ ਨੂੰ ਜਲਦ ਪੂਰਾ ਕਰਦੇ ਹੋਏ ਆੰਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਨਸਾਫ਼ ਦੇਵੇਗੀ।
















