ਪੰਜਾਬ ਸਰਕਾਰ ਤੋਂ ਮੰਗ! ਪੈਨਸ਼ਨਰਾਂ ਦੇ 6ਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਦੇਣ ਦੇ ਨਾਲ ਕੀਤਾ ਜਾਵੇ ਮੈਡੀਕਲ ਬਿੱਲਾਂ ਦਾ ਨਿਪਟਾਰਾ

 

ਪੰਜਾਬ ਸਰਕਾਰ ਤੋਂ ਮੰਗ! ਪੈਨਸ਼ਨਰਾਂ ਦੇ 6ਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਦੇਣ ਦੇ ਨਾਲ, ਕੀਤਾ ਜਾਵੇ ਮੈਡੀਕਲ ਬਿੱਲਾਂ ਦਾ ਵੀ ਨਿਪਟਾਰਾ

ਪੰਜਾਬ ਰੋਡਵੇਜ਼ ਵਿੱਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਤੁਰੰਤ ਦਿੱਤੇ ਜਾਣ ਅਤੇ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਨੇ ਟਰਾਂਸਪੋਰਟ ਵਿਭਾਗ ਪੰਜਾਬ ਸਰਕਾਰ ਤੋਂ ਕੀਤੀ ਮੰਗ

ਮਹਿੰਗਾਈ ਭੱਤੇ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਛੇ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ

ਜਲੰਧਰ, 24 ਮਈ 2026- ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਨੇ ਪੰਜਾਬ ਰੋਡਵੇਜ਼ ਦੇ ਸਮੂਹ ਜਨਰਲ ਮੈਨੇਜਰਾਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਪੰਜਾਬ ਰੋਡਵੇਜ਼ ਦੇ ਵੱਖ-ਵੱਖ ਡੀਪੂਆਂ ਵਿੱਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਵਿੱਤ ਵਿਭਾਗ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮਿਤੀ 18 ਫਰਵਰੀ 2025 ਦੀ ਪਾਲਣਾ ਕਰਦੇ ਹੋਏ 6ਵੇਂ ਤਨਖਾਹ ਕਮਿਸ਼ਨ ਅਨੁਸਾਰ ਪੈਨਸ਼ਨਰਾਂ ਦੇ ਬਣਦੇ ਬਕਾਏ ਖਜ਼ਾਨਾ ਦਫਤਰਾਂ ਵਿੱਚੋਂ ਤੁਰੰਤ ਡਰਾਅ ਕਰਵਾਏ ਜਾਣ ਅਤੇ ਸਬੰਧਤ ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਏ ਜਾਣ।

ਪੰਜਾਬ ਰਾਜ ਦੇ ਵੱਖ ਵੱਖ ਰੋਡਵੇਜ਼ ਦੇ 18 ਡੀਪੂਆਂ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਪੰਜਾਬ ਦੇ ਦਫਤਰ ਵਿੱਚ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ । ਇਹ ਮੰਗ ਅੱਜ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤੀ ਗਈ।

ਉਹਨਾਂ ਆਪਣੇ ਸੰਬੋਧਨ ਵਿੱਚ ਪਿਛਲੇ ਸਮੇਂ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਕੀਤੇ ਗਏ ਵੱਖ ਵੱਖ ਐਕਸ਼ਨਾਂ ਵਿੱਚ, ਏਟਕ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਵੱਲੋਂ 19 ਮਈ ਨੂੰ ਲੇਬਰ ਭਵਨ ਮੋਹਾਲੀ ਸਾਹਮਣੇ ਕੀਤੀ ਗਈ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਾਥੀਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।

ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਇਹਨਾਂ ਮੰਗਾਂ ਦੀ ਪ੍ਰਾਪਤੀ ਲਈ 3 ਜੂਨ ਤੋਂ 5 ਜੂਨ 2026 ਦਰਮਿਆਨ ਜਥੇਬੰਦੀ ਨਾਲ ਸਬੰਧਤ ਪੈਨਸ਼ਨਰਾਂ ਵੱਲੋਂ ਸਮੂਹਿਕ ਵਫਦਾਂ ਦੇ ਰੂਪ ਵਿੱਚ ਪੰਜਾਬ ਰੋਡਵੇਜ਼ ਦੇ ਸਮੂਹ ਜਨਰਲ ਮੈਨੇਜਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਮੀਟਿੰਗ ਦੇ ਸ਼ੁਰੂ ਵਿੱਚ ਜਥੇਬੰਦੀ ਦੇ ਬਹੁਤ ਸੀਨੀਅਰ ਆਗੂ ਗੁਰਚਰਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਬਟਾਲਾ ਦੇ ਪਿਛਲੇ ਦਿਨੀ ਵਿਦੇਸ਼ ਵਿੱਚ ਸਦੀਵੀ ਵਿਛੋੜਾ ਦੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ,ਸੂਬਾਈ ਆਗੂ ਸਵਰਨ ਸਿੰਘ ਹਠੂਰ, ਮਨਜੀਤ ਸਿੰਘ ਗਿੱਲ , ਇਕਬਾਲ ਸਿੰਘ ਪਠਾਨਕੋਟ, ਪ੍ਰਿਤਪਾਲ ਸਿੰਘ ਪੰਡੋਰੀ, ਕੁਲਵੰਤ ਸਿੰਘ ਚਾਨੀ, ਵਿਜੇ ਕੁਮਾਰ ਸ਼ਰਮਾ ਜਲੰਧਰ ਤੇ ਮਨਜੀਤ ਸਿੰਘ ਮਨਸੂਰਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲਿਆਂ ਵਿਰੁੱਧ ਜਾਕੇ ਵੱਖ ਵੱਖ ਤਰ੍ਹਾਂ ਦੀਆਂ ਅਪੀਲਾਂ ਦਾਇਰ ਕਰ ਰਹੀ ਹੈ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ ਏ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਮੁਨਕਰ ਹੋ ਗਈ ਹੈ।

ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੂਹ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਸਰਕਾਰ ਪ੍ਰਤੀ ਗੁੱਸੇ ਦੀ ਪਾਈ ਜਾ ਰਹੀ ਭਾਵਨਾ ਨੂੰ ਤੁਰੰਤ ਸ਼ਾਂਤ ਕੀਤਾ ਜਾਵੇ। ਉਹਨਾਂ ਚੇਤਾਵਨੀ ਦਿੰਦਿਆਂ ਹੋਇਆਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵਤੀਰੇ ਦਾ ਖਮਿਆਜ਼ਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭੁਗਤਨਾ ਪਵੇਗਾ।

ਮੀਟਿੰਗ ਨੇ ਸਰਬ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਸੂਬਾ ਪੱਧਰੀ ਕਨਵੈਂਨਸ਼ਨ ਦੌਰਾਨ ਪੰਜਾਬ ਸਰਕਾਰ ਵਿਰੁੱਧ ਉਲੀਕੇ ਗਏ ਵੱਖ ਵੱਖ ਐਕਸ਼ਨਾਂ ਨੂੰ ਸਫਲ ਬਣਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੇ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕੀਮਤਾਂ ਵਿੱਚ ਕੀਤੇ ਗਏ ਇਹ ਵਾਧੇ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਗਈ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸਵਰਨ ਸਿੰਘ ਤਰਨ ਤਾਰਨ, ਕੁਲਵੰਤ ਸਿੰਘ ਘੁੱਕੇਵਾਲੀ, ਜਗਦੀਸ਼ ਸਿੰਘ ਜਗਰਾਓ, ਬਲਵੰਤ ਸਿੰਘ ਸੰਧੂ , ਮੁਖਤਿਆਰ ਸਿੰਘ, ਰਛਪਾਲ ਫਿਰੋਜ਼ਪੁਰ , ਸੰਤੋਖ ਸਿੰਘ ਕੈਸ਼ੀਅਰ ਜਲੰਧਰ, ਗੁਰਮੁਖ ਸਿੰਘ ਜਲੰਧਰ, ਅਮਰੀਕ ਸਿੰਘ ਬਟਾਲਾ, ਬਲਵਿੰਦਰ ਸਿੰਘ ਬਟਾਲਾ, ਪ੍ਰੇਮ ਕੁਮਾਰ ਨਵਾਂ ਸ਼ਹਿਰ, ਮੁਖਤਿਆਰ ਚੰਦ ਨੰਗਲ,ਦਲਜੀਤ ਸਿੰਘ ਜਗਰਾਉਂ, ਅਜਮੇਰ ਸਿੰਘ ਅਖਾੜਾ ਮੋਗਾ, ਲਖਵਿੰਦਰ ਸਿੰਘ ਰੋਪੜ, ਗੁਰਪ੍ਰੀਤ ਸਿੰਘ ਰੋਪੜ ਆਂਚਲ ਕੁਮਾਰ ਅਤੇ ਮੋਹਨਜੀਤ ਸਿੰਘ ਲੁਧਿਆਣਾ ਆਦਿ ਹਾਜ਼ਰ ਸਨ।