Join WhatsApp

Join Now

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

On: November 13, 2026 5:56 PM

 

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

ਮੁਲਾਜ਼ਮਾਂ ਨੂੰ ਸਿਰਫ਼ ਤੇ ਸਿਰਫ਼ ਪੁਰਾਣੀ ਪੈਨਸ਼ਨ ਹੀ ਮਨਜ਼ੂਰ

ਸੰਗਰੂਰ, 13 ਨਵੰਬਰ 2026- ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਅੱਜ ਤੋਂ ਸ਼ੁਰੂ ਹੋਏ ਪੱਕੇ ਮੋਰਚੇ ਵਿੱਚ ਡੈਮੋਕ੍ਰੇਟਿਕ ਟੀਚਰਜ਼ ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ।

ਅੱਜ ਇੱਥੇ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਮੁਲਾਜ਼ਮਾਂ ਦੀਆਂ ਪਿਛਲੇ ਪੰਜ ਸਾਲਾਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਕਮੇਟੀ ਵੱਲੋਂ13 ਨਵੰਬਰ ਤੋਂ 19 ਨਵੰਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਉਹਨਾਂ ਦੀ ਜਥੇਬੰਦੀ ਨੇ ਭਰਵੀਂ ਸ਼ਮੂਲੀਅਤ ਦੀ ਵਿਉਂਤਬੰਦੀ ਕਰ ਲਈ ਹੈ। ਅੱਜ ਸੰਗਰੂਰ ਅਤੇ ਮਲੇਰਕੋਟਲਾ, 14 ਨੂੰ ਬਠਿੰਡਾ ਅਤੇ ਫਤਿਹਗੜ੍ਹ ਸਾਹਿਬ, 15 ਨੂੰ ਮੁਕਤਸਰ, ਗੁਰਦਾਸਪੁਰ ਅਤੇ ਪਠਾਨਕੋਟ, 16 ਨੂੰ ਮਾਨਸਾ, ਤਰਨਤਾਰਨ ਅਤੇ ਜਲੰਧਰ, 17 ਨੂੰ ਫਰੀਦਕੋਟ ਅਤੇ ਫਿਰੋਜ਼ਪੁਰ,18 ਨੂੰ ਲੁਧਿਆਣਾ ਅਤੇ ਪਟਿਆਲਾ ਅਤੇ 19 ਨਵੰਬਰ ਨੂੰ ਮੋਗਾ ਅਤੇ ਕਪੂਰਥਲਾ ਜਿਲਿਆਂ ਦਾ ਕਾਡਰ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰੇਗਾ।

ਜਥੇਬੰਦੀ ਦੇ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਇਹ ਪੱਕਾ ਮੋਰਚਾ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ,15-1-15 ਅਤੇ 17-7-20 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਵਾਉਣ,ਸਪੈਸ਼ਲ ਕਾਡਰ, ਕੰਪਿਊਟਰ, ਐੱਨ. ਐੱਸ.ਕਿਉ. ਐਫ਼. ਅਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਚ ਮਰਜ਼ ਕਰਵਾਉਣ।

ਸਾਰੇ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਤੁਰੰਤ ਕਰਵਾਉਣ,10% ਬਕਾਇਆ ਡੀ.ਏ. ਤੁਰੰਤ ਜਾਰੀ ਕਰਵਾਉਣ,ਮਿਡ ਡੇ ਮੀਲ ਵਰਕਰਾਂ ਅਤੇ ਸਫਾਈ ਸੇਵਕਾਂ ਦੀ ਤਨਖਾਹ 18000 ਕਰਵਾਉਣ,ਪੇਂਡੂ ਭੱਤਾ,ਬਾਰਡਰ ਭੱਤਾ ਸਮੇਤ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਬਹਾਲ ਕਰਵਾਉਣ, 3-7-11-15 ਦੀ ਏ.ਸੀ. ਪੀ. ਸਕੀਮ ਬਹਾਲ ਕਰਵਾਉਣ ਅਤੇ ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਖਾਲੀ ਪੋਸਟਾਂ ਤੁਰੰਤ ਭਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਇਤਿਹਾਸਿਕ ਮੁਲਾਜ਼ਮ ਅੰਦੋਲਨ ਦੀ ਅਗਲੀ ਕੜੀ ਹੈ।

ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਦੇ ਨਾਂ ‘ਤੇ ਜੇਕਰ ਕੋਈ ਦੂਜੀ/ਤੀਜੀ ਸਕੀਮ ਲਾਗੂ ਕਰੇਗੀ ਤਾਂ ਮੁਲਾਜ਼ਮ ਉਸਨੂੰ ਮਨਜ਼ੂਰ ਨਹੀਂ ਕਰਨਗੇ ਬਲਕਿ ਮੁਲਾਜ਼ਮਾਂ ਦੀ ਮੰਗ 1972 ਦੇ ਨਿਯਮਾਂ ਵਾਲੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ ਹੀ ਹੈ। ਆਗੂਆਂ ਨੇ ਕਿਹਾ ਕਿ ਉਹ ਆਪਣੀ ਇੱਕ-ਇੱਕ ਮੰਗ ਪੂਰੀ ਹੋਣ ਤੱਕ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਹੋਰ ਆਗੂ ਅਤੇ ਕਾਰਕੁਨ ਮੌਜੂਦ ਸਨ।

 

Leave a Comment