TET ਟੈੱਟ ਵਿਰੁੱਧ DTF ਦਾ ਵੱਡਾ ਐਲਾਨ; 11 ਅਪ੍ਰੈਲ ਨੂੰ ਸੀਐੱਮ ਮਾਨ ਦੀ ਸੰਗਰੂਰ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ ਅਧਿਆਪਕ
ਨਵੀਂ ਸਿੱਖਿਆ ਨੀਤੀ ਵਾਪਿਸ ਲਈ ਜਾਵੇ- DTF
ਐੱਸ ਏ ਐੱਸ ਨਗਰ, 07 ਅਪ੍ਰੈਲ 2026-
ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫੈਸਲੇ ਖਿਲਾਫ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ ਟੈੱਟ ਖਿਲਾਫ ਲੜ ਰਹੀਆਂ ਸੰਘਰਸ਼ੀ ਜਥੇਬੰਦੀਆਂ ਵੱਲੋਂ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ ਲੈਂਦੇ ਹੋਏ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਣ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਟੀ.ਈ.ਟੀ. ਖਿਲਾਫ ਚਲਦੇ ਸੰਘਰਸ਼ ਵਿੱਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿੱਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ. ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ, ਵਿਧਾਨ ਸਭਾ ਵਿੱਚ ਅਧਿਆਪਕਾਂ ਦੇ ਹੱਕ ਵਿੱਚ ਬਿੱਲ ਪਾਸ ਕੀਤਾ ਜਾਵੇਗਾ।
ਪਰ ਇਸਦੇ ਉਲਟ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਅਤੇ ਹਾਈਕੋਰਟ ਵਿੱਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕਰ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਅਧਿਆਪਕਾਂ ਉਪਰ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀ .ਈ .ਟੀ . ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸੰਘਰਸ਼ੀ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਜ਼ਾਰੀ ਰੱਖਣ ਦਾ ਫ਼ੈਸਲਾ ਲਿਆ ਹੈ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵੱਲੋਂ ਵਿਭਾਗੀ ਟੀ .ਈ .ਟੀ . ਦੇ ਖਿਲਾਫ 11 ਅਪ੍ਰੈਲ ਦੇ ਮੁੱਖ ਮੰਤਰੀ ਦੇ ਘਰ ਵੱਲ਼ ਰੋਸ ਮਾਰਚ ਵਿੱਚ ਅਧਿਆਪਕਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਜੇਕਰ ਇਸ ਬੇਲੋੜੇ ਅਤੇ ਜ਼ਬਰੀ ਥੋਪੇ ਟੀ .ਈ .ਟੀ. ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ਉੱਪਰ ਕੋਈ ਖਤਰਾ ਆਉਂਦਾ ਹੈ ਤਾਂ ਜਥੇਬੰਦੀ ਉਸ ਅਧਿਆਪਕ ਦੀ ਜੀਅ-ਜਾਨ ਨਾਲ ਓਹਨਾ ਨਾਲ ਸੰਘਰਸ਼ ਦੇ ਮੈਦਾਨ ਵਿੱਚ ਖੜੇਗੀ, ਉਹਨਾਂ ਅਧਿਆਪਕਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ।
ਉਨਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਮਾਰੂ ਫੈਸਲੇ ਦੇ ਖਿਲਾਫ ਤਿੱਖੇ ਰੂਪ ਵਿੱਚ ਸਾਹਮਣੇ ਆਉਂਦੇ ਹੋਏ ਸੰਘਰਸ਼ਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ, ਸੰਘਰਸ਼ ਹੀ ਇੱਕ ਅਜਿਹਾ ਸਵਾਲੜਾ ਰਾਹ ਹੈ ਜਿਸ ਦੇ ਨਾਲ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਨੂੰ ਮੋੜਾ ਦਿੱਤਾ ਜਾ ਸਕਦਾ ਹੈ।






