ਤਨਖ਼ਾਹਾਂ ‘ਚ 31,000 ਰੁਪਏ ਦੀ ਵੱਡੀ ਕਟੌਤੀ ਤੋਂ ਭੜਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ

 

ਤਨਖ਼ਾਹਾਂ ‘ਚ ਕਟੌਤੀ ਤੋਂ ਭੜਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ

ਵਿਧਾਇਕ ਡਾ. ਸੁੱਖੀ ਨੂੰ ਸੌਂਪਿਆ ਮੰਗ ਪੱਤਰ

ਪੁਲਿਸ ਨਾਲ ਹੱਥੋਪਾਈ ਦੌਰਾਨ ਪੱਗਾਂ ਲੱਥਣ ਦਾ ਮਾਮਲਾ ਗਰਮਾਇਆ; ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ‘ਗੁਪਤ ਐਕਸ਼ਨ’ ਦੀ ਚਿਤਾਵਨੀ

ਨਵਾਂਸ਼ਹਿਰ/ਬੰਗਾ: 03 ਮਾਰਚ 2026 –

ਸਿੱਖਿਆ ਵਿਭਾਗ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾਵਾਂ ਦੇ ਰਹੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 31,000 ਰੁਪਏ ਪ੍ਰਤੀ ਮਹੀਨਾ ਦੀ ਵੱਡੀ ਕਟੌਤੀ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਮੰਗ ਪੱਤਰ ਦਿੱਤਾ ਗਿਆ।

ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਆਪਣੇ ਹੱਕ ਮੰਗਣ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ, ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ‘ਤੇ ਜਲ ਤੋਪਾਂ (Water Cannons) ਦੀ ਵਰਤੋਂ ਕੀਤੀ ਗਈ। ਇਸ ਖਿੱਚ-ਧੂਹ ਅਤੇ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਧਿਕਾਰੀਆਂ ‘ਤੇ ਸਰਕਾਰੀ ਹੁਕਮ ਅਣਗੌਲੇ ਕਰਨ ਦੇ ਦੋਸ਼

ਯੂਨੀਅਨ ਆਗੂ ਜਗਦੀਸ਼ ਰਾਏ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ, 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਤਨਖ਼ਾਹਾਂ ਨਾ ਘਟਾਉਣ ਦੇ ਨਿਰਦੇਸ਼ ਦਿੱਤੇ ਸਨ। ਪਰ ਵਿਭਾਗ ਦੇ ਉੱਚ ਅਧਿਕਾਰੀ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ ਅਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰ ਰਹੇ ਹਨ।

ਮੁਲਾਜ਼ਮਾਂ ਨੇ ਦੱਸਿਆ ਕਿ ਮੋਹਾਲੀ ਸਿੱਖਿਆ ਭਵਨ ਦੇ ਬਾਹਰ ਉਨ੍ਹਾਂ ਦਾ ਪੱਕਾ ਧਰਨਾ ਅਤੇ ‘ਕਲਮ ਛੋੜ ਹੜਤਾਲ’ ਲਗਾਤਾਰ ਜਾਰੀ ਹੈ। ਉਨ੍ਹਾਂ ਮੰਗ ਕੀਤੀ ਕਿ, ਤਨਖ਼ਾਹ ਕਟੌਤੀ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਮੁਲਾਜ਼ਮਾਂ ਨੂੰ 01.04.2018 ਤੋਂ ਰੈਗੂਲਰ ਹੋਣ ਦੇ ਆਰਡਰ ਦਿੱਤੇ ਜਾਣ।

ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫੈਸਲਾ ਨਾ ਲਿਆ, ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ‘ਗੁਪਤ ਐਕਸ਼ਨ’ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਰਣਜੀਤ ਸਿੰਘ, ਚੇਤਨ ਕੁਮਾਰ, ਰਵਿੰਦਰ ਕੁਮਾਰ, ਸੰਦੀਪ ਕੁਮਾਰ, ਵਿਪਿਨ ਮੂਮ , ਮਾਸਟਰ ਰਾਮ ਲਾਲ, ਰਮਨ ਕੁਮਾਰ ਸੀ ਐਚ ਟੀ ਅਤੇ ਹੋਰ ਸਾਥੀ ਮੌਜੂਦ ਸਨ।