Exam Preparation: ਤਨਾਅ ਮੁਕਤ ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ…

 

Exam Preparation: ਤਨਾਅ ਮੁਕਤ ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ…

Exam Preparation: ਪ੍ਰੀਖਿਆ ਦੀ ਤਿਆਰੀ ਲਈ ਠੋਸ ਯੋਜਨਾਬੰਦੀ ਅਤੇ ਸਵੈ ਅਨੁਸ਼ਾਸਨ ਜ਼ਰੂਰੀ 

  • ਡਾ. ਸਤਿੰਦਰ ਸਿੰਘ

Exam Preparation: ਵਿਦਿਆਰਥੀ ਜੀਵਨ ਵਿੱਚ ਪ੍ਰੀਖਿਆ ਦਾ ਮਹੱਤਵਪੂਰਨ ਸਥਾਨ ਹੈ। ਹਰ ਵਿਦਿਆਰਥੀ ਪ੍ਰੀਖਿਆ ਅਤੇ ਪ੍ਰੀਖਿਆ ਦੇ ਨਤੀਜੇ ਸਮੇਂ ਡਰ ਜ਼ਰੂਰ ਮਹਿਸੂਸ ਕਰਦਾ ਹੈ। ਫਰਵਰੀ ਮਹੀਨਾ ਸ਼ੁਰੂ ਹੁੰਦਿਆਂ ਹੀ ਪ੍ਰੀਖਿਆਵਾਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਬਹੁਗਿਣਤੀ ਵਿਦਿਆਰਥੀ ਇਸ ਸਮੇਂ ਅਜਿਹੀਆਂ ਗੱਲਾਂ ਜ਼ਰੂਰ ਕਰਦੇ ਹਨ ਕਿ ਸਾਰਾ ਸਿਲੇਬਸ ਕੀਤਾ ਹੈ, ਯਾਦ ਵੀ ਕੀਤਾ ਹੈ, ਪਰ ਹੁਣ ਭੁੱਲ ਗਿਆ ਹੈ, ਪੜ੍ਹ ਰਿਹਾ ਹਾਂ, ਪਰ ਯਾਦ ਨਹੀਂ ਹੁੰਦਾ, ਨੀਂਦ ਨਹੀਂ ਆਉਂਦੀ, ਘਬਰਾਹਟ ਹੁੰਦੀ ਹੈ, ਪ੍ਰੀਖਿਆ ਵਿੱਚ ਪਤਾ ਨਹੀਂ ਕੀ ਹੋਵੇਗਾ ਅਤੇ ਦਿਮਾਗ ਵਿੱਚ ਅਨੇਕਾਂ ਤਰ੍ਹਾਂ ਦੇ ਪ੍ਰਸ਼ਨ ਅਤੇ ਹਲਚਲ ਪੈਦਾ ਹੋ ਰਹੀ ਹੈ। ਵਿਦਿਆਰਥੀ ਵਰਗ ਨੂੰ ਘਬਰਾਉਣ ਦੀ ਥਾਂ ‘ਤੇ ਅਜਿਹੇ ਪ੍ਰਸ਼ਨਾਂ ਦੇ ਉੱਤਰ ਯੋਗ ਗਾਈਡ ਦੀ ਮੱਦਦ ਨਾਲ ਸਕਾਰਾਤਮਕ ਤਰੀਕੇ ਨਾਲ ਲੈਣੇ ਚਾਹੀਦੇ ਹਨ।

ਅਧਿਆਪਕ ਵਰਗ ਇਸ ਮੌਕੇ ਬਹੁਤ ਵੱਡਾ ਮੱਦਦਗਾਰ ਸਾਬਤ ਹੋ ਸਕਦਾ ਹੈ। ਵਿਦਿਆਰਥੀਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪ੍ਰੀਖਿਆ ਸੰਪੂਰਨ ਸਿੱਖਿਆ ਨਹੀਂ, ਬਲਕਿ ਸਿੱਖਿਆ ਦਾ ਇੱਕ ਛੋਟਾ ਜਿਹਾ ਅੰਗ ਹੈ। ਪ੍ਰੀਖਿਆ ਦੀ ਸਫਲਤਾ ਤੋਂ ਵੱਡੇ ਤੁਸੀਂ ਆਪ ਹੋ। ਇਹ ਤਿੰਨ ਘੰਟੇ ਦੀ ਪ੍ਰੀਖਿਆ ਤੁਹਾਡੀ ਕਾਬਲੀਅਤ ਅਤੇ ਪ੍ਰਤਿਭਾ ਨੂੰ ਨਹੀਂ ਪਰਖ ਸਕਦੀ। ਇਹ ਆਉਣ ਵਾਲੀ ਜ਼ਿੰਦਗੀ ਦੀਆਂ ਵੱਡੀਆਂ ਮੁਸ਼ਕਿਲਾਂ ਨੂੰ ਕਿਵੇਂ ਹੱਲ ਕਰਨਾ ਹੈ ਉਸ ਲਈ ਤਿਆਰ ਕਰਦੀ ਹੈ। ਪ੍ਰੀਖਿਆ ਦੌਰਾਨ ਤਨਾਅ ਲੈਣ ਦੀ ਬਜਾਏ ਪੜ੍ਹਾਈ ਲਈ ਠੋਸ ਯੋਜਨਾ, ਸਿਲੇਬਸ ਦੀ ਵੰਡ, ਸਮਾਂ ਪ੍ਰਬੰਧਨ ਅਤੇ ਆਪਣੇ ਆਪ ‘ਤੇ ਕੰਟਰੋਲ ਰੱਖ ਕੇ ਹਰ ਵੱਡੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਪ੍ਰੀਖਿਆ ਦੌਰਾਨ ਵਿਦਿਆਰਥੀ ਵਰਗ ਵਿੱਚ ਤਨਾਅ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸ ਸਮੱਸਿਆ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਪ੍ਰੀਖਿਆ ਨੂੰ ਤਨਾਅ ਮੁਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਲ 2018 ਤੋਂ ਚੰਗੀ ਪਹਿਲ ਕਰਦਿਆਂ ਹਰ ਸਾਲ ”ਪਰੀਕਸ਼ਾ ਪੇ ਚਰਚਾ” ਪ੍ਰੋਗਰਾਮ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ ਵਿੱਚ ਜੁੜੇ ਵਿਦਿਆਰਥੀਆਂ ਨਾਲ ਚਰਚਾ ਕਰਦੇ ਹਨ ਅਤੇ ਮਹੱਤਵਪੂਰਨ ਸੁਝਾਅ ਵੀ ਦਿੰਦੇ ਹਨ। ਵਿਦਿਆਰਥੀਆਂ ਲਈ ਫਾਇਦੇਮੰਦ ਅਜਿਹੇ ਉਪਰਾਲੇ ਸਕੂਲ ਪੱਧਰ ‘ਤੇ ਸਕੂਲ ਪ੍ਰਬੰਧਕਾਂ ਵੱਲੋਂ ਅਤੇ ਘਰੇਲੂ ਪੱਧਰ ‘ਤੇ ਮਾਪਿਆਂ ਵੱਲੋਂ ਵੀ ਕੀਤੇ ਜਾਣ ਤਾਂ ਇਸ ਦੇ ਸਾਰਥਕ ਨਤੀਜੇ ਨਿਕਲ ਸਕਦੇ ਹਨ।

ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆਵਾਂ ਨਜ਼ਦੀਕ ਆਉਂਦਿਆਂ ਹੀ ਵਿਦਿਆਰਥੀ ਜਿੱਥੇ ਤਨਾਅ ਵਿੱਚ ਰਹਿਣ ਲੱਗਦੇ ਹਨ, ਉੱਥੇ ਘਰ ਦਾ ਸਮੁੱਚਾ ਮਾਹੌਲ ਵੀ ਬੱਚਿਆਂ ਦੀ ਪੜ੍ਹਾਈ ਉੱਪਰ ਕੇਂਦਰਿਤ ਹੋ ਜਾਂਦਾ ਹੈ। ਮਾਤਾ ਪਿਤਾ ਵੀ ਬੱਚੇ ਦੀ ਪੜ੍ਹਾਈ ਨੂੰ ਲੈ ਕੇ ਪ੍ਰੀਖਿਆ ਦੇ ਦਿਨਾਂ ਵਿੱਚ ਚਿੰਤਤ ਦਿਖਾਈ ਦਿੰਦੇ ਹਨ। ਮੌਜੂਦਾ ਸਮੇਂ ਵਿੱਚ ਹਰ ਮਾਂ-ਬਾਪ ਦੀ ਇੱਛਾ ਹੁੰਦੀ ਹੈ ਕਿ ਉਨ੍ਹਾਂ ਦਾ ਬੱਚਾ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਅੰਕ ਲੈ ਕੇ ਪਾਸ ਹੋਵੇ। ਇਸ ਲਈ ਉਹ ਅਕਸਰ ਹੀ ਬੱਚੇ ਉੱਪਰ ਪੜ੍ਹਾਈ ਲਈ ਲੋੜ ਤੋਂ ਵੱਧ ਦਬਾਅ ਬਣਾਉਂਦੇ ਹਨ।

ਸਕੂਲ ਪ੍ਰਬੰਧਕਾਂ ਵੱਲੋਂ ਵੀ ਚੰਗੇ ਨਤੀਜੇ ਦੇਣ ਲਈ ਬੱਚੇ ਉੱਪਰ ਹੀ ਦਬਾਅ ਬਣਾਇਆ ਜਾਂਦਾ ਹੈ ਤਾਂ ਜੋ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਸ਼ਤਿਹਾਰ ਦੀ ਸਮੱਗਰੀ ਬਣਾਇਆ ਜਾ ਸਕੇ। ਸੋਸ਼ਲ ਮੀਡੀਆ ਉੱਪਰ ਪ੍ਰੀਖਿਆ ਵਿੱਚ ਵਧੀਆ ਅੰਕਾਂ ਦੀਆਂ ਪੋਸਟਾਂ ਅਤੇ ਹੁਸ਼ਿਆਰ ਵਿਦਿਆਰਥੀਆਂ ਨਾਲ ਤੁਲਨਾ ਕਰਨ ਵਰਗੇ ਹਾਲਾਤ ਵਿਦਿਆਰਥੀ ਉੱਪਰ ਪ੍ਰੀਖਿਆ ਦੇ ਦਿਨਾਂ ਵਿੱਚ ਤਣਾਅ ਗ੍ਰਸਤ ਮਾਹੌਲ ਪੈਦਾ ਕਰ ਦਿੰਦੇ ਹਨ।

ਜਿਸ ਕਾਰਨ ਵਿਦਿਆਰਥੀ ਸਾਰਥਕ ਨਤੀਜੇ ਨਹੀਂ ਦੇ ਪਾਉਂਦਾ। ਸਿੱਖਿਆ ਦਾ ਵਪਾਰੀਕਰਨ ਵੱਧਣ ਨਾਲ ਹੀ ਪ੍ਰੀਖਿਆ ਵਿੱਚ ਵੱਧ ਅੰਕ ਲੈਣ ਦੀ ਅੰਨ੍ਹੀ ਦੌੜ ਲੱਗ ਗਈ ਹੈ। ਕਿਸੇ ਸਮੇਂ 60 ਪ੍ਰਤੀਸ਼ਤ ਅੰਕ ਅਰਥਾਤ ਫਸਟ ਡਵੀਜ਼ਨ ਨੂੰ ਵੀ ਮਹੱਤਵਪੂਰਨ ਸਮਝਿਆ ਜਾਂਦਾ ਸੀ। ਪ੍ਰੰਤੂ ਅਜੋਕੇ ਯੁੱਗ ਵਿੱਚ 95 ਪ੍ਰਤੀਸ਼ਤ ਅੰਕ ਵੀ ਕਈ ਵਾਰ ਘੱਟ ਜਾਪਦੇ ਹਨ। ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਪ੍ਰੀਖਿਆ ਵਿੱਚ ਪ੍ਰਾਪਤ ਅੰਕ ਹੀ ਨਹੀਂ ਹੈ। ਸਿੱਖਿਆ ਇੱਕ ਵਿਸ਼ਾਲ ਸ਼ਬਦ ਹੈ, ਜੋ ਬੱਚੇ ਨੂੰ ਜੀਵਨ-ਜਾਚ ਸਿਖਾਉਣ ਅਤੇ ਉਸ ਦੇ ਸਰਬਪੱਖੀ ਵਿਕਾਸ ਵਿਚ ਸਹਾਈ ਹੁੰਦੀ ਹੈ।

ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਮੌਜੂਦਾ ਮੁਕਾਬਲੇ ਦੇ ਯੁੱਗ ਵਿੱਚ ਜ਼ਰੂਰਤ ਬਣ ਚੁੱਕਿਆ ਹੈ। ਪ੍ਰੀਖਿਆ ਖਾਸ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਲਈ ਬੋਝ ਬਣਦੀ ਹੈ, ਜਿਹੜੇ ਵਿਦਿਆਰਥੀ ਸਿਰਫ ਪ੍ਰੀਖਿਆ ਦੇ ਨਜ਼ਦੀਕ ਆਉਣ ‘ਤੇ ਹੀ ਪੜ੍ਹਾਈ ਸ਼ੁਰੂ ਕਰਦੇ ਹਨ। ਪੜ੍ਹਾਈ ਨਿਰੰਤਰ ਚੱਲਣ ਵਾਲੀ ਪ੍ਰਕਿਰਿਆ ਹੈ। ਜਿਹੜੇ ਵਿਦਿਆਰਥੀ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਿਲੇਬਸ ਦੀ ਵੰਡ ਸੁਚੱਜੇ ਢੰਗ ਨਾਲ ਕਰ ਕੇ ਨਿਯਮਤ ਰੂਪ ਵਿੱਚ ਹਰ ਵਿਸ਼ੇ ਦੀ ਤਿਆਰੀ ਕਰਦੇ ਹਨ, ਉਨ੍ਹਾਂ ਨੂੰ ਪ੍ਰੀਖਿਆ ਦੇ ਦਿਨਾਂ ਵਿਚ ਬਹੁਤ ਘੱਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਪ੍ਰੀਖਿਆ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਭ ਤੋਂ ਮਹੱਤਵਪੂਰਨ ਨੁਕਤਾ ਹੈ ਕਿ ਵਿਦਿਆਰਥੀ ਪੜ੍ਹਾਈ ਦੀ ਤਿਆਰੀ ਲਈ ਠੋਸ ਯੋਜਨਾਬੰਦੀ ਕਰੇ ਅਤੇ ਸਵੈ ਅਨੁਸ਼ਾਸਨ ਵਿੱਚ ਰਹਿਣ ਦੀ ਆਦਤ ਬਣਾਏ। ਸਭ ਤੋਂ ਪਹਿਲਾਂ ਤਾਂ ਹਰ ਵਿਸ਼ੇ ਦੇ ਸਿਲੇਬਸ ਸਬੰਧੀ ਪੂਰੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਉਸ ਉਪਰੰਤ ਪ੍ਰਸ਼ਨ ਪੱਤਰ ਦਾ ਪੈਟਰਨ, ਚੈਪਟਰ ਅਨੁਸਾਰ ਨੰਬਰਾਂ ਦੀ ਵੰਡ ਅਤੇ ਪਿਛਲੇ ਸਾਲਾਂ ਦੇ ਪ੍ਰਸ਼ਨ-ਪੱਤਰਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰਨ ਨਾਲ ਪ੍ਰੀਖਿਆ ਦੀ ਤਿਆਰੀ ਕਰਨੀ ਆਸਾਨ ਹੋ ਜਾਂਦੀ ਹੈ।

ਪੜ੍ਹਾਈ ਕਰਨ ਦਾ ਸਭ ਤੋਂ ਚੰਗਾ ਤਰੀਕਾ ਹੈ ਕਿ ਜਿਸ ਤਰੀਕੇ ਨਾਲ ਸਕੂਲ ਵਿੱਚ ਟਾਈਮ ਟੇਬਲ ਬਣਾਇਆ ਜਾਂਦਾ ਹੈ, ਉਸੇ ਹੀ ਤਰਜ਼ ‘ਤੇ ਵਿਦਿਆਰਥੀ ਆਪਣਾ ਖੁਦ ਦਾ ਟਾਈਮ ਟੇਬਲ ਘਰ ਵਿੱਚ ਪੜ੍ਹਾਈ ਲਈ ਵੀ ਬਣਾਏ। ਹਰ ਵਿਸ਼ੇ ਲਈ ਠੋਸ ਯੋਜਨਾਬੰਦੀ ਕਰਦੇ ਹੋਏ, ਜ਼ਰੂਰਤ ਅਨੁਸਾਰ ਸਮਾਂ ਨਿਸ਼ਚਿਤ ਕੀਤਾ ਜਾਵੇ, ਸ਼ੁਰੂਆਤ ਥੋੜੇ ਸਮੇਂ ਤੋਂ ਕੀਤੀ ਜਾ ਸਕਦੀ ਹੈ। ਕੀ ਕਰਨਾ ਹੈ, ਕਦੋਂ ਕਰਨਾ ਹੈ ਅਤੇ ਕਿੰਨਾ ਪੜ੍ਹਨਾ ਹੈ ਨਿਸ਼ਚਿਤ ਕੀਤਾ ਜਾਵੇ। ਪੜ੍ਹਾਈ ਦੀ ਯੋਜਨਾ ਬਣਾਉਣ ਉਪਰੰਤ ਉਸ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਯਤਨ ਕੀਤੇ ਜਾਣ, ਖੁਦ ‘ਤੇ ਵਿਸ਼ਵਾਸ ਕਰੋ, ਜਿਹੜੀਆਂ ਚੀਜ਼ਾਂ ਜਾਂ ਗਤੀਵਿਧੀਆਂ ਪੜ੍ਹਾਈ ਵਿੱਚ ਰੁਕਾਵਟ ਬਣਦੀਆਂ ਹਨ, ਉਹਨਾਂ ਤੋਂ ਦੂਰ ਰਿਹਾ ਜਾਵੇ।

ਪੜ੍ਹਾਈ ਸਬੰਧੀ ਕੀਤੀ ਯੋਜਨਾ ਦਾ ਕੁਝ ਦਿਨ ਬਾਅਦ ਕੰਟਰੋਲ ਪ੍ਰਕਿਰਿਆ ਤਹਿਤ ਵਿਸ਼ਲੇਸ਼ਣ ਜ਼ਰੂਰ ਕੀਤਾ ਜਾਵੇ। ਕੀਤੇ ਹੋਏ ਕੰਮ ਦੀ, ਪਹਿਲਾਂ ਨਿਸ਼ਚਿਤ ਕੀਤੇ ਟਾਰਗੈੱਟ ਨਾਲ ਤੁਲਨਾ ਕੀਤੀ ਜਾਵੇ। ਜੇ ਪੜ੍ਹਾਈ ਯੋਜਨਾ ਅਨੁਸਾਰ ਚੱਲ ਰਹੀ ਹੈ, ਤਾਂ ਖੁਦ ਨੂੰ ਸ਼ਾਬਾਸ਼ ਜ਼ਰੂਰ ਦਿਓ। ਲੇਕਿਨ ਜੇ ਮਿੱਥੇ ਟੀਚੇ ਅਨੁਸਾਰ ਸਿਲੇਬਸ ਪੂਰਾ ਨਹੀਂ ਹੋਇਆ ਤਾਂ ਉਨ੍ਹਾਂ ਕਾਰਨਾਂ ਦਾ ਪਤਾ ਲਗਾਇਆ ਜਾਵੇ, ਜਿਹੜੇ ਪੜ੍ਹਾਈ ਵਿਚ ਰੁਕਾਵਟ ਬਣੇ ਹਨ। ਫਿਰ ਉਨ੍ਹਾਂ ਕਾਰਨਾਂ ਨੂੰ ਦੂਰ ਕਰਨ ਲਈ ਯਤਨ ਕੀਤੇ ਜਾਣ। ਇਸ ਤਰੀਕੇ ਨਾਲ ਪੜ੍ਹਾਈ ਕਰਨ ਦੀ ਬਦੌਲਤ ਮੇਰੇ ਅਨੇਕਾਂ ਹੀ ਵਿਦਿਆਰਥੀ ਸਫ਼ਲਤਾ ਦੀਆਂ ਮੰਜ਼ਿਲਾਂ ਸਰ ਕਰ ਚੁੱਕੇ ਹਨ।

ਸਿੱਖਿਆ ਸਬੰਧੀ ਇੱਕ ਕਹਾਵਤ ਹੈ ਕਿ “ਸਿੱਖਿਆ ਲਈ ਚੰਗਾ ਵਾਤਾਵਰਨ ਬਣਾਓ, ਬਾਕੀ ਕੰਮ ਵਾਤਾਵਰਨ ਖੁਦ ਹੀ ਕਰ ਦੇਵੇਗਾ” ਇਸ ਲਈ ਪੜ੍ਹਾਈ ਹਮੇਸ਼ਾ ਸ਼ਾਂਤ, ਸਥਿਰ ਅਤੇ ਸੁਚੱਜੇ ਮਾਹੌਲ ਵਿੱਚ ਕਰਨੀ ਚਾਹੀਦੀ ਹੈ। ਇਸ ਦੇ ਹਮੇਸ਼ਾ ਹੀ ਸਾਰਥਕ ਨਤੀਜੇ ਨਿਕਲਦੇ ਹਨ। ਪੜ੍ਹਾਈ ਕਰਦੇ ਸਮੇਂ ਟੀ. ਵੀ., ਕੰਪਿਊਟਰ, ਇੰਟਰਨੈੱਟ, ਸੋਸ਼ਲ ਮੀਡੀਆ ਅਤੇ ਮੋਬਾਈਲ ਫੋਨ ਆਦਿ ਤੋਂ ਦੂਰੀ ਬਣਾਉਣੀ ਬੇਹੱਦ ਜ਼ਰੂਰੀ ਹੈ। ਪ੍ਰੀਖਿਆ ਦੀ ਤਿਆਰੀ ਕਰਦੇ ਸਮੇਂ ਇੰਟਰਨੈੱਟ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਸਿਰਫ਼ ਪੜ੍ਹਾਈ ਨਾਲ ਸਬੰਧਤ ਜਾਣਕਾਰੀ ਲੈਣ ਲਈ ਹੀ ਕੀਤੀ ਜਾਵੇ। ਪੜ੍ਹਾਈ ਲਈ ਇਕਾਗਰਤਾ ਦਾ ਹੋਣਾ ਵੀ ਬੇਹੱਦ ਜ਼ਰੂਰੀ ਹੈ। ਪੂਰਾ ਦਿਨ ਕਿਤਾਬ ਲੈ ਕੇ ਬੈਠਣ ਨਾਲੋਂ ਥੋੜ੍ਹਾ ਸਮਾਂ ਮਨ ਲਗਾ ਕੇ ਪੜ੍ਹਨਾ ਜ਼ਿਆਦਾ ਲਾਹੇਵੰਦ ਸਾਬਿਤ ਹੁੰਦਾ ਹੈ।

ਪ੍ਰੀਖਿਆ ਲਈ ਸਕਾਰਾਤਮਕ ਤਣਾਅ ਜਾਂ ਥੋੜ੍ਹਾ ਜਿਹਾ ਡਰ ਵੀ ਜ਼ਰੂਰ ਹੋਣਾ ਚਾਹੀਦਾ ਹੈ, ਇਸ ਨਾਲ ਹੀ ਤਾਂ ਹੋਰ ਬਿਹਤਰ ਕਰਨ ਦੀ ਪ੍ਰੇਰਨਾ ਮਿਲਦੀ ਹੈ। ਪ੍ਰੰਤੂ ਨਕਾਰਾਤਮਕ ਤਣਾਅ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਪ੍ਰੀਖਿਆ ਦੇ ਨਜ਼ਦੀਕ ਵਿਦਿਆਰਥੀਆਂ ਨੂੰ ਸੋਚ ਦਾ ਦਾਇਰਾ ਵਰਤਮਾਨ ਤੱਕ ਹੀ ਸੀਮਤ ਰੱਖਣਾ ਚਾਹੀਦਾ ਹੈ। ਇਸ ਸਮੇਂ ਭੂਤਕਾਲ ਦੀਆਂ ਨਾਕਾਮਯਾਬੀਆਂ ਅਤੇ ਭਵਿੱਖ ਨੂੰ ਲੈ ਕੇ ਚਿੰਤਤ ਹੋਣਾ ਨੁਕਸਾਨਦੇਹ ਸਾਬਿਤ ਹੁੰਦਾ ਹੈ।

ਪ੍ਰੀਖਿਆਵਾਂ ਦੇ ਦੌਰਾਨ ਨਕਾਰਾਤਮਕ ਵਿਚਾਰ ਅਤੇ ਨਕਾਰਾਤਮਕ ਸੋਚ ਵਾਲੇ ਲੋਕਾਂ ਤੋਂ ਦੂਰੀ ਬਣਾ ਲੈਣੀ ਚਾਹੀਦੀ ਹੈ। ਪ੍ਰੀਖਿਆ ਦੀ ਤਿਆਰੀ ਸਬੰਧੀ ਚਰਚਾ ਸਿਰਫ਼ ਸੀਮਤ ਲੋਕਾਂ ਨਾਲ ਹੀ ਕਰਨੀ ਚਾਹੀਦੀ ਹੈ, ਜ਼ਿਆਦਾ ਚਰਚਾ ਵੀ ਹਾਨੀਕਾਰਕ ਹੈ। ਪੜ੍ਹਾਈ ਨਾਲ ਸਬੰਧਤ ਸ਼ੰਕੇ ਜਲਦ ਤੋਂ ਜਲਦ ਦੂਰ ਕਰ ਲੈਣੇ ਚਾਹੀਦੇ ਹਨ।

ਇਸ ਤੋਂ ਇਲਾਵਾ ਉੱਚਿਤ ਨੀਂਦ, ਸੰਤੁਲਿਤ ਖ਼ੁਰਾਕ, ਥੋੜ੍ਹੇ ਸਮੇਂ ਲਈ ਸਰੀਰਕ ਕਸਰਤ ਜਾਂ ਸੈਰ ਅਤੇ ਕੁਝ ਸਮੇਂ ਲਈ ਰੁਚੀ ਅਨੁਸਾਰ ਕੀਤੀਆਂ ਗਈਆਂ ਮਨੋਰੰਜਨਦਾਇਕ ਗਤੀਵਿਧੀਆਂ ਵਿਦਿਆਰਥੀ ਨੂੰ ਤਰੋਤਾਜ਼ਾ ਰੱਖਦੀਆਂ ਹਨ ਅਤੇ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਦੇਣ ਲਈ ਸਹਾਈ ਹੁੰਦੀਆਂ ਹਨ। ਪ੍ਰੀਖਿਆ ਆਪਣੇ ਆਪ ਦੀ ਕਾਬਲੀਅਤ ਅਤੇ ਮਿਹਨਤ ਨੂੰ ਜਾਨਣ ਦਾ ਇੱਕ ਮੌਕਾ ਹੈ, ਇਹ ਚੁਣੌਤੀ ਨਹੀਂ ਬਲਕਿ ਇੱਕ ਅਵਸਰ ਹੈ।

ਡਾ. ਸਤਿੰਦਰ ਸਿੰਘ
ਸਟੇਟ ਅਤੇ ਨੈਸ਼ਨਲ ਅਵਾਰਡੀ
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ
ਫਿਰੋਜ਼ਪੁਰ
9815427554


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ