ਵਿੱਤ ਮੰਤਰੀ ਹਰਪਾਲ ਚੀਮਾ ਅਸਤੀਫ਼ਾ ਦੇਣ; ਕਾਂਗਰਸ ਨੇ ਗੁਲਜ਼ਾਰ ਸਿੰਘ ਮਾਮਲੇ ‘ਚ ਕਰ’ਤਾ ਵੱਡਾ ਐਲਾਨ!
ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਕਾਂਗਰਸ ਦਾ ਐਲਾਨ, 15 ਸਤੰਬਰ ਨੂੰ ਚੰਡੀਗੜ੍ਹ ’ਚ ਕੱਢੇਗੀ ਰੋਸ ਮਾਰਚ
ਚੰਡੀਗੜ੍ਹ, 12 ਸਤੰਬਰ 2026
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਐਲਾਨ ਕੀਤਾ ਹੈ ਕਿ ਸਵਰਗੀ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਚੀਮਾ ਦੀ ਸਰਕਾਰੀ ਰਿਹਾਇਸ਼ ਵੱਲ ਕੀਤਾ ਜਾਵੇਗਾ। ਪਾਰਟੀ ਦੇ ਕਈ ਪ੍ਰਮੁੱਖ ਆਗੂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।
ਸਚਿਨ ਪਾਇਲਟ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾਮਲੇ ਸਬੰਧੀ ਮੰਤਰੀ ਹਰਪਾਲ ਚੀਮਾ ਤੋਂ ਸਵਾਲ ਪੁੱਛਣ ਦੀ ਹਿੰਮਤ ਕੀਤੀ ਸੀ। ਕਾਂਗਰਸ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਗੁਲਜ਼ਾਰ ਸਿੰਘ ’ਤੇ ਕਥਿਤ ਤੌਰ ’ਤੇ ਦਬਾਅ ਬਣਾਇਆ ਗਿਆ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਪਰਿਵਾਰ ਅਤੇ ਕਾਂਗਰਸ ਆਗੂਆਂ ਅਨੁਸਾਰ, ਇਸ ਤੋਂ ਤੰਗ ਆ ਕੇ ਗੁਲਜ਼ਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਕਾਂਗਰਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਵੱਲੋਂ ਰਿਕਾਰਡ ਕੀਤੀ ਗਈ ਆਖਰੀ ਵੀਡੀਓ ਵਿੱਚ ਮੰਤਰੀ ਹਰਪਾਲ ਚੀਮਾ ਦਾ ਨਾਂ ਲਿਆ ਗਿਆ ਹੈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਸੁਤੰਤਰ ਜਾਂਚ ਹੋਣੀ ਅਜੇ ਬਾਕੀ ਹੈ।
ਇਸੇ ਦੌਰਾਨ ਪੀੜਤ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਦੌਰਾਨ ਮ੍ਰਿਤਕ ਨੂੰ ਬਣਦਾ ਮਾਣ-ਸਤਿਕਾਰ ਨਾ ਮਿਲਣ ਦੇ ਵੀ ਦੋਸ਼ ਲਾਏ ਗਏ ਹਨ। ਕਾਂਗਰਸ ਨੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਹਰਪਾਲ ਚੀਮਾ ਨੂੰ ਤੁਰੰਤ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਕਿਹਾ ਕਿ ਜਾਂਚ ਰਾਹੀਂ ਪੂਰੇ ਘਟਨਾਕ੍ਰਮ ਦੀ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।
















