ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਪਹਿਲੀ ਜਿੱਤ; ਵਾਪਸ ਹੋਰ ਕਾਰਨ ਦੱਸੋ ਨੋਟਿਸ!
DA ਮਾਮਲੇ ’ਚ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਵਾਪਸ ਲਏ ਕਾਰਨ ਦੱਸੋ ਨੋਟਿਸ
ਚੰਡੀਗੜ੍ਹ, 10 ਸਤੰਬਰ 2026:
ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਡੀਏ (ਮਹਿੰਗਾਈ ਭੱਤਾ) ਦੇ ਮੁੱਦੇ ਨੂੰ ਲੈ ਕੇ ਕੀਤੀ ਗਈ ਸਮੂਹਕ ਹੜਤਾਲ ਦੌਰਾਨ ਗੈਰ-ਹਾਜ਼ਰ ਰਹਿਣ ਜਾਂ ਛੁੱਟੀ ਲੈਣ ਵਾਲੇ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ (Show Cause Notices) ਵਾਪਸ ਲੈ ਲਏ ਹਨ।

ਸਰਕਾਰ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਮਿਲੀ ਹੈ, ਜਿਨ੍ਹਾਂ ਖ਼ਿਲਾਫ਼ ਹੜਤਾਲ ਵਿੱਚ ਸ਼ਾਮਲ ਹੋਣ ਜਾਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਸਬੰਧ ਵਿੱਚ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਡੀਏ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਸਮੂਹਕ ਹੜਤਾਲ ਕੀਤੀ ਗਈ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਰਮਚਾਰੀ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਨ ਜਾਂ ਉਨ੍ਹਾਂ ਨੇ ਛੁੱਟੀ ਲੈ ਕੇ ਹੜਤਾਲ ਦਾ ਸਮਰਥਨ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਜਿਹੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਗੈਰ-ਹਾਜ਼ਰੀ ਜਾਂ ਛੁੱਟੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ।
ਸਰਕਾਰ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵਿੱਚ ਵੀ ਚਰਚਾ ਤੇ ਰੋਸ ਦੇਖਣ ਨੂੰ ਮਿਲਿਆ ਸੀ। ਮੁਲਾਜ਼ਮ ਆਗੂ ਲਗਾਤਾਰ ਸਰਕਾਰ ਕੋਲ ਇਹ ਮਾਮਲਾ ਉਠਾਉਂਦੇ ਰਹੇ ਅਤੇ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਸਰਕਾਰ ਨੇ ਇਨ੍ਹਾਂ ਕਾਰਨ ਦੱਸੋ ਨੋਟਿਸਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ।
ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਤਣਾਅ ਘਟਾਉਣ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਨੋਟਿਸ ਵਾਪਸ ਲਏ ਜਾਣ ਨਾਲ ਉਨ੍ਹਾਂ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਕਾਰਨ ਵਿਭਾਗੀ ਕਾਰਵਾਈ ਦਾ ਸਾਹਮਣਾ ਕਰਨ ਦਾ ਖ਼ਦਸ਼ਾ ਸੀ।
ਹਾਲਾਂਕਿ, ਡੀਏ ਨਾਲ ਜੁੜੀਆਂ ਮੁਲਾਜ਼ਮਾਂ ਦੀਆਂ ਹੋਰ ਮੰਗਾਂ ’ਤੇ ਸਰਕਾਰ ਦਾ ਅਗਲਾ ਰੁਖ ਕੀ ਹੋਵੇਗਾ, ਇਸ ਨੂੰ ਲੈ ਕੇ ਹੁਣ ਮੁਲਾਜ਼ਮ ਜਥੇਬੰਦੀਆਂ ਦੀ ਨਜ਼ਰ ਸਰਕਾਰ ਦੇ ਅਗਲੇ ਫ਼ੈਸਲਿਆਂ ’ਤੇ ਰਹੇਗੀ।
















